ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਹਰਿਆਣਾ ‘ਚ ਭਾਜਪਾ ਦੀ ਜਿੱਤ ‘ਤੇ ਸਖ਼ਤ ਟਿੱਪਣੀ ਕੀਤੀ ਹੈ। ਬੀਬੀ ਬਾਦਲ ਨੇ ਕਿਹਾ ਕਿ ਭਾਜਪਾ ਹਰ ਤਰ੍ਹਾਂ ਦੇ ਹੱਥਕੰਡੇ ਅਪਣਾ ਕੇ ਚੋਣਾਂ ਜਿੱਤਦੀ ਹੈ। ਡੇਰਾ ਸਿਰਸਾ ਮੁਖੀ ਦਾ ਨਾਂ ਲਏ ਬਿਨਾਂ ਉਨ੍ਹਾਂ ਕਿਹਾ ਕਿ 10-10 ਸਾਲ ਦੀ ਸਜ਼ਾ ਕੱਟ ਰਹੇ ਕਤਲ ਦੇ ਦੋਸ਼ੀਆਂ ਨੂੰ ਤੁਰੰਤ ਪੈਰੋਲ ਦਿੱਤੀ ਜਾਂਦੀ ਹੈ ਅਤੇ ਵੋਟਾਂ ਲਈ ਵਰਤਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸੱਚੀ ਜਿੱਤ ਨਹੀਂ ਹੈ।
ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਚਾਇਤੀ ਚੋਣਾਂ ਅਤੇ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਹਰਾ ਕੇ ਕੀਤੀ ਗਈ ਗਲਤੀ ਨੂੰ ਸੁਧਾਰਨ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਇਕੱਠੇ ਹਨ, ਜਦਕਿ ਪੰਜਾਬ ਵਿੱਚ ਉਹ ਲੋਕਾਂ ਨੂੰ ਵੰਡਣ ਲਈ ਵੱਖ ਹੋਣ ਦਾ ਢੌਂਗ ਰਚ ਰਹੇ ਹਨ ਪਰ ਅਸਲ ਵਿੱਚ ਉਹ ਇੱਕ ਹਨ। ਉਨ੍ਹਾਂ ਦਾ ਮਕਸਦ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ।
ਬੀਬੀ ਬਾਦਲ ਅੱਜ ਜ਼ਿਮਨੀ ਚੋਣ ਦੇ ਮੱਦੇਨਜ਼ਰ ਬਰਨਾਲਾ ਵਿਖੇ ਆਏ ਸਨ। ਇਸ ਦੌਰਾਨ ਉਨ੍ਹਾਂ ਬਰਨਾਲਾ ਅਤੇ ਕਸਬਾ ਧਨੌਲਾ ਵਿੱਚ ਵੀ ਕੁਝ ਵਿਅਕਤੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਚਾਇਤੀ ਚੋਣਾਂ ਵਿੱਚ ਆਪਣੀ ਹਾਰ ਦੇ ਮੱਦੇਨਜ਼ਰ ਲੋਕਤੰਤਰ ਦਾ ਅਪਮਾਨ ਕੀਤਾ ਹੈ। ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਹਾਰ ਤੋਂ ਡਰਦਿਆਂ ਸਾਰੀਆਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਅਤੇ ਪਾੜ ਦਿੱਤੇ। ਸ਼੍ਰੋਮਣੀ ਅਕਾਲੀ ਦਲ ਇਸ ਦਾ ਸਖ਼ਤ ਵਿਰੋਧ ਕਰ ਰਿਹਾ ਹੈ। ਇਸ ਧੱਕੇਸ਼ਾਹੀ ਖ਼ਿਲਾਫ਼ ਜਿੱਥੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ, ਉਥੇ ਅਦਾਲਤ ਦਾ ਦਰਵਾਜ਼ਾ ਵੀ ਖੜਕਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।