ਲੁਧਿਆਣਾ, 31 ਅਗਸਤ: ਹਨੇਰੇ ਵਾਲੇ ਸਥਾਨਾਂ ਨੂੰ ਰੌਸ਼ਨ ਕਰਨ ਅਤੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸ਼ਨੀਵਾਰ ਨੂੰ ਖਰਾਬ ਸਟਰੀਟ ਲਾਈਟ ਖੰਭਿਆਂ ਦੀ ਮੁਰੰਮਤ ਅਤੇ ਨਵੀਆਂ ਐਲ.ਈ.ਡੀ ਸਟਰੀਟ ਲਾਈਟਾਂ ਲਗਾਉਣ ਲਈ ਲਗਭਗ 76 ਲੱਖ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਦੀ ਸ਼ੁਰੂਆਤ ਸ਼ਨੀਵਾਰ ਨੂੰ ਗਿੱਲ ਰੋਡ ਤੋਂ ਕੀਤੀ ਗਈ।
ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਤਹਿਤ ਖਰਾਬ ਸਟਰੀਟ ਲਾਈਟਾਂ ਦੇ ਖੰਭਿਆਂ ਦੀ ਮੁਰੰਮਤ, ਕੇਬਲ ਲਗਾਉਣ ਆਦਿ ‘ਤੇ ਕਰੀਬ 40 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਤੌਂ ਇਲਾਵਾ ਜਿੱਥੇ ਲਾਈਟਾਂ ਨਹੀਂ ਹਨ, ਉਹਨਾਂ ਹਨੇਰੇ ਪੈਚਾਂ ‘ਤੇ ਨਵੀਆਂ ਐਲ.ਈ.ਡੀ ਸਟਰੀਟ ਲਾਈਟਾਂ ਲਗਾਉਣ ‘ਤੇ ਲਗਭਗ 36 ਲੱਖ ਰੁਪਏ ਖਰਚ ਕੀਤੇ ਜਾਣਗੇ।
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਲਾਕਾ ਨਿਵਾਸੀਆਂ ਤੋਂ ਫੀਡਬੈਕ ਪ੍ਰਾਪਤ ਕੀਤੀ ਜਾ ਰਹੀ ਹੈ ਅਤੇ ਜ਼ਮੀਨੀ ਪੱਧਰ ‘ਤੇ ਦਰਪੇਸ਼ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ। ਇਹਨਾਂ ਪ੍ਰੋਜੈਕਟਾਂ ਨਾਲ, ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਲਕੇ ਦੇ ਹਨੇਰੇ ਪੁਆਇੰਟਾਂ ਨੂੰ ਰੋਸ਼ਨ ਕੀਤਾ ਜਾਵੇਗਾ।
ਵਿਧਾਇਕ ਪਰਾਸ਼ਰ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਦਾ ਧਿਆਨ ਟਿਕਾਊ ਵਿਕਾਸ ‘ਤੇ ਹੈ। ਉਦਘਾਟਨੀ ਸਮਾਰੋਹ ਦੌਰਾਨ ਮਨਜੀਤ ਸਿੰਘ, ਸਤੀਸ਼ ਕੁਮਾਰ, ਸੋਮਨਾਥ ਸੂਦ, ਵਿਜੇ ਮੌਰਆ, ਜੌਨੀ ਵਰਮਾ, ਵਿਕਰਮ ਪ੍ਰਤਾਪ ਆਦਿ ਵੀ ਹਾਜ਼ਰ ਸਨ।