Thursday, December 19, 2024
spot_img

ਕਾਂਗਰਸੀ ਨੇਤਾਵਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਵ੍ਹਾਈਟ ਪੇਪਰ ਲਿਆ ਕੇ ਐਸ.ਵਾਈ.ਐਲ. ਨਹਿਰ ਦੇ ਸੋਹਲੇ ਗਾਏ ਸਨ : ਮੁੱਖ ਮੰਤਰੀ ਮਾਨ

Must read

ਲੁਧਿਆਣਾ, 1 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੇ ਬੇਝਿਜਕ ਹੋ ਕੇ ’80ਵਿਆਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਵ੍ਹਾਈਟ ਪੇਪਰ ਲਿਆ ਕੇ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਹੱਕ ਵਿੱਚ ਕਸੀਦੇ ਪੜ੍ਹੇ ਸਨ। ਅੱਜ ਇੱਥੇ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਤਲੁਜ ਯਮੁਨਾ ਲਿੰਕ ਨਹਿਰ ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਆਪਣੇ ਹੀ ਸੂਬੇ ਅਤੇ ਲੋਕਾਂ ਨਾਲ ਕੀਤੇ ਫਰੇਬ, ਗੱਦਾਰੀ ਅਤੇ ਗੁਨਾਹ ਦੀ ਦਰਦ ਭਰੀ ਗਾਥਾ ਹੈ।” ਉਨ੍ਹਾਂ ਕਿਹਾ ਕਿ ਸੂਬਿਆਂ ਦਰਮਿਆਨ ਪਾਣੀਆਂ ਦੇ ਮਸਲੇ ਹੱਲ ਕਰਨ ਲਈ ਦੇਸ਼ ਭਰ ਵਿੱਚ ਇਕ ਹੀ ਐਕਟ-‘ਅੰਤਰ-ਰਾਜੀ ਦਰਿਆਈ ਪਾਣੀਆਂ ਵਿਵਾਦ ਐਕਟ-1956’ ਲਾਗੂ ਹੈ ਪਰ ਸਿਰਫ ਪੰਜਾਬ ਹੀ ਅਜਿਹਾ ਸੂਬਾ ਹੈ ਜਿੱਥੇ ‘ਪੰਜਾਬ ਪੁਨਰਗਠਨ ਐਕਟ-1966’ ਵਿੱਚ ਪੰਜਾਬ ਤੇ ਹਰਿਆਣਾ ਦਰਮਿਆਨ ਪਾਣੀ ਦੀ ਵੰਡ ਲਈ ਵੱਖਰੀ ਵਿਵਸਥਾ ਕੀਤੀ ਗਈ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਹਮੇਸ਼ਾ ਹੀ ਵਿਤਕਰਾ ਕੀਤਾ ਹੈ ਪਰ ਪੰਜਾਬ ਦੇ ਨੇਤਾਵਾਂ ਨੇ ਇਸ ਵਿਸ਼ਵਾਸਘਾਤ ਵਾਲੇ ਕਦਮ ਨੂੰ ਸਹੀ ਠਹਿਰਾਉਣ ਲਈ ਵ੍ਹਾਈਟ ਪੇਪਰ ਲਿਆਂਦਾ ਜੋ ਕਿ ਸ਼ਰਮਨਾਕ ਗੱਲ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ‘ਪੰਜਾਬ ਪੁਨਰਗਠਨ ਐਕਟ-1966’ ਦੇ ਮੁਤਾਬਕ ਪੰਜਾਬ ਤੇ ਹਰਿਆਣਾ ਦਰਮਿਆਨ ਸਾਰੇ ਅਸਾਸਿਆਂ ਦੀ ਵੰਡ 60:40 ਦੇ ਅਨੁਪਾਤ ਮੁਤਾਬਕ ਹੋਈ ਸੀ ਪਰ ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੇ 24 ਮਾਰਚ, 1976 ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਧੱਕੇਸ਼ਾਹੀ ਨਾਲ ਪੰਜਾਬ ਤੇ ਹਰਿਆਣਾ ਦਰਮਿਆਨ ਰਾਵੀ-ਬਿਆਸ ਪਾਣੀਆਂ ਦੀ ਵੰਡ 50:50 ਦੇ ਅਨੁਪਾਤ ਨਾਲ ਕਰ ਦਿੱਤੀ ਜੋ ਸਿੱਧੇ ਤੌਰ ਉਤੇ ਪੰਜਾਬ ਦੇ ਹਿੱਤਾਂ ਦੇ ਖਿਲਾਫ਼ ਸੀ। ਉਨ੍ਹਾਂ ਕਿਹਾ ਕਿ ਉਸ ਮੌਕੇ ਸੂਬੇ ਦੇ ਮੁੱਖ ਮੰਤਰੀ ਗਿਆਨੀ ਜ਼ੈਲ ਸਿੰਘ ਨੇ ਪੰਜਾਬ ਦੇ ਹਿੱਤਾਂ ਨੂੰ ਅਣਗੌਲਿਆ ਕੀਤਾ ਅਤੇ ਕੇਂਦਰ ਸਰਕਾਰ ਦੀ ਕਠਪੁਤਲੀ ਵਾਂਗ ਭੂਮਿਕਾ ਨਿਭਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਥੇ ਹੀ ਬੱਸ ਨਹੀਂ, ਸਗੋਂ 16 ਨਵੰਬਰ, 1976 ਨੂੰ ਉਨ੍ਹਾਂ ਨੇ ਇਕ ਕਰੋੜ ਰੁਪਏ ਦਾ ਚੈੱਕ ਪ੍ਰਾਪਤ ਕੀਤਾ ਅਤੇ ਐਸ.ਵਾਈ.ਐਲ. ਦੇ ਨਿਰਮਾਣ ਵਿੱਚ ਤੇਜ਼ੀ ਲਿਆਂਦੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਲ 1977 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਹਰਿਆਣਾ ਨੂੰ ਐਸ.ਵਾਈ.ਐਲ. ਰਾਹੀਂ ਪਾਣੀ ਦੇਣ ਦੇ ਕੰਮ ਨੂੰ ਇਕ ਵਾਰ ਵੀ ਨਹੀਂ ਰੋਕਿਆ। ਉਨ੍ਹਾਂ ਦੱਸਿਆ ਕਿ ਬਾਦਲ ਨੇ 4 ਜੁਲਾਈ, 1978 ਨੂੰ ਪੱਤਰ ਨੰਬਰ 23617 ਰਾਹੀਂ ਐਸ.ਵਾਈ.ਐਲ. ਦੇ ਨਿਰਮਾਣ ਲਈ ਹੋਰ ਤਿੰਨ ਕਰੋੜ ਰੁਪਏ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ 31 ਮਾਰਚ, 1979 ਨੂੰ ਤਤਕਾਲੀ ਅਕਾਲੀ ਸਰਕਾਰ ਨੇ ਐਸ.ਵਾਈ.ਐਲ. ਨਹਿਰ ਦੇ ਨਿਰਮਾਣ ਲਈ ਹਰਿਆਣਾ ਸਰਕਾਰ ਪਾਸੋਂ 1.5 ਕਰੋੜ ਦੀ ਰਾਸ਼ੀ ਪ੍ਰਾਪਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਨੇ ਐਮਰਜੈਂਸੀ ਕਲਾਜ਼ ਲਾਗੂ ਕਰਕੇ ਬਹੁਤ ਥੋੜ੍ਹੇ ਸਮੇਂ ਵਿੱਚ ਐਸ.ਵਾਈ.ਐਲ. ਨਹਿਰ ਦੀ ਉਸਾਰੀ ਲਈ ਲੋੜੀਂਦੀ ਜ਼ਮੀਨ ਐਕੁਵਾਇਰ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਹਰਿਆਣਾ ਸਰਕਾਰ ਨਾਲ ਸਾਂਝ ਇਸ ਤੱਥ ਤੋਂ ਸਪੱਸ਼ਟ ਹੋ ਜਾਂਦੀ ਹੈ ਕਿ ਹਰਿਆਣਾ ਵਿਧਾਨ ਸਭਾ ਦੇ ਇਜਲਾਸ (1 ਮਾਰਚ, 1978 ਤੋਂ 7 ਮਾਰਚ, 1978 ਤੱਕ) ਦੌਰਾਨ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਕਿਹਾ, “ਬਾਦਲ ਨਾਲ ਮੇਰੇ ਨਿੱਜੀ ਰਿਸ਼ਤਿਆਂ ਕਾਰਨ ਪੰਜਾਬ ਸਰਕਾਰ ਨੇ ਐਸ.ਵਾਈ.