ਲੁਧਿਆਣਾ, 13 ਮਈ – ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਲੁਧਿਆਣਾ, ਪੁਲਿਸ ਵਿਭਾਗ ਅਤੇ ਬਚਪਨ ਬਚਾਉ ਅੰਦੋਲਨ ਵੱਲੋ ਸਾਂਝੇ ਤੌਰ ‘ਤੇ ਜਿਲ੍ਹਾ ਲੁਧਿਆਣਾ ਦੇ ਰੇਲਵੇ ਸਟੇਸ਼ਨ ‘ਤੇ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ, ਬਾਲ ਮਜਦੂਰੀ, ਬਾਲ ਤਸਕਰੀ, ਬਾਲ ਵਿਆਹ ਆਦਿ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ।
ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜੀਵਨਜੋਤ ਪ੍ਰੋਜੈਕਟ ਤਹਿਤ ਬਚਪਨ ਬਚਾਓ ਅੰਦੋਲਨ ਚਲਾਇਆ ਜਾ ਰਿਹਾ ਹੈ ਜਿਸਦੇ ਤਹਿਤ ਡਿਪਟੀ ਕਮਿਸ਼ਨਰ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੂੰ ਮੁਕੰਮਲ ਰੂਪ ਵਿੱਚ ਉਕਤ ਪ੍ਰੋਗਰਾਮ ਲਈ ਨੋਡਲ ਅਫਸਰ ਬਣਾਇਆ ਗਿਆ ਹੈ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਪ੍ਰਧਾਨਗੀ ਹੇਠ ਰੇਲਵੇ ਸਟੇਸ਼ਨ ‘ਤੇ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਉਨ੍ਹਾਂ ਆਮ ਜਨਤਾ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ, ਬਾਲ ਮਜ਼ਦੂਰੀ ਨਾ ਕਰਵਾਈ ਜਾਵੇ ਅਤੇ ਬਾਲ ਵਿਆਹ ਦੀ ਰੋਕਥਾਮ ਲਈ ਸਹਿਯੋਗ ਕੀਤਾ ਜਾਵੇ।
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ ਤਾਂ ਜੋ ਲੁਧਿਆਣਾ ਨੂੰ ਬਾਲ ਭਿਖਿਆ, ਬਾਲ ਮਜ਼ਦੂਰੀ ਅਤੇ ਬਾਲ ਵਿਆਹ ਤੋਂ ਮੁਕਤ ਕਰਵਾਇਆ ਜਾ ਸਕੇ। ਉਨ੍ਹਾਂ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉੱਜਵਲ ਤੇ ਸੁਰੱਖਿਅਤ ਭਵਿੱਖ ਬਣਾਉਣ ‘ਤੇ ਜ਼ੋਰ ਦਿੱਤਾ।
ਟੀਮ ਵਿੱਚ ਸਨਦੀਪ ਸਿੰਘ (ਬਚਪਨ ਬਚਾਉ ਅੰਦੋਲਨ), ਪੁਲਿਸ ਵਿਭਾਗ (ਜੀ.ਆਰ.ਪੀ. ਤੇ ਆਰ.ਪੀ.ਐਫ., ਟੀ.ਟੀ.ਈ.) ਦੇ ਮੈਂਬਰ ਹਾਜ਼ਰ ਸਨ।