ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਅੱਜ ਪੰਜਾਬ ਭਰ ਦੇ ਵਿੱਚ ਕਿਸਾਨਾਂ ਦੀਆਂ ਮੰਗਾਂ, ਝੋਨੇ ਦੀ ਖਰੀਦ, ਡੀਏਪੀ ਦੀ ਕਮੀ ਅਤੇ ਕਾਲਾ ਬਜ਼ਾਰੀ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਸੇ ਦੇ ਚਲਦੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਫਤਰ ਬਾਹਰ ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਅਕਾਲੀ ਦਲ ਦੇ ਨੇਤਾਵਾਂ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਦੇ ਨਾਲ ਸ਼ਰੇਆਮ ਧੱਕਾਸ਼ਾਹੀ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਕਿਸਾਨਾਂ ਦੀ ਝੋਨੇ ਦੀ ਖਰੀਦ ਵਿੱਚ ਲਗਾਤਾਰ ਲੁੱਟ ਹੋ ਰਹੀ ਹੈ। ਨਾਲ ਹੀ ਡੀਏਪੀ ਦੀ ਕਮੀ ਅਤੇ ਕਾਲਾ ਬਜ਼ਾਰੀ ਨਾਲ ਪੂਰੇ ਪੰਜਾਬ ਦੇ ਕਿਸਾਨ ਜੂਝ ਰਹੇ ਹਨ। ਜਿਸ ਉੱਪਰ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਐਸਡੀਐਮ ਕਨਵਰਦੀਪ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਉਹਨਾਂ ਨੂੰ ਇੱਕ ਮੰਗ ਪੱਤਰ ਪਹੁੰਚਿਆ ਹੈ। ਇਹ ਮੰਗ ਪੱਤਰ ਅੱਗੇ ਸਰਕਾਰ ਤੱਕ ਭੇਜ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਮੰਗ ਪੱਤਰ ਦੇ ਵਿੱਚ ਇਹਨਾਂ ਦੀਆਂ ਮੰਗਾਂ ਨੂੰ ਲੈਕੇ ਜੋ ਮੰਡੀ ਵਿੱਚ ਝੋਨੇ ਦੇ ਖਰੀਦ ਦੇ ਚਲਦੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਅਕਾਲੀ ਦਲ ਸਮਰਥਕਾਂ ਅਤੇ ਮੰਡੀ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਸਰਕਾਰ ਤੇ ਪੰਜਾਬ ਦੇ ਗਵਰਨਰ ਦੇ ਨਾਮ ਮੰਗ ਪੱਤਰ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੈਂਕੜੇ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਖਿਲਾਫ਼ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਅਤੇ ਡੀ.ਸੀ. ਲੁਧਿਆਣਾ ਨੂੰ ਮੰਗ ਪੱਤਰ ਦਿੱਤਾ ਗਿਆ। ਅਕਾਲੀ ਦਲ ਦੇ ਨੇਤਾਵਾਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਸਾਜਿਸ਼ ਦੇ ਤਹਿਤ ਕਿਸਾਨਾਂ ਨੂੰ ਖੱਜਲ ਖੁਆਰ ਕਰ ਰਹੀ ਹੈ।