ਜਦੋਂ ਤੋ ਡੋਨਾਲਡ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਬਣੇ ਹਨ ਉਦੋਂ ਤੋਂ ਉਨ੍ਹਾਂ ਵੱਲੋਂ ਕਈ ਨਵੇਂ ਫਰਮਾਨ ਜਾਰੀ ਕੀਤੇ ਗਏ ਹਨ ਜਿਨ੍ਹਾਂ ਕਰਕੇ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਅਮਰੀਕਾ ਵਿਚ ਪੜ੍ਹਾਈ ਕਰ ਰਹੇ ਭਾਰਤੀ ਵਿਦਿਆਰਥੀਆਂ ਲਈ ਚਿੰਤਾ ਵਧਾਉਣ ਵਾਲੀ ਖਬਰ ਸਾਹਮਣੇ ਆਈ ਹੈ। ਹੁਣੇ ਜਿਹੇ ਅਮਰੀਕੀ ਅਧਿਕਾਰੀਆਂ ਨੇ ਵਿਦਿਆਰਥੀਆਂ ਦੇ F-1 ਵੀਜ਼ੇ ਨੂੰ ਮਾਮੂਲੀ ਅਪਰਾਧਾਂ ਦੇ ਆਧਾਰ ‘ਤੇ ਰੱਦ ਕਰਨਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਵਿਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ, ਡ੍ਰਿੰਕ ਐਂਡ ਡਰਾਈਵ, ਓਵਰ ਸਪੀਡਿੰਗ ਤੇ ਸ਼ਾਪ ਲਿਫਟਿੰਗ ਵਰਗੇ ਅਪਰਾਧ ਸ਼ਾਮਲ ਹਨ। ਹੈਦਰਾਬਾਦ ਨਾਲ ਸਬੰਧਤ ਕਈ ਵਿਦਿਆਰਥੀਆਂ ਨੂੰ ਈ-ਮੇਲ ਰਾਹੀਂ ਦੱਸਿਆ ਕਿ ਉਨ੍ਹਾਂ ਦਾ ਰਿਕਾਰਡ ਖਤਮ ਕਰ ਦਿੱਤਾ ਗਿਆ ਹੈ ਤੇ ਹੁਣ ਉਹ ਅਮਰੀਕਾ ਵਿਚ ਕਾਨੂੰਨੀ ਤੌਰ ਤੋਂ ਨਹੀਂ ਰਹਿ ਸਕਦੇ। ਵਿਦਿਆਰਥੀਆਂ ਨੂੰ ਤੁਰੰਤ ਦੇਸ਼ ਛੱਡਣ ਦਾ ਨਿਰਦੇਸ਼ ਦਿੱਤਾ ਗਿਆ ਹੈ।
ਕਈ ਵਿਦਿਆਰਥੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀਆਂ ਪੁਰਾਣੀਆਂ ਗਲਤੀਆਂ ਨੂੰ ਆਧਾਰ ਬਣਾਇਆ ਜਾ ਰਿਹਾ ਹੈ ਜਿਨ੍ਹਾਂ ਦੀ ਸਾਰੀ ਕਾਨੂੰਨੀ ਕਾਰਵਾਈ ਪੂਰੀ ਹੋ ਚੁੱਕੀ ਹੈ। ਰਿਪੋਰਟ ਮੁਤਾਬਕ ਘੱਟੋ-ਘੱਟ ਤਿੰਨ ਮੁੱਖ ਕਾਲਜਾਂ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਇਸ ਹਫ਼ਤੇ ਸਟੱਡੀ ਵੀਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਦੇਸ਼ ’ਚੋਂ ਕੱਢਣ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ’ਚ ਸਟੈਨਫੋਰਡ ਯੂਨੀਵਰਸਿਟੀ, ਕੈਲੀਫੋਰਨੀਆ ਯੂਨੀਵਰਸਿਟੀ ਅਤੇ ਮੈਸੇਚਿਉਸੇਟਸ ਐਮਹਰਸਟ ਯੂਨੀਵਰਸਿਟੀ ਦੇ ਵਿਦਿਆਰਥੀ ਸ਼ਾਮਲ ਹਨ। ਉਨ੍ਹਾਂ ਨੂੰ ਖੁਦ ਹੀ ਦੇਸ਼ ਛੱਡਣ ਲਈ ਕਿਹਾ ਗਿਆ ਹੈ।