ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਰਾਹਤ ਮਿਲੀ ਹੈ। ਪਾਰਟੀ ਦੇ ਚੋਟੀ ਦੇ ਨੇਤਾ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ 1 ਜੂਨ ਤੱਕ ਅੰਤਰਿਮ ਜ਼ਮਾਨਤ ਮਿਲ ਗਈ ਹੈ। ਈਡੀ ਨੇ ਅਦਾਲਤ ਵਿੱਚ ਅੰਤਰਿਮ ਜ਼ਮਾਨਤ ਦਾ ਵਿਰੋਧ ਕੀਤਾ ਸੀ ਪਰ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਇਹ ਫੈਸਲਾ ਕੇਜਰੀਵਾਲ ਦੇ ਹੱਕ ਵਿੱਚ ਸੁਣਾਉਂਦਿਆਂ ਉਨ੍ਹਾਂ ਨੂੰ ਅੰਤਰਿਮ ਰਾਹਤ ਦਿੱਤੀ ਹੈ।
ਦੱਸ ਦੇਈਏ ਕਿ ਦਿੱਲੀ ਵਿੱਚ 25 ਮਈ ਨੂੰ ਛੇਵੇਂ ਪੜਾਅ ਦੀ ਵੋਟਿੰਗ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਨੂੰ ਜ਼ਮਾਨਤ ਮਿਲਣਾ ਆਮ ਆਦਮੀ ਪਾਰਟੀ ਲਈ ਕਿਸੇ ਵੱਡੀ ਰਾਹਤ ਤੋਂ ਘੱਟ ਨਹੀਂ ਹੈ।
ਜ਼ਮਾਨਤ ਮਿਲਣ ਤੋਂ ਬਾਅਦ ਕੇਜਰੀਵਾਲ ਜੇਲ੍ਹ ਤੋਂ ਰਿਹਾਅ ਹੋਣਗੇ। ਜੇਲ ਤੋਂ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ ਚੋਣ ਪ੍ਰਚਾਰ ਵਿਚ ਹਿੱਸਾ ਲੈ ਸਕਦੇ ਹਨ ਅਤੇ ਪ੍ਰੈਸ ਕਾਨਫਰੰਸ ਕਰ ਸਕਦੇ ਹਨ। ਕੇਜਰੀਵਾਲ ਕਿਉਂਕਿ ਆਮ ਆਦਮੀ ਪਾਰਟੀ ਦਾ ਸਭ ਤੋਂ ਵੱਡਾ ਚਿਹਰਾ ਹਨ, ਇਸ ਲਈ ਉਨ੍ਹਾਂ ਦੀ ਚੋਣ ਮੁਹਿੰਮ ਵਿੱਚ ਪ੍ਰਵੇਸ਼ ਯਕੀਨੀ ਤੌਰ ‘ਤੇ ਨਾ ਸਿਰਫ਼ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਜੋਸ਼ ਭਰੇਗਾ, ਸਗੋਂ ਦਿੱਲੀ ਦੇ ਚੋਣ ਮਾਹੌਲ ਵਿੱਚ ਵੀ ਬਦਲਾਅ ਦੇਖਣ ਨੂੰ ਮਿਲੇਗਾ। ਉਨ੍ਹਾਂ ਦੀ ਪਾਰਟੀ ਨੂੰ ਹੁਲਾਰਾ ਮਿਲੇਗਾ। ਦੱਸ ਦੇਈਏ ਕਿ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਉਹ 1 ਅਪ੍ਰੈਲ ਤੋਂ ਤਿਹਾੜ ਜੇਲ ‘ਚ ਬੰਦ ਹੈ।
ਪਾਰਟੀ ਲਗਾਤਾਰ ਆਪਣੇ ਨੇਤਾ ਕੇਜਰੀਵਾਲ ਲਈ ਸਖ਼ਤ ਮਿਹਨਤ ਕਰ ਰਹੀ ਸੀ, ਪ੍ਰਦਰਸ਼ਨ ਕਰ ਰਹੀ ਸੀ ਅਤੇ ਇਨਸਾਫ਼ ਦੀ ਮੰਗ ਕਰ ਰਹੀ ਸੀ। ਅੱਜ ਜਦੋਂ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ ਤਾਂ ਆਗੂਆਂ ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। 7 ਮਈ ਨੂੰ ਈਡੀ ਨੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਸੁਪਰੀਮ ਕੋਰਟ ‘ਚ ਕਈ ਦਲੀਲਾਂ ਦਿੱਤੀਆਂ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਟਾਲ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਅਸੀਂ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਦੇਵਾਂਗੇ।