ਚੰਡੀਗੜ੍ਹ, 3 ਸਤੰਬਰ : ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਆਪ’ ਸਰਕਾਰ ਖਿਲਾਫ ਪੰਜਾਬ-ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਹਨ੍ਹਾਂ ਵੱਲੋਂ ਦਾਇਰ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੀ 20 ਸਤੰਬਰ ਤੱਕ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ। ਇਹ ਪਟੀਸ਼ਨ ਮੁਕਤਸਰ ਅਤੇ ਗਿੱਦੜਬਾਹਾ ਸਬੰਧੀ ਦਾਇਰ ਕੀਤੀ ਗਈ ਹੈ।
ਰਾਜਾ ਵੜਿੰਗ ਨੇ ਆਪਣੀ ਪਟੀਸ਼ਨ ਵਿੱਚ ਮੁਕਤਸਰ ਅਤੇ ਗਿੱਦੜਬਾਹਾ ਵਿੱਚ ਸੀਵਰੇਜ ਦੇ ਪਾਣੀ ਦੇ ਓਵਰਫਲੋਅ ਹੋਣ ਦੀ ਸਮੱਸਿਆ ਨੂੰ ਉਠਾਉਂਦਿਆਂ ਇਸ ਦੇ ਹੱਲ ਦੀ ਮੰਗ ਕੀਤੀ ਹੈ। ਪਟੀਸ਼ਨ ‘ਚ ਹਾਈਕੋਰਟ ਨੂੰ ਦੱਸਿਆ ਗਿਆ ਕਿ ਇਸ ਵਾਰ ਬਰਸਾਤ ਦੇ ਮੌਸਮ ‘ਚ ਪੂਰੇ ਮੁਕਤਸਰ ਅਤੇ ਗਿੱਦੜਬਾਹਾ ‘ਚ ਸੀਵਰੇਜ ਦਾ ਪਾਣੀ ਓਵਰਫਲੋਅ ਹੋਣ ਕਾਰਨ ਇੱਥੋਂ ਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੀਵਰੇਜ ਦਾ ਪਾਣੀ ਓਵਰਫਲੋ ਹੋ ਕੇ ਲੋਕਾਂ ਦੇ ਘਰਾਂ ਵਿੱਚ ਦਾਖਲ ਹੋ ਰਿਹਾ ਹੈ ਅਤੇ ਸਥਾਨਕ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ ਹੈ। ਇਸ ਕਾਰਨ ਇੱਥੋਂ ਦੇ ਲੋਕ ਗੰਦੇ ਪਾਣੀ ਵਿੱਚ ਰਹਿਣ ਲਈ ਮਜਬੂਰ ਹਨ। ਪਟੀਸ਼ਨਰ ਵੱਲੋਂ ਮੁਕਤਸਰ ਅਤੇ ਗਿੱਦੜਬਾਹਾ ਦੀਆਂ ਤਸਵੀਰਾਂ ਵੀ ਹਾਈ ਕੋਰਟ ਵਿੱਚ ਪੇਸ਼ ਕੀਤੀਆਂ ਗਈਆਂ ਸਨ। ਜਿਸ ਤੋਂ ਬਾਅਦ ਅਦਾਲਤ ਵੀ ਸਥਿਤੀ ਨੂੰ ਦੇਖ ਕੇ ਹੈਰਾਨ ਰਹਿ ਗਈ। ਅਦਾਲਤ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਜੇਕਰ ਸ਼ਹਿਰਾਂ ਦਾ ਇਹ ਹਾਲ ਹੈ ਤਾਂ ਪਿੰਡਾਂ ਦਾ ਕੀ ਹਾਲ ਹੋਵੇਗਾ।
ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਨੇ ਇਸ ਪਟੀਸ਼ਨ ‘ਤੇ ਸੁਣਵਾਈ ਕੀਤੀ। ਪਟੀਸ਼ਨ ਸਵੀਕਾਰ ਕਰਨ ਤੋਂ ਬਾਅਦ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਨਾਲ ਹੀ ਇਸ ਮਾਮਲੇ ‘ਚ ਤੁਰੰਤ ਕਾਰਵਾਈ ਕਰਨ ਅਤੇ ਅਗਲੀ ਸੁਣਵਾਈ ‘ਤੇ ਸਟੇਟਸ ਰਿਪੋਰਟ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਦੀ ਸੁਣਵਾਈ 20 ਸਤੰਬਰ ਨੂੰ ਹੋਵੇਗੀ।