ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ‘ਤੇ 25 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਲਗਾਤਾਰ ਤੀਜੇ ਦਿਨ ਸੁਣਵਾਈ ਹੋਈ। ਇੱਥੇ ਪੰਜਾਬ ਸਰਕਾਰ ਦੇ ਅਟਾਰਨੀ ਜਨਰਲ (AG) ਗੁਰਮਿੰਦਰ ਸਿੰਘ ਨੇ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਅਪਡੇਟ ਕੀਤੀ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ।
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਕਿ ਡੱਲੇਵਾਲ ਨੂੰ ਹਸਪਤਾਲ ਸ਼ਿਫਟ ਕੀਤਾ ਜਾਵੇ। ਇਸ ਮੌਕੇ ਅਦਾਲਤ ਨੇ ਕਿਸਾਨ ਲੀਡਰ ਦਾ ਸਿਟੀ ਸਕੈਨ ਨਾ ਹੋਣ ਨੂੰ ਲੈ ਕੇ ਝਾੜ ਪਾਈ ਤੇ ਕਿਹਾ ਕਿ ਇਸ ਦੀ ਜ਼ਿੰਮੇਵਾਰੀ ਕੌਣ ਲਵੇਗਾ।
ਸੁਪਰੀਮ ਕੋਰਟ ਨੇ ਰਾਜ ਦੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਇਸ ਸਬੰਧ ਵਿੱਚ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਡੱਲੇਵਾਲ ਨੂੰ ਇੱਕ ਅਸਥਾਈ ਹਸਪਤਾਲ ਵਿੱਚ ਤਬਦੀਲ ਕੀਤਾ ਜਾਵੇਗਾ ਤੇ ਸਾਰੇ ਲੋੜੀਂਦੇ ਟੈਸਟ ਤੇ ਇਲਾਜ ਨਿਰੰਤਰ ਕੀਤਾ ਜਾਵੇਗਾ।