Friday, July 26, 2024
spot_img

‘ਧੀਆਂ ਦੀ ਲੋਹੜੀ’ ਮਨਾਉਣਾ ਸਮੇਂ ਦੀ ਲੋੜ : ਡਾ. ਬਲਜੀਤ ਕੌਰ

Must read

ਦਿ ਸਿਟੀ ਹੈੱਡ ਲਾਈਨਸ

ਸਰਕਾਰੀ ਸਕੂਲ ਦਾ ਨਾਮ ਸ਼ਹੀਦ ਨਾਇਕ ਬੂਟਾ ਸਿੰਘ ਦੇ ਨਾਂ ‘ਤੇ ਰੱਖਿਆ

ਰਾਏਕੋਟ/ਲੁਧਿਆਣਾ, 29 ਜਨਵਰੀ – ਨਵਜੰਮੀਆ ਬੱਚੀਆ ਨੂੰ ਸਮਾਜ਼ ਵਿੱਚ ਸਮਾਨਤਾ ਦਾ ਅਧਿਕਾਰ ਦਿਵਾਉਣ ਅਤੇ ਸੂਬੇ ਦੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਧੀਆਂ ਦੀ ਲੋਹੜੀ ਮਨਾਉਣਾ ਸਮੇਂ ਦੀ ਲੋੜ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ, ਸਿਹਤ, ਸਿੱਖਿਆ ਅਤੇ ਪੇਂਡੂ ਵਿਕਾਸ ਵਿਭਾਗ ਵਲੋਂ ਸਾਂਝੇ ਤੌਰ ‘ਤੇ ਮਨਾਏ ‘ਧੀਆਂ ਦੀ ਲੋਹੜੀ’ ਸਮਾਗਮ ਮੌਕੇ ਕੀਤਾ। ਇਹ ਸਮਾਗਮ ਸਥਾਨਕ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਬੁਰਜ ਹਰੀ ਸਿੰਘ, ਬਲਾਕ ਰਾਏਕੋਟ ਵਿਖੇ ਮਨਾਇਆ ਗਿਆ ਜਿੱਥੇ ਨਵਜੰਮੀਆਂ ਬੱਚੀਆਂ ਤੇ ਮਾਪੇ ਵੀ ਸਮਾਰੋਹ ਵਿੱਚ ਸ਼ਾਮਲ ਹੋਏ।

ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਵਿਧਾਇਕ ਸ੍ਰੀ ਹਾਕਮ ਸਿੰਘ ਠੇਕੇਦਾਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ. ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਰਾਏਕੋਟ ਸ. ਸੁਖਰਾਜ ਸਿੰਘ, ਐਸ.ਡੀ.ਐਮ. ਜਗਰਾਉਂ ਸ. ਗੁਰਬੀਰ ਸਿੰਘ ਕੋਹਲੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਡਿੰਪਲ ਮਦਾਨ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਨੁਪ੍ਰਿਆ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਵਿੱਖ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਧੀਆਂ ਦੇ ਸਤਿਕਾਰ ਅਤੇ ਨਾਰੀ ਸਸ਼ਕਤੀਕਰਨ ਤਹਿਤ ਅਨੇਕਾਂ ਪਹਿਲਕਦਮੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਰੀਤੀ ਰਿਵਾਜਾਂ ਦੇ ਖਿਲਾਫ ਚੱਲਣਾ ਬੇਸ਼ੱਕ ਮੁਸ਼ਕਿਲ ਹੈ ਪਰ ਪੰਜਾਬ ਸਰਕਾਰ ਵਲੋਂ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਦੇ ਮੰਤਵ ਨਾਲ ਧੀਆਂ ਨੂੰ ਵੱਧ ਤੋਂ ਵੱਧ ਸਰਕਾਰੀ ਨੌਕਰੀਆਂ ਅਤੇ ਹੋਰ ਉੱਚੇ ਅਹੁੱਦਿਆਂ ‘ਤੇ ਬਿਰਾਜਮਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮਾਈ ਭਾਗੋ ਵਲੋਂ ਨਿਭਾਇਆ ਅਹਿਮ ਯੋਗਦਾਨ ਅਤੇ ਮਾਤਾ ਗੁੱਜਰੀ ਦੀ ਕੁਰਬਾਨੀ ਨੂੰ ਵੀ ਯਾਦ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸੂਬਾ ਸਾਡੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਲਾਸਾਨੀ ਕੁਰਬਾਨੀਆਂ ਨੇ ਹਮੇਸ਼ਾ ਯਾਦ ਰੱਖਦਾ ਹੈ ਜਿਸਦੇ ਤਹਿਤ ਅੱਜ ਉਨ੍ਹਾਂ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਬੁਰਜ ਹਰੀ ਸਿੰਘ ਦਾ ਨਾਮ ਸ਼ਹੀਦ ਨਾਇਕ ਬੂਟਾ ਸਿੰਘ ਦੇ ਨਾਂ ‘ਤੇ ਰੱਖਿਆ ਹੈ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸ਼ਹੀਦ ਨਾਇਕ ਬੂਟਾ ਸਿੰਘ ਦੀ ਪਤਨੀ ਸ੍ਰੀਮਤੀ ਹਰਪ੍ਰੀਤ ਕੌਰ ਅਤੇ ਸਿਨੀਅਰ ਸਿਟੀਜਨਾਂ ਦੀ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਿਰਧ ਆਸ਼ਰਮਾਂ ਦੀ ਵੱਧ ਰਹੀ ਮੰਗ ਦੇ ਮੱਦੇਨਜ਼ਰ, ਪੰਜਾਬ ਸਰਕਾਰ ਬਜੁ਼ਰਗਾਂ ਦੀ ਦੀ ਸਿਹਤ, ਸੁਰੱਖਿਆ ਅਤੇ ਉਨ੍ਹਾ ਦੇ ਅਹਿਸਾਸ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਜਿਸਦੇ ਤਹਿਤ ਅੱਜ ਉਨ੍ਹਾਂ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ ਜਿਸ ਵਿੱਚ ਬਜ਼ੁਰਗਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਮੁਹੱਈਆਂ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਬਜੁ਼ਰਗਾਂ ਦੇ ਪੈਨਸ਼ਨ ਫਾਰਮ ਭਰੇ ਗਏ ਅਤੇ ਸੀਨੀਅਰ ਸਿਟਿਜਨ ਕਾਰਡ ਵੀ ਬਣਾਏ ਗਏ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿੱਢੀ ਮੁਹਿੰਮ ‘ਸਾਡੇ ਬਜੁਰਗ, ਸਾਡਾ ਮਾਣ’ ਪਹਿਲਾਂ ਜ਼ਿਲ੍ਹਾ ਪੱਧਰ ‘ਤੇ ਚਲਾਈ ਗਈ ਸੀ ਜਿਸ ਨੂੰ ਬਜੁ਼ਰਗਾਂ ਦੀ ਭਲਾਈ ਲਈ ਹੁਣ ਪਿੰਡ-ਪਿੰਡ ਪਹੁੰਚਾਇਆ ਜਾਵੇਗਾ। ਉਨ੍ਹਾ ਕਿਹਾ ਕਿ ਆਉਣ ਵਾਲੇ ਸਮੇਂ ਅਜਿਹੇ ਹੋਰ ਕੈਂਪਾਂ ਤੋਂ ਇਲਾਵਾ ਦਿਵਿਆਂਜਨਾਂ ਲਈ ਵੀ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।

