ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪਾਰਲੀਮੈਂਟ ਦੀ ਸਰਬ ਪਾਰਟੀ ਮੀਟਿੰਗ ਦੌਰਾਨ ਪੰਜਾਬ ਅਤੇ ਕਿਸਾਨਾਂ ਦੇ ਮੁੱਦਿਆਂ ‘ਤੇ ਕੇਂਦਰ ਸਰਕਾਰ ਨੂੰ ਕਟਹਿਰੇ ‘ਚ ਖੜ੍ਹਾ ਕੀਤਾ। ਹਰਸਿਮਰਤ ਕੌਰ ਬਾਦਲ ਨੇ ਮੀਟਿੰਗ ਵਿੱਚ ਕਿਸਾਨ, ਖਾਦ ਅਤੇ ਚੰਡੀਗੜ੍ਹ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਖੁੱਲ੍ਹ ਕੇ ਗੱਲ ਕੀਤੀ।
ਹਰਸਿਮਰਤ ਬਾਦਲ ਨੇ ਮੀਟਿੰਗ ਵਿੱਚ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇਣ ਤੋਂ ਇਨਕਾਰ ਕਰਨ, ਡੀਏਪੀ ਖਾਦ ਦੀ ਘਾਟ ਅਤੇ ਚੰਡੀਗੜ੍ਹ ਉੱਤੇ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਵਰਗੇ ਮੁੱਦੇ ਉਠਾਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਝੋਨੇ ਦੀ ਫ਼ਸਲ ਵਿੱਚ ਨਮੀ ਦੇ ਬਹਾਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਪ੍ਰੇਸ਼ਾਨ ਕੀਤਾ ਗਿਆ। ਜਿਸ ਕਾਰਨ ਉਨ੍ਹਾਂ ਨੂੰ ਆਪਣੀ ਫਸਲ ਮਹਿੰਗੇ ਭਾਅ ਵੇਚਣੀ ਪਈ।
ਉਨ੍ਹਾਂ ਨੇ ਕੇਂਦਰ ਸਰਕਾਰ ਉੱਤੇ ਪੰਜਾਬ ਨੂੰ ਖਾਦ ਦੀ ਵੰਡ ਵਿੱਚ 1.28 ਲੱਖ ਟਨ ਦੀ ਕਟੌਤੀ ਕਰਨ ਦਾ ਦੋਸ਼ ਲਾਇਆ। ਸੂਬਾ ਸਰਕਾਰ ਨਕਲੀ ਬੀਜ ਅਤੇ ਡੀਏਪੀ ਖਾਦ ਦੀ ਵਿਕਰੀ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਪੰਜਾਬ ਦੇ ਸੈਲਰ ਮਾਲਕਾਂ ਦੀਆਂ ਮੁਸ਼ਕਲਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦਾ ਝੋਨਾ ਸੂਬੇ ਤੋਂ ਬਾਹਰ ਨਹੀਂ ਭੇਜਿਆ ਜਾ ਸਕਿਆ ਅਤੇ ਹੋਰ ਸੂਬਾ ਸਰਕਾਰਾਂ ਪੰਜਾਬ ਤੋਂ ਭੇਜੇ ਗਏ ਚੌਲਾਂ ਨੂੰ ਫਜ਼ੂਲ ਕਾਰਨਾਂ ਕਰਕੇ ਰੱਦ ਕਰ ਰਹੀਆਂ ਹਨ।