Monday, October 2, 2023
spot_img

ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੀਆਂ ਜਲਦ ਹੋਵੇ ਰਿਹਾਈ : ਬਿਕਰਮ ਸਿੰਘ ਮਜੀਠਿਆ

Must read

ਮਜੀਠਿਆ ਨੇ ਭਾਈ ਰਾਜੋਆਣਾ ਦੀ ਭੈਣ ਕਮਲਦੀਪ ਨਾਲ ਕੀਤੀ ਮੁਲਾਕਾਤ, ਕਿਹਾ ਕਿ ਭਾਈ ਰਾਜੋਆਣਾ ਮਾਡਲ ਕੈਦੀ ਤੇ ਸਮਰਪਿਤ ਸਿੱਖ ਜੋ ਮਨੁੱਖਤਾ ਨੂੰ ਪਿਆਰ ਕਰਦੇ ਹਨ
ਦਿੱਲੀ ਦੇ ਮੁੱਖ ਮੰਤਰੀ ਵੱਲੋ. ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਹੁਕਮਾਂ ’ਤੇ ਹਸਤਾਖ਼ਰ ਨਾ ਕਰਨ ਦੀ ਕੀਤੀ ਨਿਖੇਧੀ
ਕਿਹਾ ਕਿ ਕੇਜਰੀਵਾਲ ਦਾ ਐਸ ਆਈ ਐਲ ਨਹਿਰ ਮਸਲੇ ’ਤੇ ਹੱਲ ਪੰਜਾਬ ਦੇ ਪਾਣੀ ਹਰਿਆਣਾ ਤੇ ਦਿੱਲੀ ਨੂੰ ਦੇਣਾ
ਲੁਧਿਆਣਾ, 9 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਉਹਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਹੁਕਮਾਂ ’ਤੇ ਹਸਤਾਖ਼ਰ ਨਾ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ।
ਸਾਬਕਾ ਮੰਤਰੀ, ਜੋ ਇਥੇ ਭਾਈ ਰਾਜੋਆਣਾ ਦੀ ਭੈਣ ਜੀ ਬੀਬਾ ਕਮਲਦੀਪ ਕੌਰ ਰਾਜੋਆਣਾ ਨੂੰ ਮਿਲਣ ਆਏ ਸਨ, ਨੇ ਭਾਈ ਰਾਜੋਆਣਾ ਦੇ ਚਰਿੱਤਰ ’ਤੇ ਚਰਚਾ ਕੀਤੀ ਤੇ ਦੱਸਿਆ ਕਿ ਕਿਵੇਂ ਉਹ ਸਾਰੇ ਧਰਮਾਂ ਤੇ ਮਨੁੱਖਤਾ ਨੁੰ ਪਿਆਰ ਕਰਦੇ ਹਨ ਤੇ ਇਹਨਾਂ ਦਾ ਸਤਿਕਾਰ ਕਰਦੇ ਹਨ। ਉਹਨਾਂ ਕਿਹਾ ਕਿ ਮੈਂ ਆਪਣੇ ਆਪ ਨਾਲ ਇਹ ਵਾਅਦਾ ਕੀਤਾ ਸੀ ਕਿ ਮੈਂ ਬੀਬਾ ਰਾਜੋਆਣਾ ਨਾਲ ਮੁਲਾਕਾਤ ਕਰਾਂਗਾ ਅਤੇ ਮੈਂ ਭਾਈ ਰਾਜੋਆਣਾ ਨਾਲ ਜੇਲ੍ਹ ਵਿਚ ਬਿਤਾਏ ਸਮੇਂ ਦੀਆ ਯਾਦਾਂ ਸਾਂਝੀਆਂ ਕੀਤੀਆਂ। ਉਹਨਾਂ ਕਿਹਾ ਕਿ ਭਾਈ ਰਾਜੋਆਣਾ ਇਕ ਮਾਡਲ ਕੈਦੀ ਹਨ ਜਿਹਨਾਂ ਸਾਰੇ ਨਿਯਮਾਂ ਦੀ ਪਾਲਣਾ ਕੀਤੀ ਤੇ ਉਹ ਸੱਚੇ ਸ਼ਰਧਾਲੂ ਸਿੱਖ ਹਨ ਜੋ ਆਪਣਾ ਸਮਾਂ ਨਿੱਤਨੇਮ ਵਿਚ ਲਗਾਉਂਦੇ ਹਨ ਅਤੇ ਕੈਦੀ ਵਜੋਂ ਆਪਣੇ ਫਰਜ਼ ਵੀ ਅਦਾ ਕਰਦੇ ਹਨ। ਉਹਨਾਂ ਦੱਸਿਆ ਕਿ ਭਾਈ ਰਾਜੋਆਣਾ ਸਰਬੱਤ ਦੇ ਭਲੇ ਵਿਚ ਵਿਸ਼ਵਾਸ ਕਰਦੇ ਹਨ ਅਤੇ ਜੇਲ੍ਹ ਵਿਚ ਅਕਸਰ ਆਉਂਦੇ ਪਸ਼ੂ ਪੰਛੀਆਂ ਸਮੇਤ ਸਾਰੇ ਮਨੁੱਖਤਾ ਨੁੰ ਪਿਆਰ ਕਰਦੇ ਹਨ। ਉਹਨਾਂ ਦੱਸਿਆ ਕਿ ਉਹਨਾਂ ਦਾ ਮਾਮਲਾ ਉਹਨਾਂ ਦੀ ਰਿਹਾਈ ਲਈ ਬਿਲਕੁੱਲ ਢੁਕਵਾਂ ਹੈ ਤੇ ਜਿਹਡ਼ੇ ਇਸਦਾ ਵਿਰੋਧ ਕਰ ਰਹੇ ਹਨ, ਉਹ ਜਾਣ ਬੁੱਝ ਕੇ ਹਿੰਦੂ ਸਿੱਖ ਦਾ ਪਾਡ਼ਾ ਆਪਣੇ ਸੌਡ਼ੇ ਸਿਆਸੀ ਹਿੱਤਾਂ ਕਾਰਨ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਭਾਈ ਰਾਜੋਆਣਾ ਦੀ ਰਿਹਾਈ ਨਾ ਕਰਨਾ ਉਹਨਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।
ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਭਾਈ ਰਾਜੋਆਣਾ ਨੂੰ ਤੁਰੰਤ ਰਿਹਾਅ ਕਰੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਇਸ ਸਬੰਧੀ ਵਾਅਦਾ ਕੀਤਾ ਸੀ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਸੁਪਰੀਮ ਕੋਰਟ ਨੇ ਵੀ ਸਰਕਾਰ ਨੂੰ ਫੈਸਲਾ ਲੈਣ ਵਾਸਤੇ ਆਖਿਆ ਹੈ। ਉਹਨਾਂ ਕਿਹਾ ਕਿ ਸਾਰੀ ਸਿੱਖ ਕੌਮ ਇਹ ਮਹਿਸੂਸ ਕਰਦੀ ਹੈ ਕਿ ਭਾਈ ਰਾਜੋਆਣਾ ਦੀ ਰਿਹਾਈ ਹੋਣੀ ਚਾਹੀਦੀ ਹੈ ਕਿਉਂਕਿ ਉਹ 27 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ ਤੇ ਇਹ ਅਰਸਾ ਉਮਰ ਕੈਦ ਨਾਲੋਂ ਦੁੱਗਣਾ ਬਣਦਾ ਹੈ।
ਉਹਨਾਂ ਕਿਹਾ ਕਿ ਕੌਮਾਂਤਰੀ ਕਾਨੂੰਨ ਵੀ ਇਹ ਕਹਿੰਦੇ ਹਨ ਕਿ ਕਿਸੇ ਨੂੰ ਇੰਨੇ ਲੰਬੇ ਅਰਸੇ ਤੱਕ ਕੈਦ ਨਹੀਂ ਰੱਖਿਆ ਜਾਣਾ ਚਾਹੀਦਾ। ਉਹਨਾਂ ਸਪਸ਼ਟ ਕੀਤਾ ਕਿ ਭਾਈ ਰਾਜੋਆਣਾ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ’ਤੇ ਕੀਤੇ ਹਮਲੇ ਅਤੇ 1984 ਵਿਚ ਸਿੱਖਾਂ ਦੀ ਨਸਲਕੁਸ਼ੀ ਦੀਆਂ ਘਟਨਾਵਾਂ ਤੋਂ ਭਾਵਨਾਵਾਂ ਵਿਚ ਵਹਿ ਗਏ ਸਨ। ਉਹਨਾਂ ਕਿਹਾ ਕਿ ਉਹ ਪੰਜਾਬ ਵਿਚ ਝੂਠੇ ਪੁਲਿਸ ਮੁਕਾਬਲਿਆਂ ਤੋਂ ਵੀ ਔਖੇ ਸਨ। ਉਹਨਾਂ ਕਿਹਾ ਕਿ ਉਹਨਾਂ ਨੇ ਜੋ ਵੀ ਕਾਰਵਾਈ ਕੀਤੀਆਂ, ਉਸਦੀ ਸਜ਼ਾ ਉਹਨਾਂ ਨੂੰ ਮਿਲ ਚੁੱਕੀ ਹੈ ਤੇ ਵੱਡੀ ਗੱਲ ਇਹ ਹੈ ਕਿ ਉਹਨਾਂ ਕਦੇ ਆਪਣੀਆਂ ਕਾਰਵਾਈਆਂ ਤੋਂ ਇਨਕਾਰ ਵੀ ਨਹੀਂ ਕੀਤਾ ਤੇ ਹੁਣ ਉਹਨਾਂ ਦੀ ਰਿਹਾਈ ਬਣਦੀ ਹੈ।
