ਲੁਧਿਆਣਾ, 14 ਸਤੰਬਰ: ਸ਼ਹਿਰ ਵਾਸੀਆਂ ਵਿੱਚ ਸਫ਼ਾਈ ਅਤੇ ਕੂੜੇ ਦੀ ਰੀਸਾਈਕਲਿੰਗ ਨੂੰ ਉਤਸ਼ਾਹਿਤ ਕਰਨ ਲਈ, ਸਥਾਨਕ ਵਿਧਾਇਕਾਂ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਪੂਰੇ ਸ਼ਹਿਰ ਵਿੱਚ ਤਿੰਨ ਹਫ਼ਤਿਆਂ ਤੱਕ ਚੱਲਣ ਵਾਲੀ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ ਕੀਤੀ। ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ, ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ, ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਨੁਮਾਇੰਦੇ ਸੁਖਚੈਨ ਬੱਸੀ ਗੋਗੀ, ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੇ ਨੁਮਾਇੰਦੇ ਵਿਕਾਸ ਪਰਾਸ਼ਰ ਨੇ ਆਪੋ-ਆਪਣੇ ਹਲਕਿਆਂ ਵਿੱਚ ਮੁਹਿੰਮ ਦੀ ਸ਼ੁਰੂਆਤ ਕੀਤੀ। ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਇੰਦਰਪਾਲ ਸਮੇਤ ਹੋਰ ਨਗਰ ਨਿਗਮ ਦੇ ਅਧਿਕਾਰੀਆਂ ਨੇ ਵੀ ਇਸ ਮੁਹਿੰਮ ਵਿੱਚ ਹਿੱਸਾ ਲਿਆ।
ਮੁਹਿੰਮ ਦੇ ਪਹਿਲੇ ਦਿਨ ਵਿਧਾਇਕ, ਨਗਰ ਨਿਗਮ ਦੇ ਅਧਿਕਾਰੀ ਅਤੇ ਵਸਨੀਕ ‘ਸ਼੍ਰਮਦਾਨ’ (ਸਵੈ-ਇੱਛਤ ਮਜ਼ਦੂਰੀ) ਅਤੇ ਸਫਾਈ ਅਭਿਆਨ ਲਈ ਇਕੱਠੇ ਹੋਏ। ਇਸ ਮੌਕੇ ਹਾਜ਼ਰ ਲੋਕਾਂ ਨੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦਾ ਪ੍ਰਣ ਵੀ ਲਿਆ। ਇਹ ਸਾਲਾਨਾ ਮੁਹਿੰਮ 2 ਅਕਤੂਬਰ (ਸਵੱਛ ਭਾਰਤ ਦਿਵਸ) ਤੱਕ ਜਾਰੀ ਰਹੇਗੀ ਅਤੇ ਸ਼ਹਿਰ ਵਿੱਚ ਸਫਾਈ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਨਗਰ ਨਿਗਮ ਸਫਾਈ ਅਭਿਆਨ, ਸਵੱਛ ਭਾਰਤ ਸੱਭਿਆਚਾਰਕ ਮੇਲਾ, ਦਰਜਾ-4 ਦੇ ਕਰਮਚਾਰੀਆਂ ਦਾ ਮੈਡੀਕਲ ਚੈਕਅੱਪ, ਵੇਸਟ ਤੋਂ ਆਰਟ ਪ੍ਰਦਰਸ਼ਨੀ ਆਦਿ ਸਮੇਤ ਵੱਖ-ਵੱਖ ਗਤੀਵਿਧੀਆਂ ਕਰਵਾਏਗਾ।
ਇਸ ਮੁਹਿੰਮ ਦੌਰਾਨ ਨਗਰ ਨਿਗਮ ਗੈਰ ਸਰਕਾਰੀ ਸੰਗਠਨਾਂ, ਸਕੂਲੀ ਵਿਦਿਆਰਥੀਆਂ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ (ਆਰ.ਡਬਲਯੂ.ਏ) ਨੂੰ ਵੀ ਸ਼ਾਮਲ ਕਰੇਗੀ। ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਇੰਦਰਪਾਲ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸ਼ਹਿਰ ਵਾਸੀਆਂ ਨੂੰ ਕੂੜੇ ਨੂੰ ਘਟਾਉਣ, ਮੁੜ ਵਰਤੋਂ ਕਰਨ ਅਤੇ ਰੀਸਾਈਕਲ ਕਰਨ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ। ਘਰਾਂ ਵਿੱਚ ਸੁੱਕੇ ਅਤੇ ਗਿੱਲੇ ਕੂੜੇ ਨੂੰ ਅਲੱਗ-ਅਲੱਗ ਕਰਨ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਹੋਰ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾਣਗੀਆਂ।
ਇਸ ਦੌਰਾਨ ਵਿਧਾਇਕਾਂ ਅਤੇ ਅਧਿਕਾਰੀਆਂ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਕੂੜੇ ਨੂੰ ਖਾਲੀ ਪਲਾਟਾਂ/ਖੁੱਲੀਆਂ ਥਾਵਾਂ ‘ਤੇ ਨਾ ਸੁੱਟ ਕੇ ਅਤੇ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਕਰਕੇ ਕੂੜਾ ਇਕੱਠਾ ਕਰਨ ਵਾਲਿਆਂ ਨੂੰ ਸੌਂਪ ਕੇ ਕੂੜਾ ਪ੍ਰਬੰਧਨ ਵਿੱਚ ਨਗਰ ਨਿਗਮ ਦਾ ਸਹਿਯੋਗ ਕਰਨ।