ਮਾਨਸਾ, 29 ਜੁਲਾਈ : ਮਾਨਸਾ ਜ਼ਿਲ੍ਹੇ ਦੇ ਪਿੰਡ ਝੰਡੂਕੇ ਵਿਖੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਅੱਜ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ‘ਤੇ ਸ਼ਿਕੰਜਾ ਕੱਸਦਿਆਂ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ ਕੀਤਾ ਹੈ। ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੁਆਲਿਟੀ ਕੰਟਰੋਲ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਦੀ ਅਗਵਾਈ ਹੇਠ ਟੀਮ ਨੇ ਮੈਸਰਜ਼ ਦੰਦੀਵਾਲ ਬੀਜ ਭੰਡਾਰ, ਝੰਡੂਕੇ ਵਿਖੇ ਛਾਪਾ ਮਾਰ ਕੇ 6 ਲੱਖ ਰੁਪਏ ਦੀ ਕੀਮਤ ਦੇ ਕੁੱਲ 8.82 ਕੁਇੰਟਲ ਕੀਟਨਾਸ਼ਕ ਪਾਊਡਰ ਅਤੇ 29 ਲੀਟਰ ਤਰਲ ਕੀਟਨਾਸ਼ਕ ਜ਼ਬਤ ਕੀਤੇ ਹਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕੀਟਨਾਸ਼ਕ ਐਕਟ 1968 ਅਤੇ ਨਿਯਮ 1971 ਦੇ ਤਹਿਤ ਵੱਖ-ਵੱਖ ਕੀਟਨਾਸ਼ਕਾਂ ਦੇ ਕੁੱਲ 6 ਨਮੂਨੇ ਵੀ ਲਏ ਗਏ ਹਨ ਅਤੇ ਵਿਭਾਗ ਨੇ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ।
ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਨੂੰ ਘਟੀਆ ਦਰਜੇ ਦੀਆਂ/ਨਕਲੀ ਖਾਦਾਂ ਜਾਂ ਕਿਸੇ ਹੋਰ ਖੇਤੀ ਉਤਪਾਦ ਸਬੰਧੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਹ ਪਹਿਲ ਦੇ ਆਧਾਰ ‘ਤੇ ਬਣਦੀ ਕਾਰਵਾਈ ਯਕੀਨੀ ਬਣਾਉਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।