ਸਤਿਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਇਆ, ਗੁਰੂ ਨਗਰੀ ਅੰਮ੍ਰਿਤਸਰ ਸਾਹਿਬ ਵਿਖੇ ਪਹਿਲੇ ਗੁਰੂ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਲੱਖਾਂ ਸੰਗਤਾਂ ਨੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।
ਸਤਿਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਇਆ, ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਵਿਦੇਸ਼ ਵਿੱਚ ਲੋਕ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।ਉੱਥੇ ਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਦਰਬਾਰ ਸਾਹਿਬ ‘ਤੇ ਮੱਥਾ ਟੇਕਣ ਪਹੁੰਚ ਰਹੀਆਂ ਹਨ। ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 555 ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਦੇ ਲਈ ਸੰਗਤਾਂ ਅੰਮ੍ਰਿਤਸਰ ਦਰਬਾਰ ਸਾਹਿਬ ਵਿੱਚ ਪਹੁੰਚੀਆਂ। ਸੰਗਤਾਂ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸੰਗਤਾਂ ਦੇ ਵਿੱਚ ਕਾਫੀ ਉਤਸਾਹ ਦੇਖਣ ਨੂੰ ਮਿਲਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਆਪਣੇ ਪਰਿਵਾਰਾਂ ਦੇ ਨਾਲ ਦਰਬਾਰ ਸਾਹਿਬ ਪਹੁੰਚੇ। ਉਹਨਾਂ ਨੇ ਪਵਿੱਤਰ ਸਰੋਵਰ ਦੇ ਵਿੱਚ ਇਸ਼ਨਾਨ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਦੌਰਾਨ ਮੱਥਾ ਟੇਕਣ ਆਈ ਸੰਗਤਾਂ ਦੀਆਂ ਲੰਬੀਆਂ ਲੰਬੀਆਂ ਕਤਾਰਾਂ ਵੀ ਦੇਖਣ ਨੂੰ ਮਿਲੀਆਂ। ਦੂਜੇ ਪਾਸੇ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੇ ਵਿੱਚ ਵੀ ਸੰਗਤਾਂ ਦਾ ਠਾਠਾ ਮਾਰਦਾ ਇਕੱਠ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਦੇਖਣ ਨੂੰ ਮਿਲਿਆ। ਸ੍ਰੀ ਹਰਿਮੰਦਰ ਸਾਹਿਬ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।