ਲੁਧਿਆਣਾ : ਲੋਕ ਸਭਾ ਹਲਕਾ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਨਗਰ ਨਿਗਮ ਦੇ ਨੋਟਿਸ ਤੋਂ ਬਾਅਦ ਪੰਜਾਬ ਦੇ ਲੁਧਿਆਣਾ ਵਿੱਚ ਆਪਣਾ ਸਰਕਾਰੀ ਬੰਗਲਾ ਖਾਲੀ ਕਰ ਦਿੱਤਾ ਹੈ। ਉਨ੍ਹਾਂ ਨੇ ਸ਼ੁੱਕਰਵਾਰ ਦੀ ਰਾਤ ਭਾਜਪਾ ਦਫ਼ਤਰ ‘ਚ ਹੀ ਕੱਟੀ। ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੀ ਮੌਜੂਦਾ ਸਰਕਾਰ ਦੀ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਸਿੱਧੂ ਮੂਸੇਵਾਲਾ ਵਾਂਗ ਮੈਨੂੰ ਵੀ ਮਰਵਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੈਨੂੰ ਜਾਂ ਮੇਰੇ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਕੁਝ ਹੋਇਆ ਤਾਂ ਉਸ ਦੀ ਜ਼ਿੰਮੇਵਾਰ ‘ਆਪ’ ਸਰਕਾਰ ਹੋਵੇਗੀ।
ਜ਼ਿਕਰਯੋਗ ਹੈ ਕਿ ਨਗਰ ਨਿਗਮ ਨੇ ਰਵਨੀਤ ਬਿੱਟੂ ਨੂੰ ਈ-ਮੇਲ ਰਾਹੀਂ ਨੋਟਿਸ ਭੇਜ ਕੇ ਸਰਕਾਰੀ ਮਕਾਨ ਖਾਲੀ ਕਰਨ ਅਤੇ 2 ਕਰੋੜ ਰੁਪਏ ਦਾ ਕਰਜ਼ਾ ਮੋੜਨ ਦੀ ਹਦਾਇਤ ਕੀਤੀ ਸੀ। ਬਿੱਟੂ ਨੇ ਪਹਿਲਾਂ ਸ਼ੁੱਕਰਵਾਰ ਨੂੰ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਅਤੇ ਆਪਣੀ ਜ਼ਮੀਨ ਅਤੇ ਗਹਿਣੇ ਗਿਰਵੀ ਰੱਖ ਕੇ 2 ਕਰੋੜ ਰੁਪਏ ਇਕੱਠੇ ਕੀਤੇ ਅਤੇ ਨਗਰ ਨਿਗਮ ਨੂੰ ਅਦਾ ਕੀਤੇ।
ਨੋਟਿਸ ਮਿਲਣ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਨੇ ਸਰਕਾਰੀ ਘਰ ਵਿੱਚੋਂ ਆਪਣਾ ਸਾਰਾ ਸਮਾਨ ਚੁੱਕ ਲਿਆ ਹੈ। ਜੋ ਥੋੜ੍ਹਾ ਬਚਿਆ ਹੈ, ਉਸ ਨੂੰ ਵੀ ਕੱਢਿਆ ਜਾ ਰਿਹਾ ਹੈ। ਬਿੱਟੂ ਨੇ ਕਿਹਾ ਕਿ ਉਸ ‘ਤੇ ਸਰਕਾਰੀ ਮਕਾਨ ‘ਚ ਨਾਜਾਇਜ਼ ਤੌਰ ‘ਤੇ ਰਹਿਣ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਉਸ ਦੀ ਮਰਜ਼ੀ ਤੋਂ ਬਿਨਾਂ ਕੋਈ ਸਰਕਾਰੀ ਘਰ ਵਿਚ ਕਿਵੇਂ ਰਹਿ ਸਕਦਾ ਹੈ ?
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 3 ਸਰਕਾਰਾਂ ਬਦਲੀਆਂ, ਕਾਂਗਰਸ, ਅਕਾਲੀ ਅਤੇ ਆਪ। ਅੱਜ ਤੱਕ ਉਸ ਨੂੰ ਕਿਸੇ ਨੇ ਨੋਟਿਸ ਨਹੀਂ ਦਿੱਤਾ ਕਿ ਉਹ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਿਹਾ ਹੈ। ਹੁਣ ਉਸ ਦੀ ਨਾਮਜ਼ਦਗੀ ਰੱਦ ਕਰਵਾਉਣ ਦੀ ਸਾਜ਼ਿਸ਼ ਤਹਿਤ ਉਸ ਨੂੰ 2 ਕਰੋੜ ਰੁਪਏ ਦਾ ਨੋਟਿਸ ਸੌਂਪਿਆ ਗਿਆ, ਜੋ ਕਿ ਸਰਾਸਰ ਧੱਕੇਸ਼ਾਹੀ ਹੈ।