26 ਸਾਲਾ ਪੰਜਾਬੀ ਨੌਜਵਾਨ ਦੀ ਕੈਨੇਡਾ ਦੇ ਸਟ੍ਰੈਥਮੋਰ ‘ਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਮੋਗਾ ਦੇ ਪਿੰਡ ਘੋਲੀਆ ਖੁਰਦ ਦਾ ਰਹਿਣ ਵਾਲਾ ਸੀ। ਉਹ ਆਪਣੇ ਚੰਗੇ ਭਵਿੱਖ ਲਈ ਵਿਦੇਸ਼ ਗਿਆ ਸੀ। ਮਨਦੀਪ ਸਿੰਘ ਦੇ ਪਰਿਵਾਰ ਨੇ ਪੁੱਤਰ ਦੀ ਲਾਸ਼ ਘਰ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ।
ਦੱਸ ਦਈਏ ਕਿ ਇੱਕ ਟਰੱਕ ਨਾਲ ਭਿਆਨਕ ਟੱਕਰ ਵਿੱਚ ਮਨਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਐਨਾ ਭਿਆਨਕ ਸੀ ਕਿ ਆਲੇ-ਦੁਆਲੇ ਦੇ ਲੋਕਾਂ ਨੇ ਤੁਰੰਤ ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਨੂੰ ਸੂਚਿਤ ਕੀਤਾ, ਪਰ ਉਦੋਂ ਤੱਕ ਮਨਦੀਪ ਦੀ ਮੌਤ ਹੋ ਚੁੱਕੀ ਸੀ। ਮਨਦੀਪ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ। ਮਨਦੀਪ ਦੀ ਅਚਾਨਕ ਮੌਤ ਦੀ ਖ਼ਬਰ ਪਿੰਡ ਪਹੁੰਚਣ ‘ਤੇ ਸੋਗ ਛਾ ਗਿਆ।