ਅਯੁੱਧਿਆ, 5 ਅਪ੍ਰੈਲ 2024 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਆਪਣੇ ਪਰਿਵਾਰ ਸਮੇਤ ਅਯੁੱਧਿਆ ਪੁੱਜੇ, ਜਿੱਥੇ ਉਨ੍ਹਾਂ ਭਗਵਾਨ ਰਾਮਲਲਾ ਦੇ ਦਰਸ਼ਨ ਕੀਤੇ। ਇਸ ਦੌਰਾਨ ਮੰਦਰ ‘ਚ ਪੂਜਾ ਕਰਨ ਤੋਂ ਬਾਅਦ ਚੰਨੀ ਨੇ ਉੱਥੇ ਆਪਣੀ ਤਸਵੀਰ ਵੀ ਕਲਿੱਕ ਕਰਵਾਈ, ਜਿਸ ‘ਚ ਉਨ੍ਹਾਂ ਦੀ ਪਤਨੀ ਵੀ ਨਜ਼ਰ ਆ ਰਹੀ ਹੈ।
ਅਯੁੱਧਿਆ ਮੰਦਰ ‘ਚ ਰਾਮਲਲਾ ਦੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਸ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀ ਅਤੇ ਲਿਖਿਆ ਕਿ ਉਨ੍ਹਾਂ ਨੇ ਅਯੁੱਧਿਆ ਦੇ ਸ਼੍ਰੀ ਰਾਮ ਮੰਦਰ ‘ਚ ਭਗਵਾਨ ਰਾਮ ਦੇ ਦਰਸ਼ਨ ਕੀਤੇ ਸਨ। ਦੱਸ ਦੇਈਏ ਕਿ ਹਾਲ ਹੀ ‘ਚ ਵਿਦੇਸ਼ ਤੋਂ ਪਰਤੇ ਚੰਨੀ ਲੋਕ ਸਭਾ ਚੋਣ ਲੜਨ ਦੀ ਤਿਆਰੀ ‘ਚ ਵੀ ਲੱਗੇ ਹੋਏ ਹਨ। ਉਨ੍ਹਾਂ ਨੂੰ ਕਾਂਗਰਸ ਪਾਰਟੀ ਪੰਜਾਬ ਦੀ ਫਤਿਹਗੜ੍ਹ ਸਾਹਿਬ ਸੀਟ ਤੋਂ ਲੋਕ ਸਭਾ ਚੋਣਾਂ ਲੜਾਉਣ ਦੀ ਯੋਜਨਾ ਬਣਾ ਰਹੀ ਹੈ।
ਦੱਸ ਦੇਈਏ ਕਿ ਪਿਛਲੇ ਮਹੀਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਉਸ ਸਮੇਂ ਸੁਰਖੀਆਂ ‘ਚ ਆਇਆ ਸੀ ਜਦੋਂ ਉਨ੍ਹਾਂ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਹਾਲਾਂਕਿ ਉਸ ਨੂੰ ਫੋਨ ‘ਤੇ ਧਮਕੀਆਂ ਦੇਣ ਅਤੇ 2 ਕਰੋੜ ਰੁਪਏ ਦੀ ਮੰਗ ਕਰਨ ਵਾਲੇ ਦੋਸ਼ੀ ਨੂੰ ਪੰਜਾਬ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।