ਮੋਗਾ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਇਸੇ ਲੜੀ ਤਹਿਤ ਅੱਜ ਜਦੋਂ ਮੋਗਾ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਪਿੰਡ ਲੋਹਗੜ੍ਹ ਵਿਖੇ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀ ਸੂਚਨਾ ਮਿਲੀ ਤਾਂ ਉਹ ਖੁਦ ਐਸ.ਐਸ.ਪੀ ਅਜੇ ਗਾਂਧੀ ਸਮੇਤ ਮੌਕੇ ‘ਤੇ ਪੁੱਜੇ। ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਦੇ ਹੁਕਮਾਂ ਤਹਿਤ ਫਾਇਰ ਬ੍ਰਿਗੇਡ ਦੀ ਗੱਡੀ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਐਸ.ਐਸ.ਪੀ ਅਜੇ ਗਾਂਧੀ ਨੇ ਅੱਜ ਪਿੰਡ ਲੁਹਾਰਾ ਅਤੇ ਆਸਪਾਸ ਦੇ ਇਲਾਕਿਆਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਲੋਹਗੜ੍ਹ ਨੇੜੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਗਈ ਹੈ। ਦੋਵੇਂ ਅਧਿਕਾਰੀ ਤੁਰੰਤ ਮੌਕੇ ‘ਤੇ ਪੁੱਜੇ ਅਤੇ ਅੱਗ ਨੂੰ ਪਹਿਲਾਂ ਖੇਤ ਵਿੱਚ ਹੀ ਬੁਝਾਇਆ ਗਿਆ। ਅੱਗ ਲਗਾਉਣ ਵਾਲੇ ਲੋਕ ਖੇਤ ‘ਚੋਂ ਭੱਜ ਗਏ। ਉਨ੍ਹਾਂ ‘ਤੇ FIR ਵੀ ਦਰਜ ਕਰ ਲਈ ਗਈ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਵਧਣ ਦਿੱਤਾ ਜਾਵੇਗਾ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਮਾਨਯੋਗ ਸੁਪਰੀਮ ਕੋਰਟ ਅਤੇ ਵਾਤਾਵਰਣ ਸੁਰੱਖਿਆ ਨਾਲ ਸਬੰਧਤ ਕੇਂਦਰੀ ਏਜੰਸੀਆਂ ਵੱਲੋਂ ਸਿੱਧੇ ਤੌਰ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਪੂਰੇ ਮਾਮਲੇ ਦੀ ਸੈਟੇਲਾਈਟ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ।