ਪੰਜਾਬ-ਹਰਿਆਣਾ ਦੇ ਖਨੌਰੀ ਅਤੇ ਸ਼ੰਭੂ ਸਰਹੱਦਾਂ ‘ਤੇ ਕਿਸਾਨ ਅਜੇ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਈ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਵੀ ਹੋਵੇਗੀ। ਇਸ ‘ਚ ਹਾਈ ਪਾਵਰ ਕਮੇਟੀ ਦੀ ਅੰਤ੍ਰਿਮ ਰਿਪੋਰਟ ਦੇ ਨਾਲ-ਨਾਲ 22 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਕੇਸ ਦੀ ਵੀ ਸੁਣਵਾਈ ਹੋਣੀ ਹੈ।
ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਰ ਵਿਗੜੀ ਰਹੀ ਹੈ। ਡਾਕਟਰ ਨੇ ਕਿਹਾ ਕਿ ਉਨ੍ਹਾਂ ਦੀ ਕਿਡਨੀ ’ਚ ਸਮੱਸਿਆ ਪੈਦਾ ਹੋ ਰਹੀ ਹੈ। ਅੱਜ ਡੱਲੇਵਾਲ ਨੂੰ ਸਟੇਜ ’ਤੇ ਨਹੀਂ ਲਿਆਂਦਾ ਗਿਆ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਵਿਚ ਬੁੱਧਵਾਰ ਦੁਪਹਿਰ 12 ਵਜੇ ਤੋਂ ਤਿੰਨ ਘੰਟੇ ਲਈ ‘ਰੇਲ ਰੋਕੋ’ ਅੰਦੋਲਨ ਦੀ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਇਸ ਧਰਨੇ ਵਿਚ ਸ਼ਾਮਲ ਹੋਣ ਲਈ ਕਿਹਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ‘ਤੇ ਚਰਚਾ ਕਰਨ ਲਈ ਕਾਂਗਰਸੀ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਮੰਗਲਵਾਰ ਨੂੰ ਲੋਕ ਸਭਾ ‘ਚ ਮੁਲਤਵੀ ਮਤਾ ਪੇਸ਼ ਕੀਤਾ।
ਇਸੇ ਦੌਰਾਨ ਸਾਬਕਾ ਗਵਰਨਰ ਸੱਤਿਆਪਾਲ ਮਲਿਕ ਨੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਡੱਲੇਵਾਲ ਦੀ ਹਾਲਤ ਵੇਖ ਕੇ ਪ੍ਰੇਸ਼ਾਨ ਹਾਂ ਅਤੇ ਕਿਹਾ ਕਿ ਮੇਰੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਕਿਸਾਨਾਂ ਨਾਲ ਗੱਲ ਕੀਤੀ ਜਾਵੇ।