ਐਲ. ਨਹਿਰ ਲਈ ਧਾਰਾ-4 ਅਤੇ ਧਾਰਾ-17 (ਐਮਰਜੈਂਸੀ ਕਲਾਜ਼) ਤਹਿਤ ਜ਼ਮੀਨ ਐਕੁਵਾਇਰ ਕੀਤੀ ਅਤੇ ਪੰਜਾਬ ਸਰਕਾਰ ਇਸ ਕਾਰਜ ਲਈ ਆਪਣੇ ਵੱਲੋਂ ਪੂਰੀ ਵਾਹ ਲਾ ਰਹੀ ਹੈ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਨ੍ਹਾਂ ਲੀਡਰਾਂ ਵੱਲੋਂ ਸੂਬੇ ਨੂੰ ਆਪਣੇ ਪਾਣੀਆਂ ਤੋਂ ਵਾਂਝਾ ਕਰਨ ਦੀ ਆਪਸੀ ਗੰਢਤੁੱਪ ਦਾ ਪਤਾ ਲਗਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਹਾਣੀ ਇੱਥੇ ਹੀ ਖਤਮ ਨਹੀਂ ਹੋਈ ਕਿਉਂਕਿ ਸਾਲ 1998 ਵਿੱਚ ਜਦੋਂ ਪ੍ਰਕਾਸ਼ ਸਿੰਘ ਬਾਦਲ ਇਕ ਵਾਰ ਫੇਰ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਨੇ ਭਾਖੜਾ ਮੇਨ ਲਾਈਨ ਦੇ ਕਿਨਾਰਿਆਂ ਨੂੰ ਲਗਪਗ ਇਕ ਫੁੱਟ ਉੱਚਾ ਕਰ ਦਿੱਤਾ ਤਾਂ ਕਿ ਹਰਿਆਣਾ ਨੂੰ ਹੋਰ ਪਾਣੀ ਦਿੱਤਾ ਜਾ ਸਕੇ ਅਤੇ ਇਸ ਮੰਤਵ ਲਈ ਹਰਿਆਣਾ ਪਾਸੋਂ 45 ਕਰੋੜ ਰੁਪਏ ਵੀ ਹਾਸਲ ਕੀਤੇ। ਉਨ੍ਹਾਂ ਕਿਹਾ ਕਿ ਬਾਦਲ ਨੇ ‘ਬਾਲਾਸਰ ਨਹਿਰ ਦੀ ਉਸਾਰੀ’ ਲਈ ਪੰਜਾਬ ਨਾਲ ਧ੍ਰੋਹ ਕਮਾਇਆ। ਬਾਲਾਸਰ ਨਹਿਰ ਬਾਦਲ ਦੇ ਫਾਰਮ ਹਾਊਸ ਤੱਕ ਬਣਾਈ ਗਈ ਜੋ ਕਿ ਹਰਿਆਣਾ ਸਰਕਾਰ ਨੇ ਪੰਜਾਬ ਨਾਲ ਕੀਤੀ ਗੱਦਾਰੀ ਦੇ ਇਵਜ਼ ਵਿੱਚ ਬਾਦਲ ਨੂੰ ਸੌਗਾਤ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਦਮਾਂ ਰਾਹੀਂ ਬਾਦਲ ਨੇ ਆਪਣੇ ਨਿੱਜੀ ਹਿੱਤ ਪੂਰਨ ਲਈ ਹਰਿਆਣਾ ਨੂੰ ਪਾਣੀ ਦਿੱਤਾ ਅਤੇ ਹਰਿਆਣਾ ਨੇ ਤੋਹਫੇ ਵਜੋਂ ਫਾਰਮ ਲਈ ਨਹਿਰ ਬਣਾ ਕੇ ਦਿੱਤੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਇਸ ਗੱਲ ਤੋਂ ਸਪੱਸ਼ਟ ਹੈ ਕਿ ਅਕਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨਾਲ ਧ੍ਰੋਹ ਕਮਾ ਕੇ ਲੋਕਾਂ ਨਾਲੋਂ ਆਪਣੇ ਨਿੱਜੀ ਹਿੱਤਾਂ ਨੂੰ ਤਰਜੀਹ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਵੰਡ ਬਾਰੇ 31 ਦਸੰਬਰ, 1981 ਨੂੰ ਉਦੋਂ ਦੇ ਮੁੱਖ ਮੰਤਰੀ ਦਰਬਾਰਾ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਤੇ ਰਾਜਸਥਾਨ ਦੇ ਮੁੱਖ ਮੰਤਰੀ ਵਿਚਾਲੇ ਸ੍ਰੀਮਤੀ ਇੰਦਰਾ ਗਾਂਧੀ ਦੀ ਹਾਜ਼ਰੀ ਵਿੱਚ ਸਮਝੌਤਾ ਹੋਇਆ ਸੀ ਕਿਉਂਕਿ ਉਸ ਸਮੇਂ ਕੇਂਦਰ ਤੇ ਇਨ੍ਹਾਂ ਤਿੰਨਾਂ ਸੂਬਿਆਂ ਵਿੱਚ ਕਾਂਗਰਸ ਦੀਆਂ ਸਰਕਾਰਾਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਸ ਸਮੇਂ ਦੇ ਕਾਂਗਰਸ ਦੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੇ ਨਾਜਾਇਜ਼ ਆਦੇਸ਼ ਉਤੇ ਪੰਜਾਬ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਝੌਤੇ ਅਨੁਸਾਰ ਰਾਵੀ-ਬਿਆਸ ਦਾ 75 ਫੀਸਦ ਪਾਣੀ ਗੈਰ-ਰਿਪੇਰੀਅਨ ਰਾਜਾਂ ਹਰਿਆਣਾ ਅਤੇ ਰਾਜਸਥਾਨ ਨੂੰ ਦਿੱਤਾ ਗਿਆ ਅਤੇ ਕਿਸਾਨਾਂ ਦੇ ਸਖ਼ਤ ਵਿਰੋਧ ਦੇ ਬਾਵਜੂਦ ਸ੍ਰੀਮਤੀ ਇੰਦਰਾ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ 08 ਅਪ੍ਰੈਲ, 1982 ਨੂੰ ਚੌਧਰੀ ਬਲਰਾਮ ਜਾਖੜ ਦੀ ਹਾਜ਼ਰੀ ਵਿੱਚ ਚਾਂਦੀ ਦੀ ਕਹੀ ਨਾਲ ਟੱਕ ਲਾਉਣ ਦੀ ਰਸਮ ਅਦਾ ਕਰਕੇ ਐਸ.ਵਾਈ.ਐਲ. ਦੀ ਉਸਾਰੀ ਦਾ ਮੁੱਢ ਬੰਨ੍ਹਿਆ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਰਾਜ ਦੌਰਾਨ ਵੀ ਸ਼੍ਰੋਮਣੀ ਅਕਾਲੀ ਦਲ ਨੇ 24 ਜੁਲਾਈ, 1985 ਨੂੰ ਸ੍ਰੀ ਰਾਜੀਵ ਗਾਂਧੀ ਅਤੇ ਅਕਾਲੀ ਆਗੂ ਸੰਤ ਹਰਚੰਦ ਸਿੰਘ ਲੌਂਗੋਵਾਲ ਦਰਮਿਆਨ ਰਾਜੀਵ-ਲੌਂਗੋਵਾਲ ਸਮਝੌਤੇ ‘ਤੇ ਦਸਤਖਤ ਕੀਤੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇ ਵੀ ਐਸ.ਵਾਈ.ਐਲ. ਨਹਿਰ ਦੀ ਉਸਾਰੀ ਨੂੰ ਅੱਗੇ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ ਆਪਣੇ ਇਸ ਕਾਰਨਾਮੇ ਰਾਹੀਂ ਇਹ ਪੱਕਾ ਕਰ ਦਿੱਤਾ ਕਿ ਪੰਜਾਬ ਨੂੰ ਭਵਿੱਖ ਵਿੱਚ ਦਰਿਆਈ ਪਾਣੀਆਂ ‘ਤੇ ਉਸ ਦਾ ਹੱਕ ਨਾ ਮਿਲੇ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੇ ਆਪਣੇ ਕਾਰਜਕਾਲ (1985 ਤੋਂ 1987) ਦੌਰਾਨ ਨਾ ਸਿਰਫ਼ ਐਸ.ਵਾਈ.ਐਲ. ਦੀ ਲੰਬਿਤ ਉਸਾਰੀ ਨੂੰ ਯਕੀਨੀ ਬਣਾਇਆ, ਸਗੋਂ ਇਸ ਸਮੇਂ ਦੌਰਾਨ ਨਹਿਰ ਦੀ ਉਸਾਰੀ ਦਾ ਜ਼ਿਆਦਾਤਰ ਕੰਮ ਮੁਕੰਮਲ ਵੀ ਹੋਇਆ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਲਈ ਜ਼ਮੀਨ ਐਕੁਆਇਰ ਕਰਕੇ ਐਸ.ਵਾਈ.ਐਲ. ਦੀ ਉਸਾਰੀ ਦਾ ਮੁੱਢ ਬੰਨ੍ਹਣ ਦਾ ਸਿਹਰਾ ਪ੍ਰਕਾਸ਼ ਸਿੰਘ ਬਾਦਲ ਨੂੰ ਜਾਂਦਾ ਹੈ ਜਦੋਂ ਕਿ ਅਕਾਲੀ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੇ ਨਹਿਰ ਦੀ ਉਸਾਰੀ ਦਾ ਕੰਮ ਮੁਕੰਮਲ ਕਰਵਾਇਆ। ਮੁੱਖ ਮੰਤਰੀ ਨੇ ਕਿਹਾ ਕਿ 2007 ਵਿਚ ਪ੍ਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਸੀ ਕਿ ਅਕਾਲੀ ਸਰਕਾਰ ਦੇ ਸੱਤਾ ਵਿਚ ਆਉਣ ‘ਤੇ 2004 ਦੇ ਐਕਟ ਦੀ ਧਾਰਾ 5 ਨੂੰ ਹਟਾ ਦਿੱਤਾ ਜਾਵੇਗਾ ਪਰ ਇਕ ਦਹਾਕਾ ਸੱਤਾ ਵਿਚ ਰਹਿਣ ਦੇ ਬਾਵਜੂਦ ਬਾਦਲ ਸਰਕਾਰ ਨੇ ਇਸ ਸੰਬਧੀ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਐਸ.