ਦਿੱਲੀ ‘ਚ ‘ਆਪ’ ਵਿਧਾਇਕ ਦਲ ਦੀ ਨੇਤਾ ਆਤਿਸ਼ੀ ਨੇ ਸ਼ਨੀਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜ ਭਵਨ ‘ਚ ਆਯੋਜਿਤ ਸਮਾਰੋਹ ‘ਚ ਉਪ ਰਾਜਪਾਲ ਵੀਕੇ ਸਕਸੈਨਾ ਨੇ ਆਤਿਸ਼ੀ ਦੇ ਨਾਲ-ਨਾਲ 5 ਮੰਤਰੀਆਂ ਨੂੰ ਸਹੁੰ ਚੁਕਾਈ। ਮੰਤਰੀ ਵਜੋਂ ਸਹੁੰ ਚੁੱਕਣ ਵਾਲਿਆਂ ਵਿੱਚ ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਗੋਪਾਲ ਰਾਏ, ਇਮਰਾਨ ਹੁਸੈਨ ਅਤੇ ਮੁਕੇਸ਼ ਅਹਲਾਵਤ ਸ਼ਾਮਲ ਹਨ। ਇਸ ਦੇ ਨਾਲ ਹੀ ਆਤਿਸ਼ੀ ਦਿੱਲੀ ਦੀ ਸਭ ਤੋਂ ਛੋਟੀ ਉਮਰ ਦੀ ਮੁੱਖ ਮੰਤਰੀ ਵੀ ਬਣ ਗਈ ਹੈ। ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਹੈ। ਸਹੁੰ ਚੁੱਕਣ ਤੋਂ ਬਾਅਦ ਆਤਿਸ਼ੀ ਨੇ ਅਰਵਿੰਦ ਕੇਜਰੀਵਾਲ ਦੇ ਪੈਰ ਛੂਹੇ। ਸਹੁੰ ਚੁੱਕ ਸਮਾਗਮ ਦੌਰਾਨ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਮੌਜੂਦ ਸਨ। ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਆਤਿਸ਼ੀ ਨੂੰ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ। ਇਸ ਤੋਂ ਪਹਿਲਾਂ ਕਾਲਕਾਜੀ ਸੀਟ ਤੋਂ ਵਿਧਾਇਕ ਆਤਿਸ਼ੀ ਦਿੱਲੀ ਸਰਕਾਰ ਵਿੱਚ ਕਈ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਸੰਭਾਲ ਚੁੱਕੇ ਹਨ।