ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਹੇਰਾਫੇਰੀ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਦੀ ਸਖ਼ਤ ਨਿਖੇਧੀ ਕੀਤੀ ਹੈ। ਇਨ੍ਹਾਂ ਯਤਨਾਂ ਦੇ ਬਾਵਜੂਦ, ਪੰਜਾਬ ਭਰ ਦੇ 50-60% ਪਿੰਡਾਂ ਵਿੱਚ ਕਾਂਗਰਸ ਦੇ ਸਰਪੰਚ ਜੇਤੂ ਬਣ ਕੇ ਉੱਭਰੇ ਹਨ, ਜੋ ਕਾਂਗਰਸ ਦੀ ਸ਼ਾਨਦਾਰ ਜਿੱਤ ਅਤੇ ‘ਆਪ’ ਦੇ ਕੁਸ਼ਾਸਨ ਅਤੇ ਝੂਠੇ ਵਾਅਦਿਆਂ ਨੂੰ ਸਪੱਸ਼ਟ ਤੌਰ ‘ਤੇ ਰੱਦ ਕਰਨ ਦੀ ਨਿਸ਼ਾਨਦੇਹੀ ਕਰਦੇ ਹਨ।
ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਾਂਗਰਸ ਪਾਰਟੀ ਦੀ ਸਫਲਤਾ ‘ਤੇ ਮਾਣ ਜ਼ਾਹਰ ਕਰਦੇ ਹੋਏ ਕਿਹਾ, ਪੰਜਾਬ ਦੇ ਲੋਕਾਂ ਨੇ ਅੱਜ ਇੱਕ ਸ਼ਕਤੀਸ਼ਾਲੀ ਸੰਦੇਸ਼ ਦਿੱਤਾ ਹੈ। ਪੰਚਾਇਤੀ ਚੋਣਾਂ ‘ਤੇ ਦਬਦਬਾ ਬਣਾਉਣ ਲਈ ‘ਆਪ’ ਦੀ ਲਗਾਤਾਰ ਹੇਰਾਫੇਰੀ ਅਤੇ ਤਾਕਤ ਦੀ ਦੁਰਵਰਤੋਂ ਦੇ ਬਾਵਜੂਦ, ਕਾਂਗਰਸ ਦੇ ਉਮੀਦਵਾਰਾਂ ਨੇ ਸੂਬੇ ਦੇ ਅੱਧੇ ਤੋਂ ਵੱਧ ਪਿੰਡਾਂ ਵਿੱਚ ਲੋਕਾਂ ਦਾ ਵਿਸ਼ਵਾਸ ਜਿੱਤ ਲਿਆ ਹੈ। ਇਹ ਜਿੱਤ ਨਾ ਸਿਰਫ਼ ਸਾਡੀ ਪਾਰਟੀ ਦੀ ਸਖ਼ਤ ਮਿਹਨਤ ਦਾ ਪ੍ਰਤੀਬਿੰਬ ਹੈ, ਸਗੋਂ ਪੰਜਾਬ ਲਈ ਸਾਡੇ ਵਿਜ਼ਨ ‘ਤੇ ਲੋਕਾਂ ਦੇ ਭਰੋਸੇ ਦਾ ਵੀ ਪ੍ਰਤੀਕ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਚੋਣ ਨਤੀਜੇ ਪੰਜਾਬ ਵਿੱਚ ‘ਆਪ’ ਦੇ ਨਾਕਾਮ ਸ਼ਾਸਨ ਦੀ ਸਖ਼ਤ ਨਿੰਦਿਆ ਹਨ। “ਪਿਛਲੇ ਢਾਈ ਸਾਲਾਂ ਤੋਂ ‘ਆਪ’ ਨੇ ਪੰਜਾਬ ਦੇ ਲੋਕਾਂ ਨੂੰ ਖੋਖਲੇ ਵਾਅਦਿਆਂ ਅਤੇ ਮਾੜੇ ਪ੍ਰਸ਼ਾਸਨ ਨਾਲ ਧੋਖਾ ਦੇਣ ਤੋਂ ਇਲਾਵਾ ਕੁਝ ਨਹੀਂ ਕੀਤਾ। ਇਨ੍ਹਾਂ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਉਨ੍ਹਾਂ ਦੀ ਕੋਸ਼ਿਸ਼ ਲੋਕਤੰਤਰ ਪ੍ਰਤੀ ਉਨ੍ਹਾਂ ਦੇ ਨਿਰਾਦਰ ਦੀ ਇਕ ਹੋਰ ਮਿਸਾਲ ਹੈ। ਪਰ ਪੰਜਾਬ ਦੇ ਲੋਕਾਂ ਨੇ ਆਪਣੇ ਪਿੰਡਾਂ ਦੀ ਅਗਵਾਈ ਕਰਨ ਲਈ ਕਾਂਗਰਸ ਨੂੰ ਚੁਣਿਆ ਹੈ, ਜਿਸ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ‘ਆਪ’ ਦੇ ਹੇਰਾਫੇਰੀ ਦੇ ਦਿਨ ਖਤਮ ਹੋ ਗਏ ਹਨ।
ਵੜਿੰਗ ਨੇ ਪੰਜਾਬ ਦੇ ਲੋਕਾਂ ਵੱਲੋਂ ‘ਆਪ’ ਦੀਆਂ ਚਾਲਾਂ ਦਾ ਡੱਟ ਕੇ ਵਿਰੋਧ ਕਰਨ ਲਈ ਪ੍ਰਸ਼ੰਸਾ ਕੀਤੀ ਅਤੇ ਕਿਹਾ, “ਇਹ ਜਿੱਤ ਦਰਸਾਉਂਦੀ ਹੈ ਕਿ ‘ਆਪ’ ਸਰਕਾਰ ਵੱਲੋਂ ਕੀਤੀਆਂ ਗਈਆਂ ਸਾਰੀਆਂ ਮਾੜੀਆਂ ਨੀਤੀਆਂ ਦੇ ਬਾਵਜੂਦ ਉਹ ਪੰਜਾਬ ਵਿੱਚ ਲੋਕਤੰਤਰ ਦੀ ਭਾਵਨਾ ਨੂੰ ਢਾਹ ਨਹੀਂ ਲਗਾ ਸਕੇ। ਲੋਕਾਂ ਨੇ ਉਨ੍ਹਾਂ ਦੇ ਝੂਠ ਨੂੰ ਨਕਾਰ ਕੇ ਕਾਂਗਰਸ ਪਾਰਟੀ ਨੂੰ ਚੁਣਿਆ ਹੈ, ਜਿਸ ਨੇ ਹਮੇਸ਼ਾ ਉਨ੍ਹਾਂ ਦੇ ਹਿੱਤਾਂ ਲਈ ਕੰਮ ਕੀਤਾ ਹੈ। ‘ਆਪ’ ਨੇ ਦਖਲ ਦੇਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਉਹ ਬੁਰੀ ਤਰ੍ਹਾਂ ਅਸਫਲ ਰਹੇ।
ਪਿਛਲੇ ਢਾਈ ਸਾਲਾਂ ਦੌਰਾਨ ਕਾਂਗਰਸ ਪਾਰਟੀ ਨੇ ਕਿਸਾਨਾਂ ਦੇ ਧਰਨੇ ਦੌਰਾਨ ਉਨ੍ਹਾਂ ਦੇ ਨਾਲ ਖੜ੍ਹਨ ਤੋਂ ਲੈ ਕੇ ਨੌਜਵਾਨਾਂ ਦੀ ਬੇਰੁਜ਼ਗਾਰੀ, ਸਿੱਖਿਆ ਅਤੇ ਸਿਹਤ ਸੰਭਾਲ ਦੇ ਗੰਭੀਰ ਮੁੱਦਿਆਂ ਨੂੰ ਹੱਲ ਕਰਨ ਤੱਕ ਲਗਾਤਾਰ ਲੋਕਾਂ ਦੀ ਤਰਫ਼ੋਂ ਆਪਣੀ ਆਵਾਜ਼ ਬੁਲੰਦ ਕੀਤੀ ਹੈ। “ਪੰਚਾਇਤੀ ਚੋਣਾਂ ਦੇ ਨਤੀਜੇ ਲੋਕ ਸਭਾ ਚੋਣਾਂ ਵਿੱਚ ਸਾਡੀ ਸਫਲਤਾ ਦੇ ਨਾਲ-ਨਾਲ ਇਸ ਗੱਲ ਦਾ ਸਬੂਤ ਹਨ ਕਿ ਕਾਂਗਰਸ ਪਾਰਟੀ ਹੀ ਪੰਜਾਬ ਦੇ ਲੋਕਾਂ ਦੀ ਸੱਚੀ ਨੁਮਾਇੰਦਾ ਪਾਰਟੀ ਹੈ। ਅਸੀਂ ਜ਼ਮੀਨ ‘ਤੇ ਅਣਥੱਕ ਮਿਹਨਤ ਕਰ ਰਹੇ ਹਾਂ, ਅਤੇ ਲੋਕਾਂ ਨੇ ਇਕ ਵਾਰ ਫਿਰ ਸਾਡੇ ‘ਤੇ ਭਰੋਸਾ ਕਰਕੇ ਹੁੰਗਾਰਾ ਭਰਿਆ ਹੈ।
‘ਆਪ’ ਸਰਕਾਰ ‘ਤੇ ਸਿੱਧਾ ਨਿਸ਼ਾਨਾ ਸਾਧਦੇ ਹੋਏ ਵੜਿੰਗ ਨੇ ਕਿਹਾ, ”ਭਗਵੰਤ ਮਾਨ ਅਤੇ ਉਨ੍ਹਾਂ ਦੀ ਪਾਰਟੀ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਸ਼ਾਸਨ ਕਰਨ ਦੇ ਯੋਗ ਨਹੀਂ ਹਨ। ਪੰਚਾਇਤੀ ਚੋਣਾਂ ਵਿੱਚ ਹੇਰਾਫੇਰੀ ਕਰਨ ਦੀਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਲੋਕਤੰਤਰੀ ਪ੍ਰਕਿਰਿਆ ਪ੍ਰਤੀ ਉਨ੍ਹਾਂ ਦੀ ਨਿਰਾਸ਼ਾ ਅਤੇ ਅਣਦੇਖੀ ਨੂੰ ਦਰਸਾਉਂਦੀਆਂ ਹਨ। ਪਰ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਦਰਵਾਜ਼ਾ ਵਿਖਾ ਦਿੱਤਾ ਹੈ। ਪੰਜਾਬ ਦਾ ਭਵਿੱਖ ਕਾਂਗਰਸ ਦੇ ਨਾਲ ਹੈ ਅਤੇ ਅਸੀਂ ਇਸ ਸੂਬੇ ਦੇ ਹਰ ਨਾਗਰਿਕ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰਦੇ ਰਹਾਂਗੇ।”
ਅੰਤ ਵਿੱਚ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ‘ਆਪ’ ਸਰਕਾਰ ਵੱਲੋਂ ਲੋਕਤੰਤਰ ਨੂੰ ਢਾਹ ਲਾਉਣ ਦੀਆਂ ਕਿਸੇ ਵੀ ਕੋਸ਼ਿਸ਼ਾਂ ਦਾ ਡੱਟ ਕੇ ਮੁਕਾਬਲਾ ਕਰੇਗੀ। ਅਸੀਂ ਇਸ ਸਰਕਾਰ ਨੂੰ ਲੋਕਾਂ ਦੇ ਜਮਹੂਰੀ ਹੱਕਾਂ ਨਾਲ ਖਿਲਵਾੜ ਨਹੀਂ ਕਰਨ ਦੇਵਾਂਗੇ। ਪੰਜਾਬ ਬਿਹਤਰ ਹੋਣ ਦਾ ਹੱਕਦਾਰ ਹੈ, ਅਤੇ ਕਾਂਗਰਸ ਦੇ ਨਾਲ, ਲੋਕ ਜਾਣਦੇ ਹਨ ਕਿ ਉਹ ਬਿਹਤਰ ਹੋਣਗੇ। ਇਨ੍ਹਾਂ ਚੋਣਾਂ ਵਿੱਚ ਸਾਡੀ ਜਿੱਤ ਇੱਕ ਉੱਜਵਲ ਕੱਲ੍ਹ ਦੀ ਸ਼ੁਰੂਆਤ ਹੈ।