ਹਰਿਆਣਾ ਅਤੇ ਜੰਮੂ ਕਸ਼ਮੀਰ ਵਿੱਚ ਚੋਣਾਂ ਦੇ ਨਾਲ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਸੀ, ਪਰ ਚੋਣਾਂ ਦਾ ਐਲਾਨ ਨਾ ਹੋਇਆ, ਫਿਰ ਵੀ ਪੰਜਾਬ ਦੀ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਇਹਨ੍ਹਾਂ ਹਲਕਿਆਂ ਦੀ ਸਿਆਸਤ ਵਿੱਚ ਗਰਮੀ ਲਿਆ ਦਿੱਤੀ।
ਜਿਹਨਾ ਵਿਧਾਨ ਸਭਾ ਹਲਕਿਆਂ ਤੇ ਜ਼ਿਮਨੀ ਚੋਣਾਂ ਹੋਣੀਆਂ ਹਨ, ਉਹਨਾਂ ਵਿਚੋਂ ਇਕ ਸੀਟ ਹੈ ਗਿੱਦੜਬਾਹਾ, ਜੋ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਲੁਧਿਆਣਾ ਤੋਂ ਲੋਕ ਸਭਾ ਦੇ ਮੈਬਰ ਚੁਣੇ ਜਾਣ ਤੋਂ ਬਾਅਦ ਖਾਲੀ ਹੋ ਗਈ ਹੈ। ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਵੀ ਵਿਧਾਨ ਸਭਾ ਹਲਕਾ ਗਿੱਦੜਬਾਹਾ ਵੱਲ ਰੁਖ ਕਰ ਲਿਆ ਹੈ। ਸੁਖਬੀਰ ਬਾਦਲ ਸ਼ਨੀਵਾਰ ਤੋਂ ਗਿੱਦੜਬਾਹਾ ਵਿੱਚ ਹਨ ਅਤੇ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਵਲੋਂ ਉਮੀਦਵਾਰ ਚੋਣ ਲੜ ਸਕਦੇ ਹਨ।ਇਸ ਸੀਟ ਦੇ ਇਤਿਹਾਸ ‘ਤੇ ਨਜ਼ਰ ਮਾਰੀਏ ਤਾਂ ਇਹ ਸੀਟ ਸ਼੍ਰੋਮਣੀ ਅਕਾਲੀ ਦਲ ਦਾ ਗੜ੍ਹ ਰਹੀ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਇਸ ਤੇ ਅਪਣਾ ਦਬਦਬਾ ਕਾਇਮ ਕਰਨ ਦੇ ਰੋਅ ‘ਚ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਵੀ ਸ਼ੁਰੂ ਹੋ ਗਈਆਂ ਹਨ। ਹੁਣ ਤੱਕ ਅਕਾਲੀ ਦਲ ਇੱਥੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਆਪਣਾ ਉਮੀਦਵਾਰ ਮੰਨਦਾ ਆ ਰਿਹਾ ਹੈ, ਪਰ ਇਸ ਦਾ ਰਸਮੀ ਐਲਾਨ ਨਹੀਂ ਕੀਤਾ ਗਿਆ। ਪਰ ਹੁਣ ਜਿਸ ਤਰ੍ਹਾਂ ਸੁਖਬੀਰ ਬਾਦਲ ਪਿਛਲੇ ਦੋ ਦਿਨਾਂ ਤੋਂ ਇੱਥੇ ਸਰਗਰਮ ਹੋਏ ਹਨ, ਉਸ ਤੋਂ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਉਹ ਇਸ ਸੀਟ ਤੋਂ ਚੋਣ ਲੜ ਸਕਦੇ ਹਨ।
ਇਤਿਹਾਸ ਤੇ ਨਜ਼ਰ ਮਾਰੀਏ ਤਾਂ ਸ਼੍ਰੋਮਣੀ ਅਕਾਲੀ ਦਲ ਨੇ 1995 ਵਿੱਚ ਗਿੱਦੜਬਾਹਾ ਉਪ ਚੋਣ ਜਿੱਤਣ ਤੋਂ ਬਾਅਦ 1997 ਵਿੱਚ ਸਰਕਾਰ ਬਣਾਈ ਸੀ। ਸੋ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇੱਥੋਂ ਹੀ ਸ਼ੁਰੂਆਤ ਕਰਨਗੇ। ਸੁਖਬੀਰ ਬਾਦਲ ਨੇ ਆਪਣੇ ਦੋ ਦਿਨਾਂ ਦੇ ਦੌਰੇ ਦੌਰਾਨ ਹੋਈਆਂ ਮੀਟਿੰਗਾਂ ਵਿੱਚ ਉਨ੍ਹਾਂ ਨੇ ਹਾਜ਼ਰ ਲੋਕਾਂ ਨੂੰ ਸੁਣਿਆ, ਜਿਨ੍ਹਾਂ ਨੇ ਪੁਰਾਣੇ ਤਜ਼ਰਬੇ ਅਤੇ ਸਮੱਸਿਆਵਾਂ ਸਾਂਝੀਆਂ ਕੀਤੀਆਂ। ਦਸ ਦੇਈਏ ਕਿ 11 ਵਾਰ ਵਿਧਾਇਕ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਕਾਸ਼ ਸਿੰਘ ਬਾਦਲ ਵੀ ਪੰਜ ਵਾਰ ਇਸੇ ਹਲਕੇ ਤੋਂ ਚੋਣ ਜਿੱਤੇ ਸਨ।