ਪੰਜਾਬ ਦੇ ਜਲੰਧਰ ਛਾਉਣੀ ਦੇ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਖਿਡਾਰੀ ਪਰਗਟ ਸਿੰਘ ਨੇ ਕਾਂਗਰਸ ਦੀ ਸੂਬਾ ਇਕਾਈ ਦੇ ਉਪ ਪ੍ਰਧਾਨ (ਮੀਤ ਪ੍ਰਧਾਨ) ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਕਦਮ ਲੁਧਿਆਣਾ ਉਪ ਚੋਣ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਚੁੱਕਿਆ। ਉਨ੍ਹਾਂ ਦੇ ਨਾਲ ਹੀ ਸਾਬਕਾ ਕਾਂਗਰਸ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ ਨੇ ਵੀ ਉਪ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਦੋਵਾਂ ਆਗੂਆਂ ਨੇ ਆਪਣੇ ਅਸਤੀਫ਼ੇ ਆਲ-ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਦੇ ਇੰਚਾਰਜ ਜਨਰਲ ਸਕੱਤਰ ਭੁਪੇਸ਼ ਬਘੇਲ ਨੂੰ ਭੇਜ ਦਿੱਤੇ। ਉਨ੍ਹਾਂ ਨੇ ਉਪ-ਚੋਣ ਦੀ ਹਾਰ ਲਈ “ਸਮੂਹਿਕ ਆਤਮ-ਨਿਰੀਖਣ” ਦੀ ਮੰਗ ਕੀਤੀ ਹੈ ਅਤੇ ਰਾਜ ਇਕਾਈ ਦੇ ਪੁਨਰਗਠਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਹੈ। ਇਹ ਘਟਨਾਕ੍ਰਮ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਪਾਰਟੀ ਦੀ ਸੂਬਾ ਇਕਾਈ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਇੱਕ ਦਿਨ ਬਾਅਦ ਆਇਆ ਹੈ।