ਮਹੇਸ਼ਇੰਦਰ ਸਿੰਘ ਗਰੇਵਾਲ ਨੇ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਧਾਉਣ ਦੀ ਵੀ ਕੀਤੀ ਨਿਖੇਧੀ
ਲੁਧਿਆਣਾ, 5 ਸਤੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ 7 ਕਿਲੋਵਾਟ ਲੋਡ ਤੱਕ ਵਾਲੇ ਘਰੇਲੂ ਖਪਤਕਾਰਾਂ ਲਈ ਬਿਜਲੀ ਸਬਸਿਡੀ ਖਤਮ ਕਰਨ ਦੀ ਨਿਖੇਧੀ ਕੀਤੀ ਹੈ।
ਪਾਰਟੀ ਨੇ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਧਾਉਣ ਦੇ ਸੂਬਾ ਕੈਬਨਿਟ ਦੇ ਫੈਸਲੇ ਦੀ ਵੀ ਨਿਖੇਧੀ ਕੀਤੀ ਹੈ ਤੇ ਜ਼ੋਰ ਦੇ ਕੇ ਕਿਹਾ ਹੈ ਕਿ ਆਮ ਆਦਮੀ ਨੂੰ ਇਸ ਸਰਕਾਰ ਤੋਂ ਦੂਹਰੀ ਮਾਰ ਪਈ ਹੈ ਜੋ ਆਮ ਆਦਮੀ ਦੇ ਹਿੱਤਾਂ ਲਈ ਕੰਮ ਕਰਨ ਦੇ ਦਾਅਵੇ ਕਰਦੀ ਸੀ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਕੈਬਨਿਟ ਨੇ ਅੱਜ 7 ਕਿਲੋਵਾਟ ਤੱਕ ਲੋਡ ਵਾਲੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਮਿਲਦੀ 3 ਰੁਪਏ ਪ੍ਰਤੀ ਯੂਨਿਟ ਦੀ ਬਿਜਲੀ ਸਬਸਿਡੀ ਖਤਮ ਕਰਨ ਦਾ ਫੈਸਲਾ ਲਿਆ ਹੈ। ਉਹਨਾਂ ਕਿਹਾ ਕਿ ਅਜਿਹੇ ਖਪਤਕਾਰਾਂ ਤੋਂ ਪਹਿਲਾਂ 8 ਰੁਪਏ ਦੀ ਥਾਂ 5 ਰੁਪਏ ਪ੍ਰਤੀ ਯੂਨਿਟ ਬਿਜਲੀ ਬਿੱਲ ਲਿਆ ਜਾ ਰਿਹਾ ਸੀ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਨਾਲ ਆਪ ਸਰਕਾਰ ਨੇ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਇਸ ਫੈਸਲੇ ਦੇ ਨਤੀਜੇ ਵਜੋਂ ਸੂਬੇ ਵਿਚ ਬਹੁ ਗਿਣਤੀ ਘਰੇਲੂ ਬਿਜਲੀ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ ਕਾਫੀ ਵਾਧਾ ਹੋ ਜਾਵੇਗਾ। .
ਅਕਾਲੀ ਆਗੂ ਨੇ ਕਿਹਾ ਕਿ ਆਪ ਸਰਕਾਰ ਨੇ ਪੈਟਰੋਲ ਤੇ ਡੀਜ਼ਲ ’ਤੇ ਵੈਟ ਅੱਧਾ ਕਰਨ ਦੇ ਆਪਣੇ ਵਾਅਦੇ ਤੋਂ ਵੀ ਟਾਲਾ ਵੱਟ ਲਿਆ ਹੈ ਅਤੇ ਉਲਟਾ ਪੈਟਰੋਲ ’ਤੇ 61 ਪੈਸੇ ਤੇ ਡੀਜ਼ਲ ’ਤੇ 92 ਪੈਸੇ ਪ੍ਰਤੀ ਲੀਟਰ ਵੈਟ ਵਧਾ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਨਾਲ ਨਾ ਸਿਰਫ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਵਾਧਾ ਹੋਵੇਗਾ ਬਲਕਿ ਇਸਦਾ ਖੇਤੀਬਾੜੀ ਖੇਤਰ ਵਾਸਤੇ ਬਹੁਤ ਮਾਰੂ ਅਸਰ ਪਵੇਗਾ।
ਸਰਦਾਰ ਗਰੇਵਾਲ ਨੇ ਮੰਗ ਕੀਤੀ ਕਿ ਇਹ ਦੋਵੇਂ ਲੋਕ ਵਿਰੋਧੀ ਫੈਸਲੇ ਤੁਰੰਤ ਵਾਪਸ ਲਏ ਜਾਣ। ਉਹਨਾਂ ਕਿਹਾ ਕਿ ਆਪ ਸਰਕਾਰ ਵੱਲੋਂ ਕੀਤੇ ਜਾ ਰਹੇ ਫਜ਼ੂਲ ਖਰਚ ਦਾ ਬੋਝ ਪੰਜਾਬੀਆਂ ਦੇ ਸਿਰ ਨਹੀਂ ਪੈਣਾ ਚਾਹੀਦਾ। ਉਹਨਾਂ ਕਿਹਾ ਕਿ ਆਪ ਸਰਕਾਰ ਇਸ਼ਤਿਹਾਰਬਾਜ਼ੀ ਅਤੇ ਇਵੈਂਟ ਮੈਨੇਜਮੈਂਟ ਤੋਂ ਇਲਾਵਾ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੋਰ ਰਾਜਾਂ ਵਿਚ ਪ੍ਰਚਾਰ ਵਾਸਤੇ ਜਾਣ ਲਈ ਸਪੈਸ਼ਲ ਜੈਟ ਕਿਰਾਏ ’ਤੇ ਲੈਣ ’ਤੇ ਕਰੋੜਾਂ ਰੁਪਏ ਬਰਬਾਦ ਕਰ ਰਹੀ ਹੈ।