ਵਾਈ.ਐਲ. ਮੁੱਦੇ ‘ਤੇ ਸੁਪਰੀਮ ਕੋਰਟ ‘ਚ ਪੰਜਾਬ ਦੇ ਖਿਲਾਫ ਸਾਲ 2002, 2004 ਅਤੇ 2016 ‘ਚ ਤਿੰਨ ਵਿਰੋਧੀ ਫੈਸਲੇ ਹੋਏ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਦੋ ਫੈਸਲੇ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਆਏ ਸਨ ਪਰ ਵਕੀਲਾਂ ’ਤੇ ਅੰਨ੍ਹੇਵਾਹ ਪੈਸਾ ਖਰਚ ਕਰਨ ਦੇ ਬਾਵਜੂਦ ਉਨ੍ਹਾਂ ਨੇ ਇਨ੍ਹਾਂ ਫੈਸਲਿਆਂ ਦੀ ਢੁੱਕਵੇਂ ਢੰਗ ਨਾਲ ਪੈਰਵੀ ਨਹੀਂ ਕੀਤੀ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬੇ ਕੋਲ ਕਿਸੇ ਹੋਰ ਰਾਜ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ, ਇਸ ਲਈ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਬਜਾਏ ਹੁਣ ਇਸ ਪ੍ਰਾਜੈਕਟ ਨੂੰ ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.) ਵਜੋਂ ਵਿਚਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕਾ ਹੈ ਅਤੇ ਇਸ ਵਿੱਚੋਂ ਪਾਣੀ ਦੀ ਇੱਕ ਬੂੰਦ ਵੀ ਕਿਸੇ ਹੋਰ ਰਾਜ ਨੂੰ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਉਲਟ ਗੰਗਾ ਅਤੇ ਯਮੁਨਾ ਦਾ ਪਾਣੀ ਸਤਲੁਜ ਦਰਿਆ ਰਾਹੀਂ ਪੰਜਾਬ ਨੂੰ ਸਪਲਾਈ ਕੀਤਾ ਜਾਣਾ ਚਾਹੀਦਾ ਹੈ ਅਤੇ ਉਹ ਇਹ ਮੁੱਦਾ ਕੇਂਦਰ ਸਰਕਾਰ ਕੋਲ ਵੀ ਉਠਾ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਕੋਲ ਪਾਣੀ ਦੀ ਘੱਟ ਉਪਲਬਧਤਾ ਦੇ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ ਹੈ ਅਤੇ ਇਹ ਸੁਪਰੀਮ ਕੋਰਟ ਦੇ ਫੈਸਲੇ ਵਿੱਚ ਵੀ ਦਰਜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਿਛਲੇ 30 ਸਾਲਾਂ ਤੋਂ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਿਹਾ ਹੈ ਅਤੇ ਹੁਣ ਵੀ ਇਸ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਵੀ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਦੇ ਵਕੀਲਾਂ ਨੇ ਨਹਿਰ ਮੁਕੰਮਲ ਹੋਣ ਸਬੰਧੀ ਕਿਤੇ ਵੀ ਕੋਈ ਜ਼ਿਕਰ ਨਹੀਂ ਕੀਤਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article