ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਅਜੱ ਤੋਂ ਸ਼ੁਰੂ ਹੋਵੇਗੀ। ਨਾਮਜ਼ਦਗੀ ਪ੍ਰਕਿਰਿਆ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲੇਗੀ। ਨਾਮਜ਼ਦਗੀ ਪ੍ਰਕਿਰਿਆ 13 ਦਸੰਬਰ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ 14 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਜਦਕਿ 21 ਦਸੰਬਰ ਨੂੰ ਵੋਟਾਂ ਪੈਣਗੀਆਂ।
ਕੱਲ੍ਹ ਯਾਨੀ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਚੋਣ ਸ਼ਡਿਊਲ ਦੇ ਐਲਾਨ ਦੇ ਨਾਲ ਹੀ ਉਕਤ ਨਗਰ ਨਿਗਮਾਂ ਦੇ ਅਧਿਕਾਰ ਖੇਤਰ ‘ਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਆਦਰਸ਼ ਚੋਣ ਜ਼ਾਬਤੇ ਦੀ ਇੱਕ ਕਾਪੀ ਕਮਿਸ਼ਨ ਦੀ ਵੈੱਬਸਾਈਟ – sec.punjab.gov.in ‘ਤੇ ਅਪਲੋਡ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਨਗਰ ਨਿਗਮਾਂ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ, ਉਨ੍ਹਾਂ ਦੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 7 ਦਸੰਬਰ ਨੂੰ ਕੀਤੀ ਜਾ ਚੁੱਕੀ ਹੈ ਅਤੇ ਇਸ ਦੀ ਕਾਪੀ ਸਬੰਧਤ ਨਗਰ ਨਿਗਮਾਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਕੋਲ ਅਤੇ ਸਬੰਧਿਤ ਦਫ਼ਤਰ ਵਿਖੇ ਵੀ ਉਪਲਬਧ ਹੈ। ਕੁੱਲ ਵੋਟਰਾਂ ਵਿੱਚੋਂ 37,32,636 ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚ 19,55,888 ਪੁਰਸ਼, 17,76,544 ਮਹਿਲਾਵਾਂ ਅਤੇ 204 ਹੋਰ ਸ਼ਾਮਲ ਹਨ, ਜੋ 7 ਦਸੰਬਰ 2024 ਤੱਕ ਕੀਤੀ ਗਈ ਵਿਸ਼ੇਸ਼ ਸੋਧ ਦੇ ਆਧਾਰ ‘ਤੇ ਸੋਧ ਅਧੀਨ ਹਨ।