ਬਟਾਲਾ, 1 ਮਈ 2024: ਬਟਾਲਾ ਵਿਚ ਕਰਤਾਰ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਗ੍ਰੰਥੀ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਭਾਈ ਬਲਵਿੰਦਰ ਸਿੰਘ ਖਾਲਸਾ ਦੀ ਖੂਨ ਨਾਲ ਲੱਥਪਥ ਲਾਸ਼ ਗੁਰਦੁਆਰਾ ਸਾਹਿਬ ਵਿਚ ਬਰਾਮਦ ਹੋਈ ਹੈ। ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨਜ਼ਦੀਕ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਜੀ ਅਠਵਾਲ ਪੁਲ ‘ਤੇ ਬੀਤੀ ਰਾਤ ਬਲਵਿੰਦਰ ਸਿੰਘ ਖਾਲਸਾ ਨੂੰ ਕਤਲ ਕਰ ਦਿੱਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਗੁਰਦੁਆਰਾ ਕੰਪਲੈਕਸ ਵਿਚ ਖੂਨ ਨਾਲ ਲੱਖਪੱਥ ਮਿਲੀ। ਕਤਲ ਤੋਂ ਬਾਅਦ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ।
ਭਾਈ ਬਲਵਿੰਦਰ ਸਿੰਘ ਖਾਲਸਾ ਬਟਾਲਾ ਦੇ ਕਸਬਾ ਘੁਮਾਣ ਨੇੜੇ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਦੇ ਮੁਖੀ ਸਨ ਅਤੇ ਗੁਰਦੁਆਰਾ ਸਾਹਿਬ ਵਿੱਚ ਸੇਵਾ-ਸੰਭਾਲ ਕਰਦੇ ਸਨ। ਬਟਾਲਾ ਦੇ ਐਸ ਐਸ ਪੀ ਅਸ਼ਵਨੀ ਗੋਟਿਯਾਲ ਨੇ ਮੀਡੀਆ ਨੂੰ ਦੱਸਿਆ ਕਿ ਇਸ ਮਾਮਲੇ ਵਿਚ ਭਾਈ ਬਲਵਿੰਦਰ ਸਿੰਘ ਖਾਲਸਾ ਦੇ ਸੇਵਕ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਚਲ ਰਹੀ ਹੈ।