ਮੋਦੀ ਸਰਕਾਰ ਵਲੋਂ ਦੇਸ਼ ਦੇ ਆਮ ਬਜਟ ‘ਚ ਪੰਜਾਬ ਲਈ ਕੋਈ ਨਵਾਂ ਐਲਾਨ ਨਾ ਹੋਣ ‘ਤੇ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪੰਜਾਬ ਦੇ ਲੋਕ ਸਭਾ ਦੇ ਮੈਂਬਰਾਂ ਨੇ ਸਾਂਝੇ ਤੌਰ ਤੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੇ ਆਮ ਬਜਟ ਵਿੱਚ ਪੰਜਾਬ ਨੂੰ ਕੁਝ ਨਾ ਦੇ ਕੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ।
ਲੋਕ ਸਭਾ ਵਿੱਚ ਬਜਟ ਭਾਸ਼ਣ ਤੋਂ ਬਾਅਦ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਕਾਂਗਰਸੀ ਸੰਸਦ ਮੈਂਬਰਾਂ ਨੇ ਦੋਸ਼ ਲਾਇਆ ਕਿ ਸਰਹੱਦੀ ਸੂਬਾ ਹੋਣ ਦੇ ਬਾਵਜੂਦ ਮੋਦੀ ਸਰਕਾਰ ਨੇ ਇਕ ਵਾਰ ਫਿਰ ਸੂਬੇ ਲਈ ਕੋਈ ਐਲਾਨ ਨਹੀਂ ਕੀਤਾ।
ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਨੂੰ ਕੁਝ ਨਹੀਂ ਦਿੱਤਾ ਗਿਆ। ਇਹ ਇੱਕ ਸਰਹੱਦੀ ਰਾਜ ਹੈ। ਅੱਜ ਸਾਡੇ ਨਾਲ ਧੋਖਾ ਹੋਇਆ ਹੈ। ਅਜਿਹਾ ਇਸ ਲਈ ਹੋਇਆ ਹੈ ਕਿਉਂਕਿ ਭਾਜਪਾ ਨੂੰ ਪੰਜਾਬ ਵਿਚ ਇਕ ਵੀ ਸੀਟ ਨਹੀਂ ਮਿਲੀ।