ਹੁਸ਼ਿਆਰਪੁਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਆਪਣੇ ਅਖਤਿਆਰੀ ਫੰਡ ’ਚੋਂ 3 ਲੱਖ ਰੁਪਏ ਦਾ ਚੈੱਕ ਕੁਸ਼ਟ ਆਸ਼ਰਮ ਹੁਸ਼ਿਆਰਪੁਰ ਨੂੰ ਸੌਂਪਿਆ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਆਸ਼ਰਮ ਦੀ ਕਮੇਟੀ ਵੱਲੋਂ ਆਸ਼ਰਮ ਦੇ ਵਿਕਾਸ ਕਾਰਜਾਂ ’ਤੇ ਖਰਚ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨਾਲ ਸਮਾਜ ਸੇਵੀ ਆਗਿਆਪਾਲ ਸਿੰਘ ਸਾਹਨੀ, ਵਰਿੰਦਰ ਵੈਦ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਇਸ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਸੋਚ ਦੇ ਚੱਲਦਿਆਂ ਪੰਜਾਬ ਦੇ ਸਾਰੇ ਵਰਗਾਂ ਦੀ ਤਰੱਕੀ ਲਈ ਬਰਾਬਰ ਰੂਪ ਵਿਚ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੇ ਸਮਾਜਿਕ ਸੰਗਠਨਾਂ ਵੱਲੋਂ ਕੁਸ਼ਟ ਆਸ਼ਰਮ ਦੀ ਹਰ ਜ਼ਰੂਰਤ ਨੂੰ ਪੂਰਾ ਕੀਤਾ ਜਾ ਰਿਹਾ ਹੈ, ਉਥੇ ਪੰਜਾਬ ਸਰਕਾਰ ਵੀ ਹਮੇਸ਼ਾ ਮਦਦ ਦੇ ਲਈ ਤਿਆਰ ਖੜ੍ਹੀ ਹੈ।
ਉਨ੍ਹਾਂ ਕਿਹਾ ਕਿ ਕੁਸ਼ਟ ਆਸ਼ਰਮ ਰੋਗੀਆਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਦੀ ਮੁਖ ਧਾਰਾ ਵਿਚ ਸ਼ਾਮਿਲ ਕਰਨਾ ਸਾਡਾ ਫਰਜ਼ ਹੈ। ਇਹ ਯੋਗਦਾਨ ਸਾਡੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਾ ਹੈ ਕਿ ਅਸੀਂ ਸਮਾਜ ਦੇ ਹਰ ਵਰਗ ਨੂੰ ਬਰਾਬਰ ਮੌਕੇ ਪ੍ਰਦਾਨ ਕਰੀਏ ਅਤੇ ਉਨ੍ਹਾਂ ਦੀ ਭਲਾਈ ਲਈ ਕੰਮ ਕਰੀਏ।