Friday, November 22, 2024
spot_img

ਕਾਲੇ ਦੁਪੱਟੇ ਪਾ ਆਂਗਣਵਾੜੀ ਵਰਕਰਾਂ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਘਰ ਅੱਗੇ ਕੀਤਾ ਰੋਸ ਪ੍ਰਦਰਸ਼ਨ

Must read

ਲੁਧਿਆਣਾ,2 ਅਕਤੂਬਰ। ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਮੰਗਾਂ ਨੂੰ ਲੈ ਕੇ ਬੁੱਧਵਾਰ ਨੂੰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਬੈਨਰ ਹੇਠ ਲੁਧਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਨੇਤਾ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਘਰ ਅੱਗੇ ਕਾਲੇ ਦੁਪੱਟੇ ਪਾ ਕੇ ਰੋਸ ਪ੍ਰਦਰਸ਼ਨ ਕੀਤਾ। ਵਰਕਰ ਨੇ ਆਪਣੀਆਂ ਮੰਗਾਂ ਸਬੰਧੀ ਤਖ਼ਤੀਆਂ ਹੱਥਾਂ ਵਿੱਚ ਫੜੀਆਂ ਹੋਈਆਂ ਸਨ। ਇਸ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੋਸ ਧਰਨੇ ਦੀ ਅਗਵਾਈ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕੀਤੀ।
ਇਸ ਮੌਕੇ ਹਾਜ਼ਰ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ 2 ਅਕਤੂਬਰ 1975 ਨੂੰ ਦੇਸ਼ ਭਰ ਵਿਚ ਆਂਗਣਵਾੜੀ ਕੇਂਦਰ ਖੋਲ੍ਹੇ ਗਏ ਸਨ ਅਤੇ ਹੁਣ 50 ਸਾਲ ਪੂਰੇ ਹੋਣ ਵਾਲੇ ਹਨ। ਪਰ ਇੰਨੇ ਲੰਬੇ ਸਮੇਂ ਵਿਚ ਵੀ ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਨੂੰ ਸਰਕਾਰੀ ਮੁਲਾਜ਼ਮਾਂ ਦਾ ਦਰਜਾ ਨਹੀਂ ਦਿੱਤਾ ਗਿਆ। ਜਦਕਿ ਬਾਕੀ ਵਿਭਾਗਾਂ ਦੇ ਸਾਰੇ ਮੁਲਾਜ਼ਮ ਪੱਕੇ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ 6 ਸਾਲਾਂ ਤੋਂ ਕੇਂਦਰ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਦੇ ਮਾਣ ਭੱਤੇ ਵਿੱਚ ਥੋੜਾ ਜਿਹਾ ਵਾਧਾ ਕੀਤਾ ਹੈ। ਕੇਂਦਰ ਸਰਕਾਰ ਆਂਗਣਵਾੜੀ ਵਰਕਰ ਨੂੰ 4500 ਰੁਪਏ ਅਤੇ ਹੈਲਪਰ ਨੂੰ 2250 ਰੁਪਏ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇਸ਼ ਦੀਆਂ 28 ਲੱਖ ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਦਾ ਸ਼ੋਸ਼ਣ ਕਰ ਰਹੀ ਹੈ। ਕੇਂਦਰ ਸਰਕਾਰ ਵੱਲੋਂ ਸਾਰੇ ਆਂਗਣਵਾੜੀ ਕੇਂਦਰਾਂ ਦੀਆਂ ਸਰਕਾਰੀ ਇਮਾਰਤਾਂ ਦੀ ਉਸਾਰੀ ਨਹੀਂ ਕੀਤੀ ਗਈ ਅਤੇ ਅੱਧੇ ਤੋਂ ਵੱਧ ਆਂਗਣਵਾੜੀ ਕੇਂਦਰ ਸਹੂਲਤਾਂ ਤੋਂ ਸੱਖਣੇ ਹਨ। ਕੇਂਦਰਾਂ ਦੀਆਂ ਛੱਤਾਂ ਡਿੱਗ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਅਧਿਆਪਕਾਂ ਦਾ ਦਰਜਾ ਦੇ ਕੇ ਸਰਕਾਰੀ ਮੁਲਾਜ਼ਮ ਐਲਾਨੇ ਅਤੇ ਸਹਾਇਕਾਂ ਨੂੰ ਗਰੇਡ ਦੇਵੇ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿੱਚ ਨਾ ਤਾਂ ਬੱਚੇ ਹਨ ਅਤੇ ਨਾ ਹੀ ਰਾਸ਼ਨ ਬਣ ਰਿਹਾ ਹੈ।
ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਨੂੰ ਸਿਹਤ ਸਹੂਲਤਾਂ ਵੀ ਆਸ਼ਾ ਵਰਕਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਣ ਲੱਗ ਪਈਆਂ ਹਨ। ਜਿਸ ਕਾਰਨ ਸਰਕਾਰ ਆਂਗਣਵਾੜੀ ਕੇਂਦਰਾਂ ਨੂੰ ਬੰਦ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਹਰਗੋਬਿੰਦ ਕੌਰ ਨੇ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਮਾੜੀਆਂ ਨੀਤੀਆਂ ਅਤੇ ਧੱਕੇਸ਼ਾਹੀ ਵਿਰੁੱਧ ਸੰਘਰਸ਼ ਕਰਨ ਲਈ ਯੂਨੀਅਨ ਦਾ ਸਾਥ ਦੇਣ। ਹਰਗੋਬਿੰਦ ਕੌਰ ਨੇ ਪੰਜਾਬ ਸਰਕਾਰ ’ਤੇ ਵੀ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਸੇਵਾਵਾਂ ਬਿਨਾਂ ਕਿਸੇ ਗਲਤੀ ਦੇ ਰੱਦ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਆਂਗਣਵਾੜੀ ਕੇਂਦਰਾਂ ਨੂੰ ਘਟੀਆ ਅਤੇ ਖਰਾਬ ਰਾਸ਼ਨ ਭੇਜ ਰਹੀ ਹੈ। ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ ਨਰਸਰੀ ਜਮਾਤਾਂ ਵਿੱਚ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਪੰਜਾਬ ਅਤੇ ਕੇਂਦਰ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀਆਂ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਪੀ.ਏ ਹਰਜਿੰਦਰ ਸਿੰਘ ਢੀਂਡਸਾ ਨੂੰ ਮੰਗ ਪੱਤਰ ਦਿੱਤਾ ਗਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article