ਅੰਮ੍ਰਿਤਸਰ ਦੇ ਮਜੀਠਾ ‘ਚ ਅੱਜ ਸਵੇਰੇ ਡਿਊਟੀ ‘ਤੇ ਜਾ ਰਹੇ ਪੰਜਾਬ ਪੁਲਿਸ ਦੇ ਏਐਸਆਈ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਹਮਲਾਵਰ ਬਾਈਕ ‘ਤੇ ਸਵਾਰ ਹੋ ਕੇ ਆਏ ਅਤੇ ਏਐਸਆਈ ‘ਤੇ ਦੋ ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ।
ਗੋਲੀਆਂ ਲੱਗਣ ਨਾਲ ਏਐਸਆਈ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀ ਕੁਝ ਹੀ ਦੇਰ ਵਿੱਚ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਪੁਲੀਸ ਮੁਲਾਜ਼ਮ ਦੀ ਪਛਾਣ ਜੋਗਾ ਸਿੰਘ ਵਜੋਂ ਹੋਈ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ। ਪੁਲੀਸ ਨੇ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕਰ ਲਏ ਹਨ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।
ਪੰਜਾਬ ਪੁਲੀਸ ਦੇ ਟਰੈਫਿਕ ਵਿਭਾਗ ਵਿੱਚ ਤਾਇਨਾਤ ਏਐਸਆਈ ਜੋਗਾ ਸਿੰਘ ਗੁਰਦਾਸਪੁਰ ਦੇ ਬਾਂਗਰ ਦੇ ਪਿੰਡ ਘਣੀਆ ਦਾ ਰਹਿਣ ਵਾਲਾ ਸੀ। ਸਵੇਰੇ 6 ਵਜੇ ਦੇ ਕਰੀਬ ਉਹ ਆਪਣੇ ਸਕੂਟਰ (ਪੀ.ਬੀ.06ਬੀ.ਜੇ.-6614) ‘ਤੇ ਡਿਊਟੀ ਲਈ ਅੰਮ੍ਰਿਤਸਰ ਜਾ ਰਿਹਾ ਸੀ। ਮਜੀਠਾ ਤੋਂ ਕਰੀਬ 1 ਕਿਲੋਮੀਟਰ ਪਹਿਲਾਂ ਰਸਤੇ ਵਿਚ ਬਾਈਕ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਉਸ ਦੇ ਸਕੂਟਰ ਨੂੰ ਘੇਰ ਲਿਆ।
ਇਸ ਤੋਂ ਬਾਅਦ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਏਐਸਆਈ ਨੂੰ ਦੋ ਗੋਲੀਆਂ ਲੱਗੀਆਂ। ਇੱਕ ਛਾਤੀ ਦੇ ਖੱਬੇ ਪਾਸੇ ਅਤੇ ਦੂਜਾ ਕਮਰ ਉੱਤੇ। ਇਸ ਕਾਰਨ ਏਐਸਆਈ ਗੰਭੀਰ ਜ਼ਖ਼ਮੀ ਹੋ ਗਿਆ। ਹਾਲਾਂਕਿ ਸਵੇਰ ਦਾ ਸਮਾਂ ਸੀ, ਇਸ ਲਈ ਕੋਈ ਵੀ ਉਸ ਦੀ ਮਦਦ ਲਈ ਨਹੀਂ ਪਹੁੰਚ ਸਕਿਆ, ਜਿਸ ਕਾਰਨ ਉਸ ਦੀ ਦਰਦਨਾਕ ਹਾਲਤ ‘ਚ ਮੌਕੇ ‘ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਐਸਐਸਪੀ ਸੁਹੇਲ ਮੀਰ ਕਾਸਿਮ, ਡੀਐਸਪੀ ਕਮਲਮੀਤ ਸਿੰਘ ਅਤੇ ਐਸਐਚਓ ਕਰਮਪਾਲ ਸਿੰਘ ਪੁਲੀਸ ਟੀਮ ਨਾਲ ਮੌਕੇ ’ਤੇ ਪੁੱਜੇ। ਮੌਕੇ ‘ਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ, ਜਿਸ ਨੇ ਸਬੂਤ ਇਕੱਠੇ ਕੀਤੇ। ਮੌਕੇ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਹੋਏ ਹਨ।




