ਅਮਰੀਕਾ ਵਿੱਚ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੱਤਾ ਸੰਭਾਲਣ ਦੇ ਨਾਲ 205 ਭਾਰਤੀ ਜੋ ਗੈਰ-ਕਾਨੂੰਨੀ ਢੰਗ ਨਾਲ ਦੇਸ਼ ਵਿੱਚ ਦਾਖਲ ਹੋਏ ਸਨ ਉਹ ਅੱਜ ਭਾਰਤ ਪਹੁੰਚ ਰਹੇ ਹਨ। ਅਮਰੀਕੀ ਫੌਜ ਦਾ ਜਹਾਜ਼ ਸੀ-17 ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ। ਇਸ ਵਿੱਚ 104 ਲੋਕਾਂ ਦੇ ਹੋਣ ਦੀ ਸੰਭਾਵਨਾ ਹੈ, ਜਿਨ੍ਹਾਂ ਵਿੱਚੋਂ 33 ਹਰਿਆਣਾ ਦੇ ਹਨ। ਇਹ ਉਡਾਣ ਮੰਗਲਵਾਰ ਦੁਪਹਿਰ ਨੂੰ ਸੈਨ ਐਂਟੋਨੀਓ ਤੋਂ ਅੰਮ੍ਰਿਤਸਰ ਹਵਾਈ ਅੱਡੇ ਲਈ ਰਵਾਨਾ ਹੋਈ।
ਜਦੋਂ ਤੋਂ ਫਲਾਈਟ ਨੇ ਅਮਰੀਕਾ ਤੋਂ ਉਡਾਣ ਭਰੀ ਹੈ, ਉਦੋਂ ਤੋਂ ਹੀ ਅੰਮ੍ਰਿਤਸਰ ਹਵਾਈ ਅੱਡੇ ‘ਤੇ ਗਤੀਵਿਧੀਆਂ ਵਧ ਗਈਆਂ ਹਨ। ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਚੱਲ ਰਿਹਾ ਹੈ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਭਾਰਤੀ ਸੁਰੱਖਿਆ ਏਜੰਸੀਆਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।
ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ 205 ਡਿਪੋਰਟ ਕੀਤੇ ਭਾਰਤੀਆਂ ਨੂੰ ਹਿਰਾਸਤ ਵਿੱਚ ਲੈਣ ਲਈ ਅਜੇ ਤੱਕ ਕੋਈ ਹੁਕਮ ਨਹੀਂ ਮਿਲਿਆ ਹੈ ਅਤੇ ਨਾ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਨਜ਼ਰਬੰਦੀ ਕੇਂਦਰ ਸਥਾਪਤ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਅਮਰੀਕਾ ਤੋਂ ਆਉਣ ਵਾਲੇ ਜਹਾਜ਼ ਵਿੱਚ 11 ਚਾਲਕ ਦਲ ਦੇ ਮੈਂਬਰ ਅਤੇ 45 ਅਮਰੀਕੀ ਅਧਿਕਾਰੀ ਵੀ ਹੋਣਗੇ, ਜੋ 205 ਭਾਰਤੀਆਂ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰਨ ਤੋਂ ਬਾਅਦ ਵਾਪਸ ਪਰਤਣਗੇ।
ਅੰਮ੍ਰਿਤਸਰ ਪ੍ਰਸ਼ਾਸਨ ਨਾਲ ਜੁੜੇ ਸੂਤਰਾਂ ਅਨੁਸਾਰ ਅਮਰੀਕੀ ਜਹਾਜ਼ ਵਿੱਚ ਆਉਣ ਵਾਲੇ ਸਾਰੇ ਲੋਕਾਂ ਦੇ ਦਸਤਾਵੇਜ਼ਾਂ ਦੀ ਜਾਂਚ ਅੰਮ੍ਰਿਤਸਰ ਹਵਾਈ ਅੱਡੇ ‘ਤੇ ਕੀਤੀ ਜਾਵੇਗੀ। ਇਮੀਗ੍ਰੇਸ਼ਨ ਤੋਂ ਇਲਾਵਾ ਇਨ੍ਹਾਂ ਲੋਕਾਂ ਦੇ ਪੂਰੇ ਪਿਛੋਕੜ ਖਾਸ ਕਰਕੇ ਉਨ੍ਹਾਂ ਦੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਦਾ ਅਪਰਾਧਿਕ ਰਿਕਾਰਡ ਪਾਇਆ ਜਾਂਦਾ ਹੈ, ਤਾਂ ਉਸਨੂੰ ਹਵਾਈ ਅੱਡੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਪ੍ਰਕਿਰਿਆ ਵਿੱਚ ਪੂਰਾ ਦਿਨ ਲੱਗ ਸਕਦਾ ਹੈ।