ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਹੁਣ ਹਰਿਆਣਾ ਦੇ ਕਿਸਾਨਾਂ ਦਾ ਵੀ ਸਮਰਥਨ ਮਿਲ ਸਕਦਾ ਹੈ। ਅੱਜ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂੰਨੀ ਜਗਜੀਤ ਸਿੰਘ ਡੱਲੇਵਾਲ ਨਾਲ ਖਨੌਰੀ ਸਰਹੱਦ ‘ਤੇ ਮੁਲਾਕਾਤ ਕਰਨਗੇ।
ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਸਾਲ ਫਰਵਰੀ ਵਿੱਚ ਸ਼ੁਰੂ ਹੋਏ ਕਿਸਾਨ ਅੰਦੋਲਨ ਦਾ ਹਿੱਸਾ ਨਹੀਂ ਬਣਨ ਦਿੱਤਾ ਸੀ। ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਹਨ। ਅੱਜ ਉਨ੍ਹਾਂ ਦਾ 20ਵਾਂ ਦਿਨ ਹੈ।
ਕਿਸਾਨ ਆਗੂ ਗੁਰਨਾਮ ਸਿੰਘ ਚੜੂੰਨੀ ਅੱਜ ਉਨ੍ਹਾਂ ਦਾ ਹਾਲ-ਚਾਲ ਪੁੱਛਣਗੇ। ਸ਼ਨੀਵਾਰ ਨੂੰ ਖਨੌਰੀ ਬਾਰਡਰ ‘ਤੇ ਮੰਜੇ ‘ਤੇ ਲੇਟ ਕੇ ਅਤੇ ਹੱਥ ‘ਚ ਮਾਈਕ ਫੜ ਕੇ ਡੱਲੇਵਾਲ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਦੀ ਜਾਨ ਮੇਰੀ ਜਾਨ ਤੋਂ ਵੱਧ ਕੀਮਤੀ ਹੈ।
ਡੱਲੇਵਾਲ ਕੈਂਸਰ ਤੋਂ ਪੀੜਤ ਹਨ ਅਤੇ 26 ਨਵੰਬਰ ਤੋਂ ਭੁੱਖ ਹੜਤਾਲ ‘ਤੇ ਹਨ। ਉਨ੍ਹਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨੇ। ਜਿਸ ਵਿੱਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਾਰੰਟੀ ਸ਼ਾਮਲ ਹੈ।
ਦੂਜੇ ਪਾਸੇ ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਹੈ ਕਿ 16 ਦਸੰਬਰ ਨੂੰ ਪੰਜਾਬ ਨੂੰ ਛੱਡ ਪੂਰੇ ਦੇਸ਼ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ। ਪੰਜਾਬ ਵਿੱਚ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਰੇਲ ਰੋਕੋ ਮੁਹਿੰਮ ਚਲਾਈ ਜਾਵੇਗੀ। ਕੋਈ ਵੀ ਜਥਾ 18 ਦਸੰਬਰ ਤੱਕ ਦਿੱਲੀ ਕੂਚ ਨਹੀਂ ਕਰੇਗਾ।