ਅਰਵਿੰਦ ਕੇਜਰੀਵਾਲ ਨੇ ਬੀਤੇ ਦਿਨੀਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਦਰਅਸਲ ਅਰਵਿੰਦ ਕੇਜਰੀਵਾਲ ‘ਤੇ ਦਿੱਲੀ ਦੀ ਸ਼ਰਾਬ ਨੀਤੀ ਨੂੰ ਲੈ ਕੇ ਇਲਜ਼ਾਮ ਲੱਗੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਜਾਣਾ ਪਿਆ ਸੀ। ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਆਪਣੇ ਅਸਤੀਫ਼ੇ ਦਾ ਐਲਾਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ, “ਮੈਂ ਇਸ ਦਾਗ਼ ਦੇ ਨਾਲ ਵੀ ਨਹੀਂ ਰਹਿ ਸਕਦਾ’ ਜਦੋਂ ਤੱਕ ਮੈਨੂੰ ਮਾਣਯੋਗ ਅਦਾਲਤ ਬਰੀ ਨਹੀਂ ਕਰ ਦਿੰਦੀ, ਉਦੋਂ ਤੱਕ ਕੁਰਸੀ ‘ਤੇ ਨਹੀਂ ਬੈਠਣਾ ਚਾਹੁੰਦਾ, ਪਰ ਵਕੀਲਾਂ ਨੇ ਕਿਹਾ ਕਿ ਇਹ ਕੇਸ 10-15 ਸਾਲ ਚੱਲੇਗਾ। ਅਸਤੀਫਾ ਦੇਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦੀ ਗੱਲ ਕਹੀ ਸੀ। ਉਦੋਂ ਤੋਂ ਹੀ ਅਰਵਿੰਦ ਕੇਜਰੀਵਾਲ ਲਈ ਨਵਾਂ ਘਰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਸਾਬਕਾ ਮੁੱਖ ਮੰਤਰੀ ਲਈ ਰਿਹਾਇਸ਼ ਲੱਭਣ ਦੀ ਪ੍ਰਕਿਰਿਆ ਦੌਰਾਨ ਆਮ ਆਦਮੀ ਪਾਰਟੀ ਦੇ ਕਈ ਨੇਤਾਵਾਂ, ਕੌਂਸਲਰਾਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੇ ਆਪਣੇ ਘਰਾਂ ਦੀ ਪੇਸ਼ਕਸ਼ ਕੀਤੀ ਸੀ। ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਕੌਂਸਲਰਾਂ ਤੋਂ ਇਲਾਵਾ ਦਿੱਲੀ ਦੇ ਕਈ ਹੋਰ ਲੋਕਾਂ ਨੇ ਵੀ ਅਰਵਿੰਦ ਕੇਜਰੀਵਾਲ ਨੂੰ ਆਪਣੀ ਰਿਹਾਇਸ਼ ਦੀ ਪੇਸ਼ਕਸ਼ ਕੀਤੀ ਸੀ।