ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਸਬੰਧੀ ਹਿਮਾਚਲ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਹੋਈ। ਸੂਬੇ ਭਰ ਵਿਚ ਅਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਦਾ ਨੋਟਿਸ ਲੈਂਦੇ ਹੋਏ ਹਿਮਾਚਲ ਪ੍ਰਦੇਸ਼ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸੂਬਾ ਰਾਜ ਸਰਕਾਰ ਨੂੰ ਨੋਟਿਸ ਜਾਰੀ ਕੀਤਾ।
ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਪਟੀਸ਼ਨ ‘ਤੇ ਸਰਕਾਰ ਤੋਂ ਜਵਾਬ ਮੰਗਿਆ ਹੈ, ਜਿਸ ਵਿੱਚ ਅਵਾਰਾ ਪਸ਼ੂਆਂ ਦੇ ਪੁਨਰਵਾਸ ਲਈ ਇੱਕ ਵਿਆਪਕ ਕਾਰਜ ਯੋਜਨਾ, ਗਊ ਸੈੱਸ ਫੰਡਾਂ ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਸੜਕ ਸੁਰੱਖਿਆ ਉਪਾਵਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ।
ਲਾਇਰਜ਼ ਫਾਰ ਹਿਊਮਨ ਰਾਈਟਸ ਦੇ ਐਡਵੋਕੇਟ ਨਵਕਿਰਨ ਸਿੰਘ ਨੇ ਇਹ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ’ਚ ਅਵਾਰਾ ਜਾਨਵਰਾਂ ਦੇ ਰੱਖ ਰਖਾਅ ਨਾ ਕਰਨ ਸਬੰਧੀ ਹਿਮਾਚਲ ਪ੍ਰਦੇਸ਼ ਦੀ ਸਰਕਾਰ ’ਤੇ ਇਲਜ਼ਾਮ ਲਗਾਇਆ ਗਿਆ ਹੈ। ਪਟੀਸ਼ਨਕਰਤਾ ਨੇ ਮੰਗ ਕੀਤੀ ਹੈ ਕਿ ਸਰਕਾਰ ਇਨ੍ਹਾਂ ਹਾਦਸਿਆਂ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦੇਵੇ, ਅਤੇ ਹਾਈ ਕੋਰਟ ਹਿਮਾਚਲ ਸਰਕਾਰ ਨੂੰ ਇਹ ਦੱਸਣ ਲਈ ਕਹੇ ਕਿ ਇਸ ਗਊ ਸੈੱਸ ਤੋਂ ਇਕੱਠੇ ਕੀਤੇ ਫੰਡ ਕਿੱਥੇ ਅਤੇ ਕਿਹੜੇ ਉਦੇਸ਼ਾਂ ਲਈ ਪਿਛਲੇ ਤਿੰਨ ਸਾਲਾਂ ਵਿੱਚ ਵਰਤੇ ਗਏ ਹਨ।