ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕਰਨ ਦਾ ਮੁੱਦਾ ਦਿਨੋ-ਦਿਨ ਗੁੰਝਲਦਾਰ ਹੁੰਦਾ ਜਾ ਰਿਹਾ ਹੈ। ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 20ਵੀਂ ਸਦੀ ਦੇ ਮਹਾਨ ਸਿੱਖ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ ਸੀ, ਦੇ ਪੁੱਤਰ ਭਾਈ ਈਸ਼ਰ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਿਹਾ ਕਿ ਜੇਕਰ ਗਿਆਨੀ ਕੁਲਦੀਪ ਸਿੰਘ ਗੜਗੱਜ 6 ਜੂਨ, 1984 ਨੂੰ ਘੱਲੂਘਾਰੇ ਦੀ 41ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਪ੍ਰੋਗਰਾਮ ਦੌਰਾਨ ਸ਼ਹੀਦ ਪਰਿਵਾਰਾਂ ਦਾ ਸਨਮਾਨ ਕਰਦੇ ਹਨ ਤਾਂ ਉਹ ਕਿਸੇ ਵੀ ਹਾਲਤ ਵਿੱਚ ਇਹ ਸਨਮਾਨ ਸਵੀਕਾਰ ਨਹੀਂ ਕਰਨਗੇ।
ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ਼ਹੀਦੀ ਸਮਾਗਮ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਤੋਂ ਰੋਕਿਆ ਜਾਵੇ। ਜੇਕਰ ਗੜਗੱਜ ਉਨ੍ਹਾਂ ਦਾ ਸਨਮਾਨ ਕਰਦੇ ਹਨ ਤਾਂ ਉਹ ਕਿਸੇ ਵੀ ਹਾਲਤ ਵਿੱਚ ਇਹ ਸਨਮਾਨ ਸਵੀਕਾਰ ਨਹੀਂ ਕਰਨਗੇ।