ਮਈ ਮਹੀਨੇ ਦੇ 15 ਦਿਨ ਬੀਤ ਚੁੱਕੇ ਹਨ ਅਤੇ ਇਸ ਸਮੇਂ ਦੇਸ਼ ਦੇ ਜ਼ਿਆਦਾਤਰ ਇਲਾਕਿਆਂ ‘ਚ ਕੜਾਕੇ ਦੀ ਗਰਮੀ ਪੈ ਰਹੀ ਹੈ। ਮੌਸਮ ਵਿਭਾਗ (IMD) ਅਨੁਸਾਰ ਪੰਜਾਬ, ਹਰਿਆਣਾ, ਪੱਛਮੀ ਰਾਜਸਥਾਨ, ਗੁਜਰਾਤ ਅਤੇ ਗੋਆ ਵਿੱਚ 16 ਮਈ ਨੂੰ ਗਰਮੀ ਦਾ ਕਹਿਰ ਜਾਰੀ ਰਹੇਗਾ। ਇਸ ਦੇ ਨਾਲ ਹੀ ਤਾਮਿਲਨਾਡੂ ਅਤੇ ਪੁਡੂਚੇਰੀ ‘ਚ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕਰਨਾਟਕ ‘ਚ 50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੂਫਾਨ ਅਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਦਿੱਲੀ ਦਾ ਮਾਹੌਲ
ਇਸ ਗਰਮੀ ਦੇ ਮੌਸਮ ‘ਚ ਪਹਿਲੀ ਵਾਰ 18 ਮਈ ਨੂੰ ਦਿੱਲੀ ‘ਚ ਹੀਟ ਵੇਵ ਆਉਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਇਸ ਹਫਤੇ ਦਿੱਲੀ ‘ਚ ਦਿਨ ਦਾ ਤਾਪਮਾਨ 45 ਡਿਗਰੀ ਤੱਕ ਪਹੁੰਚ ਸਕਦਾ ਹੈ। ਦਿੱਲੀ ‘ਚ ਤੇਜ਼ ਹਵਾਵਾਂ ਚੱਲਦੀਆਂ ਰਹਿਣਗੀਆਂ। ਆਈਐਮਡੀ ਅਨੁਸਾਰ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 43 ਤੋਂ 45 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 24 ਤੋਂ 26 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਤੱਟਵਰਤੀ ਕਰਨਾਟਕ, ਅੰਦਰੂਨੀ ਤਾਮਿਲਨਾਡੂ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੱਖਣੀ ਛੱਤੀਸਗੜ੍ਹ, ਤਾਮਿਲਨਾਡੂ, ਅੰਦਰੂਨੀ ਕਰਨਾਟਕ, ਦੱਖਣੀ ਮੱਧ ਮਹਾਰਾਸ਼ਟਰ, ਮਰਾਠਵਾੜਾ, ਸਿੱਕਮ, ਅਰੁਣਾਚਲ ਪ੍ਰਦੇਸ਼, ਲਕਸ਼ਦੀਪ ਅਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਦੱਸ ਦਈਏ ਕਿ ਤਾਮਿਲਨਾਡੂ ਦੇ ਕਈ ਇਲਾਕਿਆਂ ‘ਚ ਕੱਲ੍ਹ ਹੋਈ ਤੇਜ਼ ਬਾਰਿਸ਼ ਕਾਰਨ ਸ਼ਹਿਰ ਦੇ ਕਈ ਇਲਾਕੇ ਪਾਣੀ ‘ਚ ਡੁੱਬ ਗਏ ਹਨ।