ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 225 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਿੱਤੀ।