ਪਟਿਆਲਾ, 25 ਅਕਤੂਬਰ: ਪਟਿਆਲਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਲਾਮਬੰਦ ਕਰਨ ਲਈ ’ਸੱਥ ’ਚ ਗੱਲ ਅਤੇ ਹੱਲ’ ਪ੍ਰੋਗਰਾਮ ਸਫਲਤਾਪੂਰਵਕ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਅਧਿਕਾਰੀ ਕਿਸਾਨਾਂ ਕੋਲ ਸਵੇਰ ਤੇ ਸ਼ਾਮ ਸਮੇਂ ਸੱਥਾਂ ’ਚ ਪਹੁੰਚ ਕਰਕੇ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਸਬੰਧੀ ਜਾਣਕਾਰੀ ਦੇ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਅਧਿਕਾਰੀ ਸਵੇਰੇ 7 ਵਜੇ ਤੋਂ ਸਵੇਰੇ 8 ਵਜੇ ਤੱਕ ਅਤੇ ਸ਼ਾਮ 6 ਵਜੇ ਤੋਂ ਸ਼ਾਮ 7 ਵਜੇ ਤੱਕ ਪਿੰਡਾਂ ਦੀਆਂ ਸੱਥਾਂ, ਧਰਮਸ਼ਾਲਾ ਅਤੇ ਸਾਂਝੀਆਂ ਥਾਵਾਂ ਤੇ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਨਾਲ ਹੋਣ ਵਾਲੇ ਨੁਕਸਾਨ ਪ੍ਰੀਤ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਇੰਨ ਸੀਟੂ ਅਤੇ ਐਕਸ ਸੀਟੂ ਦੋਵੇਂ ਤਕਨੀਕਾਂ ਸਬੰਧੀ ਮਾਹਰਾਂ ਵੱਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸੱਥਾਂ ਵਿੱਚ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਵਿਕਸਤ ’ਉੱਨਤ ਕਿਸਾਨ’ ਐਪ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ ਤੇ ਮੌਕੇ ’ਤੇ ਵੀ ਸਬੰਧਤ ਵਿਭਾਗ ਵੱਲੋਂ ਮਸ਼ੀਨਰੀ ਦੀ ਬੁਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ’ਸੱਥ ’ਚ ਗੱਲ ਅਤੇ ਹੱਲ’ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੋਡਲ ਅਫ਼ਸਰ ਲਗਾਇਆ ਗਿਆ ਹੈ।
ਏਡੀਸੀ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੱਥਾਂ ’ਚ ਪਹੁੰਚ ਬਣਾਉਣ ਲਈ ਸ਼ਡਿਊਲ ਤਿਆਰ ਕੀਤਾ ਗਿਆ ਹੈ ਉਸ ਅਨੁਸਾਰ ਅਧਿਕਾਰੀ ਸਵੇਰੇ ਤੇ ਸ਼ਾਮ ਪਿੰਡਾਂ ਵਿੱਚ ਜਾ ਰਹੇ ਹਨ। ਇਸ ਤੋਂ ਇਲਾਵਾ ਪਿੰਡਾਂ ਦੇ ਗੁਰਦੁਆਰਿਆਂ ਅਤੇ ਮੰਦਿਰਾ ਦੇ ਲਾਊਡ ਸਪੀਕਰ ਰਾਹੀਂ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਦੀਆਂ ਪੰਚਾਇਤਾਂ ਨਾਲ ਵੀ ਬੈਠਕਾਂ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਵੀ ਜਾਗਰੂਕਤਾ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ।