ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਇਆ ਹੈ। ਹਾਈਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਮਾਣਹਾਨੀ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ‘ਤੇ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦਾ ਦੋਸ਼ ਹੈ। ਅਦਾਲਤ ਨੇ ਪਹਿਲਾਂ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ 15 ਦਿਨਾਂ ਦੇ ਅੰਦਰ ਨਗਰ ਨਿਗਮ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਪਰ ਇਸ ਦਿਸ਼ਾ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਤੋਂ ਬਾਅਦ ਇਸ ਸਬੰਧੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਹੁਣ ਅਦਾਲਤ ਨੇ ਹੁਕਮਾਂ ‘ਚ ਕਿਹਾ ਹੈ ਕਿ ਜੇਕਰ 10 ਦਿਨਾਂ ‘ਚ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਤਾਂ 50,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ ਅਤੇ ਮਾਣਹਾਨੀ ਦਾ ਮਾਮਲਾ ਵੀ ਦਰਜ ਚੱਲੇਗਾ।
ਦਸ ਦੇਈਏ ਕਿ ਪੰਜਾਬ ਦੇ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਦਾ ਪੰਜ ਸਾਲਾ ਕਾਰਜਕਾਲ ਖਤਮ ਹੋ ਗਿਆ ਹੈ। ਜਿਸ ਨੂੰ ਬਹੁਤ ਸਮਾਂ ਵੀ ਹੀ ਗਿਆ ਹੈ। ਪਰ ਸਰਕਾਰ ਨੇ ਅਜੇ ਤੱਕ ਚੋਣਾਂ ਨਹੀਂ ਕਰਵਾਈਆਂ। ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚਿਆ ਸੀ। 14 ਅਕਤੂਬਰ ਨੂੰ ਸੁਣਵਾਈ ਤੋਂ ਬਾਅਦ ਅਦਾਲਤ ਨੇ ਹੁਕਮ ਦਿੱਤਾ ਸੀ ਕਿ ਬਿਨਾਂ ਵਾਰਡਬੰਦੀ ਦੇ 15 ਦਿਨਾਂ ਦੇ ਅੰਦਰ ਚੋਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਪਰ ਇਹ ਕਾਰਵਾਈ ਮਿੱਥੇ ਸਮੇਂ ਵਿੱਚ ਨਹੀਂ ਹੋਈ। ਇਸ ਦੌਰਾਨ ਸਰਕਾਰੀ ਛੁੱਟੀਆਂ ਵੀ ਆ ਗਈਆਂ ਸਨ। ਇਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਹੁਕਮ ਜਾਰੀ ਕੀਤੇ ਹਨ।