ਲੁਧਿਆਣਾ, 18 ਸਤੰਬਰ। ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਵੱਲੋਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖਿਲਾਫ ਦਿੱਤੇ ਗਏ ਬਿਆਨ ਤੋਂ ਬਾਅਦ ਪੂਰੇ ਦੇਸ਼ ਖਾਸਕਰ ਪੰਜਾਬ ’ਚ ਕਾਂਗਰਸੀ ਨੇਤਾ ਭੜਕੇ ਹੋਏ ਹਨ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਰਾਹੁਲ ਗਾਂਧੀ ਖਿਲਾਫ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ। ਜਿਸ ਤੋਂ ਬਾਅਦ ਅੱਜ ਪੰਜਾਬ ’ਚ ਵੱਖ-ਵੱਖ ਥਾਵਾਂ ’ਤੇ ਪ੍ਰਧਾਨ ਮੰਤਰੀ ਅਤੇ ਮੰਤਰੀ ਰਵਨੀਤ ਬਿੱਟੂ ਦੇ ਪੁਤਲੇ ਫੂਕੇ ਗਏ। ਕਿਸੇ ਸਮੇਂ ਬਿੱਟੂ ਦੇ ਨੇੜਲੇ ਸਾਥੀਆਂ ’ਚ ਗਿਣੇ ਜਾਣ ਵਾਲੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਤੋਂ ਪਹਿਲਾਂ ਰੋਸ ਪ੍ਰਦਰਸ਼ਨ ਕਰਕੇ ਨਰਿੰਦਰ ਮੋਦੀ ਦੇ ਨਾਲ-ਨਾਲ ਭਾਜਪਾ ਨੇਤਾਵਾਂ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ ਗਈ। ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਨੇ ਕਿਹਾ ਕਿ ਰਾਹੁਲ ਗਾਂਧੀ ਸਮੁੱਚੇ ਵਿਰੋਧੀ ਧਿਰ ਦੇ ਆਗੂ ਹਨ ਅਤੇ ਪ੍ਰਧਾਨ ਮੰਤਰੀ ਨੂੰ ਆਪਣੇ ਮੰਤਰੀਆਂ ਦੇ ਨਾਲ ਨਾਲ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦੇਣਾ ਹੋਵੇਗਾ। ਸੰਜੇ ਤਲਵਾੜ ਨੇ ਕਿਹਾ ਕਿ ਰਾਹੁਲ ਗਾਂਧੀ ਵਿਰੁੱਧ ਇਤਰਾਜ਼ਯੋਗ ਬਿਆਨ ਦੇਣ ਵਾਲੇ ਭਾਜਪਾ ਨੇਤਾਵਾਂ ’ਤੇ ਸ਼ਿਕੰਜਾ ਕੱਸਣਾ ਚਾਹੀਦਾ ਹੈ ਤਾਂ ਜੋ ਭਾਰਤੀ ਰਾਜਨੀਤੀ ਵਿੱਚ ਆ ਰਹੇ ਨਿਘਾਰ ਨੂੰ ਰੋਕਿਆ ਜਾ ਸਕੇ। ਸੰਜੇ ਤਲਵਾੜ ਨੇ ਕਿਹਾ ਕਿ ਭਾਜਪਾ ਨੇਤਾਵਾਂ ਵੱਲੋਂ ਦਿੱਤੇ ਜਾ ਰਹੇ ਬਿਆਨ ਦੇਸ਼ ਦੇ ਭਵਿੱਖ ਲਈ ਨੁਕਸਾਨਦੇਹ ਹੋ ਸਕਦੇ ਹਨ। ਧਰਨੇ ਦੌਰਾਨ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਉਹ ਆਪਣੇ ਨੇਤਾਵਾਂ ਨੂੰ ਅਨੁਸ਼ਾਸਨ ਵਿੱਚ ਰਹਿਣ ਅਤੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੀ ਸਲਾਹ ਦੇਣ। ਇਸ ਮੌਕੇ ਕਾਂਗਰਸੀ ਆਗੂ ਹਲਕਾ ਇੰਚਾਰਜ, ਬਲਾਕ ਪ੍ਰਧਾਨ ਤੇ ਸਾਬਕਾ ਕੌਂਸਲਰ ਸਮੇਤ ਬਲਾਕ ਪ੍ਰਧਾਨ ਤੇ ਮਹਿਲਾ ਵਰਕਰਾਂ ਸਮੇਤ ਸਮੂਹ ਵਰਕਰ ਹਾਜ਼ਰ ਸਨ।