ਸਰਦਾਰ ਮਜੀਠੀਆ ਨੇ ਕਿਹਾ ਕਿ ਇਸੇ ਤਰੀਕੇ ਹੋਰ ਬੰਦੀ ਸਿੰਘ ਜੋ 26 ਸਾਲ ਜਾਂ ਇਸ ਤੋਂ ਜ਼ਿਆਦਾ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ, ਦੀ ਰਿਹਾਈ ਹੋਣੀ ਚਾਹੀਦੀ ਹੈ। ਉਹਨਾਂ ਨੇ ਰਾਜੀਵ ਗਾਂਧੀ ਦੇ ਹੱਤਿਆਰਿਆਂ ਦਾ ਵੀ ਜ਼ਿਕਰ ਕੀਤਾ ਜਿਹਨਾਂ ਨੁੰ ਜੇਲ੍ਹ ਵਿਚੋਂ ਰਿਹਾਅ ਕੀਤਾ ਗਿਆ ਹੈ ਤੇ ਉਹਨਾਂ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਉਹ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਹੁਕਮਾਂ ’ਤੇ ਪਿਛਲੇ 7 ਮਹੀਨਿਆਂ ਤੋਂ ਹਸਤਾਖ਼ਰ ਨਹੀਂ ਕਰ ਰਹੇ।
ਮੀਡੀਆ ਦੇ ਸਵਾਲਾਂ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਐਸ ਵਾਈ ਐਲ ਨਹਿਰ ਦੇ ਮਾਮਲੇ ਵਿਚ ਆਪਣੇ ‘ਹੱਲ’ ਦੀ ਗੱਲ ਇਸ ਕਰ ਕੇ ਨਹੀਂ ਕਰ ਰਹੇ ਕਿਉਂਕਿ ਉਹਨਾਂ ਦਾ ਇਹ ਮੰਨਣਾ ਹੈ ਕਿ ਮਸਲੇ ਦਾ ਹੱਲ ਪੰਜਾਬ ਦੇ ਪਾਣੀ ਹਰਿਆਣਾ ਤੇ ਦਿੱਲੀ ਨੁੰ ਦੇਣ ਵਿਚ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਇਹ ‘ਹੱਲ’ ਕਦੇ ਵੀ ਪ੍ਰਵਾਨ ਨਹੀਂ ਕਰੇਗਾ ਤੇ ਉਹ ਪੰਜਾਬ ਤੋਂ ਇਸਦੇ ਦਰਿਆਈ ਪਾਣੀ ਖੋਹਣ ਦੀ ਸਾਜ਼ਿਸ਼ ਨੁੰ ਫੇਲ੍ਹ ਕਰਨ ਵਾਸਤੇ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹੈ। ਉਹਨਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਦੀ ਕੁਰਸੀ ’ਤੇ ਬਣੇ ਰਹਿਣ ਵਾਸਤੇ ਸਾਜ਼ਿਸ਼ ਦਾ ਹਿੱਸਾ ਬਣਨ ਦੀ ਵੀ ਨਿਖੇਧੀ ਕੀਤੀ।
ਇਕ ਹੋਰ ਸਵਾਲ ਦੇ ਜਵਾਬ ਵਿਚ ਸਾਬਕਾ ਮੰਤਰੀ ਨੇ ਦੱਸਿਆ ਕਿ ਸਿੱਖਿਆ ’ਤੇ ਦਿੱਲੀ ਦੇ ਝੂਠੇ ਦਾਅਵੇ ਇਕ ਤੋਂ ਬਾਅਦ ਇਕ ਤਿੰਨ ਕੌਮੀ ਸਰਵੇਖਣ ਵਿਚ ਬੇਨਕਾਬ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਸਿਰਫ ਇਕ ਨਿਰਪੱਖ ਏਜੰਸੀ ਹੀ ਸੂਬੇ ਦੀ ਸਿੱਖਿਆ ਪ੍ਰਣਾਲੀ ਬਾਰੇ ਫੈਸਲਾ ਕਰ ਸਕਦੀ ਹੈ ਤੇ ਦਿੱਲੀ ਦੇ ਮਾਮਲੇ ਵਿਚ ਤਿੰਨ ਵੱਖ ਵੱਖ ਸਰਵੇਖਣਾਂ ਨੇ ਪੰਜਾਬ ਦੇ ਸਕੂਲਾਂ ਦੀ ਪ੍ਰਣਾਲੀ ਤੇ ਪੰਜਾਬ ਦੇ ਵਿਦਿਆਰਥੀਆਂ ਨੂੰ ਦਿੱਲੀ ਨਾਲੋਂ ਬੇਹਤਰ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਦਿੱਲੀ ਮਾਡਲ ਨੂੰ ਠੁਕਰਾਉਣ ਦਾ ਇਹ ਢੁਕਵਾਂ ਸਮਾਂ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article