Friday, December 27, 2024
spot_img

ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ‘ਚ ਤਬਦੀਲ ਕਰਨ ਲਈ ਗਰੀਨ ਹਾਈਡ੍ਰੋਜਨ ਨੀਤੀ ਲਾਹੇਵੰਦ ਸਾਬਤ ਹੋਵੇਗੀ: ਅਮਨ ਅਰੋੜਾ

Must read

ਚੰਡੀਗੜ੍ਹ : ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਗਰੀਨ ਅਤੇ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਤਿਆਰ ਕੀਤੀ ਗਰੀਨ ਹਾਈਡ੍ਰੋਜਨ ਨੀਤੀ ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ਵਿੱਚ ਤਬਦੀਲ ਕਰਨ ਵਾਸਤੇ ਲਾਹੇਵੰਦ ਸਾਬਤ ਹੋਵੇਗੀ।

ਖਰੜਾ ਗਰੀਨ ਹਾਈਡ੍ਰੋਜਨ ਨੀਤੀ ‘ਤੇ ਇੱਥੇ ਸੀ.ਆਈ.ਆਈ. ਵਿਖੇ ਕਰਵਾਏ ਗਏ ਅੱਧੇ ਦਿਨ ਦੇ ਓਪਨ-ਹਾਊਸ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਸ ਨੀਤੀ ਦਾ ਉਦੇਸ਼ ਸਾਲ 2030 ਤੱਕ 100 ਕਿੱਲੋ ਟਨ ਉਤਪਾਦਨ ਸਮਰੱਥਾ ਦੇ ਨਾਲ ਪੰਜਾਬ ਨੂੰ ਗਰੀਨ ਹਾਈਡ੍ਰੋਜਨ/ਅਮੋਨੀਆ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣਾ ਹੈ। ਇਸ ਤੋਂ ਇਲਾਵਾ ਹਾਈਡ੍ਰੋਜਨ ਪੈਦਾ ਕਰਨ ਦੀਆਂ ਨਵੀਨਤਮ ਉਤਪਾਦਨ ਸਮਰੱਥਾਵਾਂ ਜਿਵੇਂ ਬਾਇਓਮਾਸ ਗੈਸੀਫ਼ਿਕੇਸ਼ਨ, ਸਟੀਮ ਮੀਥੇਨ ਰਿਫਾਰਮਿੰਗ, ਵੇਸਟ ਵਾਟਰ ਦੀ ਇਲੈਕਟ੍ਰੋਲਾਈਸਿਸ, ਹਾਈਡ੍ਰੋਜਨ ਫਿਊਲ ਬਲੈਂਡਿੰਗ ਆਦਿ ਵਿਕਸਤ ਕਰਨਾ ਹੈ।
ਇਹ ਪਹਿਲਕਦਮੀ ਬਾਇਓਮਾਸ ਤੋਂ ਗਰੀਨ ਹਾਈਡ੍ਰੋਜਨ ਪੈਦਾ ਕਰਨ ਲਈ ਤਕਨੀਕਾਂ ਖੋਜਣ ਲਈ ਰਾਹ ਪੱਧਰਾ ਕਰੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ।

ਪੰਜਾਬ ਮੁੱਖ ਤੌਰ ‘ਤੇ ਬਾਇਓਮਾਸ ਤੋਂ ਗਰੀਨ ਹਾਈਡ੍ਰੋਜਨ ਦੇ ਉਤਪਾਦਨ ‘ਤੇ ਧਿਆਨ ਕੇਂਦਰਿਤ ਕਰ ਰਿਹਾ ਹੈ, ਜੋ ਭਵਿੱਖ ਵਿੱਚ ਜ਼ੀਰੋ-ਕਾਰਬਨ ਤਬਦੀਲੀ ਲਈ ਇੱਕ ਆਕਰਸ਼ਕ ਵਿਕਲਪ ਹੈ ਕਿਉਂਕਿ ਸੂਬੇ ਵਿੱਚ ਸਾਲਾਨਾ 20 ਮਿਲੀਅਨ ਟਨ ਪਰਾਲੀ ਪੈਦਾ ਹੁੰਦੀ ਹੈ। ਗਰੀਨ ਹਾਈਡ੍ਰੋਜਨ ਦੀ ਮਹੱਤਤਾ ਅਤੇ ਇਸ ਦੀ ਵਰਤੋਂ ਦੀ ਲੋੜ ‘ਤੇ ਜ਼ੋਰ ਦਿੰਦਿਆਂ ਪੇਡਾ ਦੇ ਚੇਅਰਮੈਨ ਐਚ.ਐਸ. ਹੰਸਪਾਲ ਨੇ ਕਿਹਾ ਕਿ ਇਸ ਨੀਤੀ ਜ਼ਰੀਏ ਸਿਰਫ਼ ਟੀਚੇ ਹੀ ਨਿਰਧਾਰਿਤ ਨਹੀਂ ਕੀਤੇ ਗਏ, ਸਗੋਂ ਇਹ ਸੂਬੇ ਦੇ ਸਸਟੇਨਬਲ ਭਵਿੱਖ ਲਈ ਸਾਡੀ ਵਚਨਬੱਧਤਾ ਦਾ ਪ੍ਰਮਾਣ ਹੈ।

ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਭਵਿੱਖ ਵਿੱਚ ਗਰੀਨ ਊਰਜਾ ਦੇ ਉਤਪਾਦਨ ਵਿੱਚ ਅਹਿਮ ਯੋਗਦਾਨ ਪਾਉਣ ਵਾਸਤੇ ਦੇਸ਼ ਦਾ ਮੋਹਰੀ ਬਣਨ ਲਈ ਵਚਨਬੱਧ ਹੈ ਜਿਸ ਨਾਲ ਨਾ ਸਿਰਫ਼ ਖੁਸ਼ਹਾਲੀ ਆਵੇਗੀ ਸਗੋਂ ਦੇਸ਼ ਦੀ ਊਰਜਾ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਨੇ ਸੂਬੇ ਦੀ ਗਰੀਨ ਹਾਈਡ੍ਰੋਜਨ ਨੀਤੀ ਤਹਿਤ ਪ੍ਰਦਾਨ ਕੀਤੇ ਜਾਣ ਵਾਲੇ ਵੱਖ-ਵੱਖ ਪ੍ਰੋਤਸਾਹਨਾਂ ਬਾਰੇ ਵੀ ਜਾਣਕਾਰੀ ਦਿੱਤੀ।

ਡਾਇਰੈਕਟਰ ਐਮ.ਪੀ. ਸਿੰਘ ਨੇ ਪੇਡਾ ਦੀਆਂ ਵੱਖ-ਵੱਖ ਪਹਿਲਕਦਮੀਆਂ ਨੂੰ ਸਾਂਝਾ ਕੀਤਾ ਜੋ ਸੂਬੇ ਦੀਆਂ ਊਰਜਾ ਸਬੰਧੀ ਲੋੜਾਂ ਨੂੰ ਪੂਰਾ ਕਰਨ ਲਈ ਪਰਾਲੀ ਦੀ ਵਰਤੋਂ ਕਰਕੇ ਲਾਹੇਵੰਦ ਈਂਧਨ/ਊਰਜਾ ਵਿੱਚ ਤਬਦੀਲ ਕਰਨ ਸਬੰਧੀ ਰਣਨੀਤੀ ‘ਤੇ ਆਧਾਰਿਤ ਹਨ।

ਇੰਟਰਡਿਸਿਪਲਨਰੀ ਸੈਂਟਰ ਫਾਰ ਐਨਰਜੀ ਐਂਡ ਰਿਸਰਚ, ਆਈ.ਆਈ.ਐਸ.ਸੀ., ਬੰਗਲੌਰ ਦੇ ਚੇਅਰਮੈਨ ਪ੍ਰੋ. ਡਾ. ਐਸ. ਦਸੱਪਾ ਅਤੇ ਡਾਇਰੈਕਟਰ ਜਨਰਲ ਨੈਸ਼ਨਲ ਇੰਸਟੀਚਿਊਟ ਆਫ਼ ਬਾਇਓ-ਐਨਰਜੀ, ਐਮ.ਐਨ.ਆਰ.ਈ., ਭਾਰਤ ਸਰਕਾਰ ਡਾ. ਜੀ. ਸ੍ਰੀਧਰ ਨੇ ਗਰੀਨ ਅਤੇ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਪੇਡਾ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾ ਵੀ ਕੀਤੀ। ਡਾ. ਐਸ. ਦਸੱਪਾ ਨੇ ਬਾਇਓਮਾਸ ਤੋਂ ਹਾਈਡ੍ਰੋਜਨ ਪੈਦਾ ਕਰਨ ਲਈ ਨਵੀਨਤਮ ਤਕਨਾਲੋਜੀ ਬਾਰੇ ਇੱਕ ਪੇਸ਼ਕਾਰੀ ਦਿੱਤੀ। ਪੇਡਾ ਤੋਂ ਰੋਹਿਤ ਕੁਮਾਰ ਨੇ ਵੀ ਪੰਜਾਬ ਰਾਜ ਲਈ ਡਰਾਫਟ ਗਰੀਨ ਹਾਈਡ੍ਰੋਜਨ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਇੱਕ ਪੇਸ਼ਕਾਰੀ ਦਿੱਤੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article