ਰੋਹਤਕ, 14 ਜੂਨ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਜੇਲ੍ਹ ਤੋਂ 21 ਦਿਨਾਂ ਦੀ ਫਰਲੋ ‘ਤੇ ਰਿਹਾਈ ਦੀ ਮੰਗ ਕੀਤੀ ਹੈ। ਇਸ ਦੇ ਲਈ ਉਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਅਦਾਲਤ ਨੇ ਗੁਰਮੀਤ ਰਾਮ ਰਹੀਮ ਦੀ ਇਸ ਪਟੀਸ਼ਨ ‘ਤੇ ਹਰਿਆਣਾ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਜਵਾਬ ਮੰਗਿਆ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 2 ਜੁਲਾਈ ਨੂੰ ਹੋਵੇਗੀ।
ਜਿਕਰਯੋਗ ਹੈ ਕਿ ਬਲਾਤਕਾਰ ਸਮੇਤ ਤਿੰਨ ਮਾਮਲਿਆਂ ਵਿੱਚ ਦੋਸ਼ੀ ਗੁਰਮੀਤ ਰਾਮ ਰਹੀਮ ਨੇ 21 ਦਿਨਾਂ ਲਈ ਰਿਹਾਈ ਦੀ ਮੰਗ ਕੀਤੀ ਹੈ। ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ।
ਰਾਮ ਰਹੀਮ ਨੇ ਹਾਈਕੋਰਟ ‘ਚ ਆਪਣੀ ਪਟੀਸ਼ਨ ‘ਚ ਕਿਹਾ ਸੀ ਕਿ ਡੇਰਾ ਸੱਚਾ ਸੌਦਾ ਵਲੋਂ ਕਰਵਾਏ ਗਏ ਇਕ ਸਮਾਗਮ ‘ਚ ਹਿੱਸਾ ਲੈਣ ਲਈ ਉਸ ਨੂੰ ਪੈਰੋਲ ਦੀ ਜਰੂਰਤ ਹੈ।
ਦਸਦੇਈਏ ਕਿ ਜਨਵਰੀ ਮਹੀਨੇ ਹਾਈ ਕੋਰਟ ਨੇ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਅਤੇ ਫਰਲੋ ਦਿੱਤੇ ਜਾਣ ਵਿਰੁੱਧ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ’ਤੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਈ ਸੀ। ਹਾਈ ਕੋਰਟ ਨੇ ਹੁਕਮ ਦਿੱਤਾ ਸੀ ਕਿ ਹੁਣ ਤੋਂ ਡੇਰਾ ਮੁਖੀ ਨੂੰ ਕੋਈ ਵੀ ਪੈਰੋਲ ਜਾਂ ਫਰਲੋ ਦੀ ਇਜਾਜ਼ਤ ਨਾ ਦਿੱਤੀ ਜਾਵੇ।