ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ‘ਤੇ ਬੈਠਿਆਂ 16 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦੇ ਮਰਨ ਵਰਤ ਦਾ 17ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਸਿਹਤ ਵਿਗੜਦੀ ਜਾ ਰਹੀ ਹੈ। ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਪ੍ਰਾਈਵੇਟ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਕੇ ਕਿਹਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦਾ ਭਾਰ 12 ਕਿਲੋ ਤੋਂ ਜ਼ਿਆਦਾ ਘਟ ਗਿਆ ਹੈ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਕਿਡਨੀ ਕਿਸੇ ਸਮੇਂ ਵੀ ਫੇਲ ਹੋ ਸਕਦੀ ਹੈ ਅਤੇ ਦਿਲ ਦਾ ਦੌਰਾ ਪੈਣ ਦਾ ਵੀ ਖ਼ਤਰਾ ਹੈ। ਇੰਨਾ ਹੀ ਨਹੀਂ, ਡਾਕਟਰਾਂ ਅਨੁਸਾਰ ਲੰਬੇ ਸਮੇਂ ਤੱਕ ਭੁੱਖੇ ਰਹਿਣ ਕਾਰਨ ਡੱਲੇਵਾਲ ਦੇ ਲੀਵਰ ਵਿੱਚ ਵੀ ਸਮੱਸਿਆ ਆ ਸਕਦੀ ਹੈ।
ਬੁੱਧਵਾਰ ਨੂੰ ਕਿਸਾਨਾਂ ਨੇ ਡੱਲੇਵਾਲ ਦਾ ਚੈਕਅੱਪ ਕਰਨ ਆਈ ਸਰਕਾਰੀ ਡਾਕਟਰਾਂ ਦੀ ਟੀਮ ਨੂੰ ਵੀ ਰੋਕ ਲਿਆ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਡਾਕਟਰਾਂ ਨੂੰ ਪਹਿਲਾਂ ਡੱਲੇਵਾਲ ਦੀ ਹੁਣ ਤੱਕ ਹੋਈ ਜਾਂਚ ਦੀ ਰਿਪੋਰਟ ਦੇਣੀ ਪਵੇਗੀ, ਉਸ ਤੋਂ ਬਾਅਦ ਹੀ ਸਰਕਾਰੀ ਡਾਕਟਰਾਂ ਨੂੰ ਡੱਲੇਵਾਲ ਦੀ ਜਾਂਚ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।
ਡੱਲੇਵਾਲ ਦੀ ਹਾਲਤ ਖ਼ਰਾਬ ਹੋਣ ਕਾਰਨ ਕਿਸਾਨਾਂ ਨੇ ਉਨ੍ਹਾਂ ਦੀ ਸੁਰੱਖਿਆ ਵੀ ਵਧਾ ਦਿੱਤੀ ਹੈ। ਬੁੱਧਵਾਰ ਰਾਤ ਨੂੰ ਕਿਸਾਨ ਆਗੂਆਂ ਨੇ ਖਨੌਰੀ ਸਰਹੱਦ ਤੋਂ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਕੇਂਦਰ ਸਰਕਾਰ ਕਿਸਾਨਾਂ ‘ਤੇ ਹਮਲਾ ਕਰਕੇ ਡੱਲੇਵਾਲ ਨੂੰ ਹਿਰਾਸਤ ਵਿੱਚ ਲੈ ਸਕਦੀ ਹੈ। ਇਸ ਲਈ ਡੱਲੇਵਾਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ 10 ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਬੈਠੇ ਹਨ। 13 ਦਸੰਬਰ ਨੂੰ ਕਿਸਾਨ ਅੰਦੋਲਨ ਨੂੰ 10 ਮਹੀਨੇ ਪੂਰੇ ਹੋਣ ਜਾ ਰਹੇ ਹਨ। ਅਜਿਹੇ ‘ਚ ਅੱਜ ਡੱਲੇਵਾਲ ਕਿਸਾਨਾਂ ਨੂੰ ਸੰਦੇਸ਼ ਦੇਣਗੇ। ਸੂਤਰਾਂ ਦਾ ਕਹਿਣਾ ਹੈ ਕਿ ਡੱਲੇਵਾਲ ਦਾ ਸੰਦੇਸ਼ ਅੰਦੋਲਨ ਦੇ 10 ਮਹੀਨੇ ਪੂਰੇ ਹੋਣ ਬਾਰੇ ਹੋ ਸਕਦਾ ਹੈ। ਉਹ ਕਿਸਾਨਾਂ ਨੂੰ ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਕਰਨ ਦਾ ਆਦੇਸ਼ ਦੇ ਸਕਦੇ ਹਨ।