ਹਰਿਆਣਾ ‘ਚ ਪੰਜਾਬ ਨਾਲ ਲੱਗਦੇ ਸ਼ੰਭੂ ਬਾਰਡਰ (ਅੰਬਾਲਾ) ਅਤੇ ਖਨੌਰੀ ਬਾਰਡਰ (ਜੀਂਦ) ‘ਤੇ ਕਿਸਾਨਾਂ ਦਾ ਧਰਨਾ ਜਾਰੀ ਹੈ। ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਲੈਣ ਲਈ ਦਿੱਲੀ ਵੱਲ ਮਾਰਚ ਕਰਨ ਦੀ ਜ਼ਿੱਦ ਨਾਲ ਸਰਹੱਦ ‘ਤੇ ਅੜੇ ਹੋਏ ਹਨ।
ਇਸ ਦੇ ਨਾਲ ਹੀ ਸਰਕਾਰ ਨੇ ਹਰਿਆਣਾ ਵਿੱਚ ਕਿਸਾਨਾਂ ਦੀਆਂ 24 ਫਸਲਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਦੀ ਗਾਰੰਟੀ ਦਿੱਤੀ ਹੈ। ਸਰਕਾਰੀ ਏਜੰਸੀਆਂ, ਜੋ ਪਹਿਲਾਂ ਹੀ ਘੱਟੋ-ਘੱਟ ਸਮਰਥਨ ਮੁੱਲ ‘ਤੇ 14 ਫਸਲਾਂ ਖਰੀਦ ਰਹੀਆਂ ਹਨ, 10 ਹੋਰ ਫਸਲਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣਗੀਆਂ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਡਾ: ਰਾਜਾ ਸ਼ੇਖਰ ਵੁੰਦਰੂ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ 24 ਫਸਲਾਂ ਦੀ ਖਰੀਦ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਠੀਕ ਪਹਿਲਾਂ 5 ਅਗਸਤ ਨੂੰ ਮੁੱਖ ਮੰਤਰੀ ਨਾਇਬ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਘੱਟੋ-ਘੱਟ ਸਮਰਥਨ ਮੁੱਲ ‘ਤੇ ਫਸਲਾਂ ਦੀ ਖਰੀਦ ਦਾ ਫੈਸਲਾ ਲਿਆ ਗਿਆ ਸੀ, ਜਿਸ ਨੂੰ ਹੁਣ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਅੰਤਿਮ ਰੂਪ ਦਿੱਤਾ ਜਾਵੇਗਾ।