ਸਲੋਕੁ ਮ: ੩ ॥
ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥
ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ। ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧।