ਸੰਯੁਕਤ ਕਿਸਾਨ ਮੋਰਚਾ (SKM) ਨੇ ਅੱਜ ਤੋਂ ਚੰਡੀਗੜ੍ਹ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਇਸ ਦੌਰਾਨ ਚੰਡੀਗੜ੍ਹ ਵਿੱਚ ਪੁਲਿਸ ਨੇ ਸਾਰੇ ਸਰਹੱਦੀ ਇਲਾਕਿਆਂ ਨੂੰ ਸੀਲ ਕਰ ਦਿੱਤਾ ਹੈ। ਇਸ ਦੌਰਾਨ ਸੰਗਰੂਰ ਪੁਲਿਸ ਨੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਤੁਹਾਨੂੰ ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਘਰਾਚੋਂ ਦੀ ਅਨਾਜ ਮੰਡੀ ਵਿੱਚ ਇਕੱਠ ਸੱਦਿਆ ਗਿਆ ਸੀ ਤੇ ਇੱਥੋਂ ਹੀ ਚੰਡੀਗੜ੍ਹ ਵੱਲ ਕੂਚ ਕਰਨਾ ਸੀ ਪਰ ਇਸ ਤੋਂ ਪਹਿਲਾਂ ਹੀ ਸੰਗਰੂਰ ਪੁਲਿਸ ਨੇ ਜੋਗਿੰਦਰ ਸਿੰਘ ਉਗਰਾਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਛਾਜਲੀ ਥਾਣੇ ਵਿੱਚ ਲਜਾਇਆ ਗਿਆ ਹੈ। ਜਿੱਥੇ ਵੱਡੀ ਗਿਣਤੀ ਵਿੱਚ ਕਿਸਾਨ ਪਹੁੰਚ ਰਹੇ ਹਨ। ਉਨ੍ਹਾਂ ਵੱਲੋਂ ਮੰਗ ਹੈ ਕਿ ਜੇ ਉਗਰਾਹਾਂ ਨੂੂੰ ਛੇਤੀ ਨਾ ਛੱਡਿਆ ਗਿਆ ਤਾਂ ਵੱਡੇ ਪੱਧਰ ਉੱਤੇ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਪੰਜਾਬ ਸਰਕਾਰ ‘ਤੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਦੇ ਜਮਹੂਰੀ ਅਧਿਕਾਰਾਂ ਨੂੰ ਕੁਚਲਣ ਦਾ ਦੋਸ਼ ਲਗਾਇਆ ਹੈ। ਪੰਧੇਰ ਨੇ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ‘ਤੇ ਦਬਾਅ ਪਾਉਣ ਦੀ ਬਜਾਏ, ਸੀਐਮ ਮਾਨ ਨੂੰ ਕਿਸਾਨ ਸੰਗਠਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਹੱਲ ਲੱਭਣਾ ਚਾਹੀਦਾ ਹੈ। ਕਿਸਾਨ ਆਗੂਆਂ ਨੂੰ ਦਬਾਉਣ ਅਤੇ ਡਰਾਉਣ ਲਈ ਅੱਧੀ ਰਾਤ ਨੂੰ ਘਰਾਂ ਵਿੱਚ ਪੁਲਿਸ ਭੇਜਣਾ ਰਾਜਨੀਤਿਕ ਤੌਰ ‘ਤੇ ਗਲਤ ਅਤੇ ਬਹੁਤ ਹੀ ਮੰਦਭਾਗਾ ਹੈ।