ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਿਜਲੀ ਦੇ ਮੁੱਦੇ ਤੇ ਘੇਰਿਆ। ਉਹਨਾਂ ਕਿਹਾ ਕਿ ਪੰਜਾਬ ਬਹੁਤ ਵੱਡੇ ਬਿਜਲੀ ਸੰਕਟ ਵਿੱਚੋਂ ਲੰਘ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਲੋਕਾਂ ਨੂੰ ਅਕਸਰ ਹੀ ਗੁੰਮਰਾਹ ਕਰਦੇ ਰਹਿੰਦੇ ਹਨ। ਉਹਨਾਂ ਵਲੋਂ ਬਿਜਲੀ ਸਰਪਲੱਸ ਹੋਣ ਦੇ ਵੱਡੇ ਵੱਡੇ ਦਾਅਵੇ ਕੀਤੇ ਜਾਂਦੇ ਹਨ, ਕਦੇ ਗੋਇੰਦਵਾਲ ਸਾਹਿਬ ਵਾਲਾ ਥਰਮਲ ਪਲਾਂਟ ਖਰੀਦਣ ਦੀ ਗੱਲ, ਪਰ ਇਸ ਦਾ ਸਿੱਟਾ ਕੋਈ ਨਹੀਂ ਨਿਕਲਿਆ। ਮੁੱਖ ਮੰਤਰੀ ਦੇ ਦਾਅਵਿਆਂ ਦੀ ਫੂਕ ਨਿਕਲ ਚੁੱਕੀ ਹੈ। ਪੰਜਾਬ ਦੇ ਕਿਸਾਨਾਂ ਨੂੰ ਮਸਾਂ 5-6 ਘੰਟੇ ਬਿਜਲੀ ਮਿਲਦੀ ਹੈ। ਜਿਸ ਨਾਲ ਖੇਤੀਬਾੜੀ ਉੱਤੇ ਬਹੁਤ ਵੱਡਾ ਸੰਕਟ ਆ ਗਿਆ ਹੈ। ਇਸ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਿੱਧੇ ਤੌਰ ‘ਤੇ ਜਵਾਬਦੇਹ ਹਨ।
ਸਾਬਕਾ ਵਿੱਤ ਮੰਤਰੀ ਢੀਂਡਸਾ ਨੇ ਕਿਹਾ ਕਿ ਦੂਜਿਆਂ ਸੂਬਿਆਂ ਨੂੰ ਬਿਜਲੀ ਦੇਣ ਦਾ ਝੂਠ ਬੋਲਣ ਵਾਲੇ ਮੁੱਖ ਮੰਤਰੀ ਵਲੋਂ ਪੰਜਾਬ ਵਿੱਚ ਵੀ ਬਿਜਲੀ ਪੂਰੀ ਨਹੀਂ ਹੋ ਰਹੀ। ਪੰਜਾਬ ਦਾ ਕਿਸਾਨ ਔੜ ਅਤੇ ਬਿਜਲੀ ਦੀ ਘਾਟ ਦੋਨੋਂ ਤਰ੍ਹਾਂ ਦੀ ਮਾਰ ਝੱਲ ਰਿਹਾ ਹੈ।