ਉਨ੍ਹਾ ਕਿਹਾ ਕਿ ਅਜੋਕੇ ਸਮੇਂ ਵਿੱਚ ਇੱਕਲੇ ਪਰਿਵਾਰ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਜਾਂ ਨੌਕਰੀ ਦੀ ਬੇਬਸੀ ਕਰਕੇ ਬੱਚੇ ਦਾਦਕੇ ਪਰਿਵਾਰ ਤੋਂ ਦੂਰ ਰਹਿ ਰਹੇ ਹਨ, ਪਰ ਬੱਚਿਆਂ ਨੂੰ ਸਹੀ ਦਿਸ਼ਾ ਦੇਣ ਲਈ ਬਜੁਰਗਾਂ ਦਾ ਤਜ਼ਰਬਾ ਬੇਹੱਦ ਲਾਭਕਾਰੀ ਹੈ।

ਉਨ੍ਹਾਂ ਇਲਾਕੇ ਦੇ ਵਸਨੀਕਾਂ ਵਲੋਂ ਦੱਸੀਆਂ ਮੁਸ਼ਕਿਲਾਂ ਦੇ ਜਲਦ ਨਿਪਟਾਰੇ ਦਾ ਭਰੋਸਾ ਦਿੰਦਿਆਂ ਕਿਹਾ ਕਿ ਪਿੰਡ ਦੇ ਛੱਪਣ ਦੀ ਨਿਕਾਸੀ ਦਾ ਮਾਮਲਾ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ, ਸਕੂਲੀ ਬੱਸ ਮਾਮਲੇ ‘ਤੇ ਜਲਦ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਿੰਡ ਵਿੱਚ ਦਿੱਤੀ ਗਈ 10 ਲੱਖ ਰੁਪਏ ਦੀ ਗ੍ਰਾਂਟ ਵਿੱਚੋਂ ਬਚੇ ਹੋਏ 5 ਲੱਖ ਰੁਪਏ ਨੂੰ ਵੀ ਲੋੜੀਦੇ ਕਾਰਜ਼ਾਂ ਲਈ ਵਰਤਣ ਦੇ ਨਿਰਦੇਸ਼ ਜਾਰੀ ਕੀਤੇ।

ਵਿਧਾਇਕ ਸ੍ਰੀ ਹਾਕਮ ਸਿੰਘ ਠੇਕੇਦਾਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣਾ ਕਾਰਜਭਾਰ ਸੰਭਾਲਣ ਤੋਂ ਹੁਣ ਤੱਕ ਸ਼ਹੀਦਾਂ ਦਾ ਸਨਮਾਨ ਕਰਦੀ ਆ ਰਹੀ ਹੈ। ਉਨ੍ਹਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਸਰਕਾਰੀ ਸਕੂਲ ਦਾ ਨਾਮ ਸ਼ਹੀਦ ਨਾਇਕ ਬੂਟਾ ਸਿੰਘ ਦੇ ਨਾਂ ‘ਤੇ ਰੱਖਣ ਲਈ ਵੀ ਵਿਸ਼ੇਸ਼ ਧੰਨਵਾਦ ਕੀਤਾ।

ਇਸ ਮੌਕੇ ਭਰੂਣ ਹੱਤਿਆ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ, ਆਂਗਣਵਾੜੀ ਵਰਕਰਾਂ ਅਤੇ ਡਾ. ਦੁਆਰਕਾ ਨਾਥ ਸਕੂਲ ਦੀਆਂ ਵਿਦਿਆਰਥਣਾਂ ਨੇ ਬੋਲੀਆਂ ਤੇ ਗਿੱਧਾ ਪਾਇਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article