ਅੰਮ੍ਰਿਤ ਪਾਲ ਦੇ ਭਰਾ ਹਰਪ੍ਰੀਤ ਸਿੰਘ ਦੀ ਗ੍ਰਿਫਤਾਰੀ ਤੇ ਪਿਤਾ ਤਰਸੇਮ ਸਿੰਘ ਦਾ ਵੱਡਾ ਬਿਆਨ
ਫਿਲੌਰ/ਅੰਮ੍ਰਿਤਸਰ, 12 ਜੁਲਾਈ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਤੇ ਉਸ ਦੇ ਸਾਥੀ ਨੂੰ ਨਸ਼ੀਲੇ ਪਦਾਰਥਾਂ ਸਮੇਤ ਜਲੰਧਰ ਦਿਹਾਤੀ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਕੋਲੋਂ 4 ਗ੍ਰਾਮ ਆਈਸ ਬਰਾਮਦ ਕੀਤੀ ਹੈ ਅਤੇ ਇਸ ਮਾਮਲੇ ਵਿਚ ਉਸਦੇ ਇੱਕ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਫਿਲੌਰ ਦੇ SHO ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਨਸ਼ਿਆ ਦੇ ਖਿਲਾਫ ਸ਼ੱਕੀ ਵਿਅਕਤੀਆਂ ਦੀ ਭਾਲ ਵਿੱਚ ਰੂਟੀਨ ਚੈਕਿੰਗ ਲਈ ਨਾਕਾ ਲਗਾਇਆ ਹੋਇਆ ਸੀ। ਨਾਕੇ ਦੌਰਾਨ ਜਦੋਂ ਮਿਲਟਰੀ ਕੈਂਪ ਦੇ ਸਾਹਮਣੇ ਖੱਬੇ ਪਾਸੇ ਇੱਕ ਕਰੇਟਾ ਕਾਰ ਜੋ ਸ਼ੱਕੀ ਹਾਲਤ ਵਿਚ ਖੜੀ ਸੀ, ਉਸ ਨੂੰ ਚੈੱਕ ਕੀਤਾ ਤਾਂ, ਗੱਡੀ ਵਿਚ ਬੈਠੇ ਦੋ ਨੌਜਵਾਨ ਕੋਈ ਚੀਜ਼ ਦਾ ਖਾਹ ਰਹੇ ਸਨ। ਪੁਲਿਸ ਪਾਰਟੀ ਨੂੰ ਦੇਖ ਇਹਨ੍ਹਾਂ ਸ਼ੱਕੀ ਨੌਜਵਾਨਾਂ ਨੇ ਖਾਣ ਵਾਲੀ ਵਸਤੂ ਨੂੰ ਸੀਟ ਹੇਠਾਂ ਛੁਪਾ ਦਿੱਤੀ। DSP ਸਰਵਨਜੀਤ ਸਿੰਘ ਨੂੰ ਮੌਕੇ ‘ਤੇ ਬੁਲਾਇਆ ਗਿਆ। ਜਿਨ੍ਹਾਂ ਦੀ ਨਿਗਰਾਨੀ ਵਿੱਚ ਗੱਡੀ ਵਿੱਚ ਬੈਠੇ ਨੌਜਵਾਨਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋ 4 ਗ੍ਰਾਮ ਨਸ਼ੀਲਾ ਪਦਾਰਥ ਅਤੇ ਜੇਬ ਵਿਚੋਂ ਲਾਈਟਰ ਤੇ 20 ਰੁਪਏ ਦਾ ਨੋਟ ਬਰਾਮਦ ਹੋਇਆ। ਇਸ ਤੋਂ ਇਲਾਵਾ ਗੱਡੀ ਵਿੱਚੋ ਇੱਕ ਪਰਸ ਮਿਲਿਆ ਜਿਸ ਵਿੱਚ ਸਿਲਵਰ ਪੇਪਰ ਮਿਲਿਆ ਜੋ ਲਿਬੜਿਆ ਹੋਇਆ ਸੀ।
ਐਸਐਚਓ ਸੁਖਦੇਵ ਸਿੰਘ ਫਿਲੌਰ ਨੇ ਦੱਸਿਆ ਕਿ, ਦੋਵੇਂ ਨੌਜਵਾਨਾਂ ਦੀ ਪਹਿਚਾਣ ਹਰਪ੍ਰੀਤ ਸਿੰਘ ਹੈਪੀ ਪੁੱਤਰ ਤਰਸੇਮ ਸਿੰਘ ਜੱਲੂਪੁਰ ਖੇੜਾ ਅਤੇ ਲਵਪ੍ਰੀਤ ਸਿੰਘ ਲਵ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਚੀਮਾ ਵਜੋਂ ਹੋਈ, ਦੋਵਾਂ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਦਿਹਾਤੀ ਪੁਲਸ ਨੇ ਆਈਸ ਡਰੱਗ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਨੂੰ ਲੈ ਕੇ ਹੁਣ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦਾ ਵੀ ਵੱਡਾ ਬਿਆਨ ਸਾਹਮਣੇ ਆਇਆ ਹੈ। ਪੁਲਿਸ ਪਹਿਲਾਂ ਵੀ ਰਾਜਨੀਤਿਕ ਅਤੇ ਡਰੱਗ ਮਾਫੀਆ ਦੇ ਦਬਾਵ ਵਿੱਚ ਕੰਮ ਕਰਦੀ ਰਹੀ ਹੈ ਅਤੇ ਹੁਣ ਵੀ ਪੁਲਿਸ ਅਜਿਹਾ ਹੀ ਕਰ ਰਹੀ ਹੈ। ਉਹਨਾਂ ਕਿਹਾ ਕਿ ਸਾਨੂੰ ਲੱਗਦਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਨਾਮ ਨੂੰ ਬਦਨਾਮ ਕਰਨ ਦੇ ਲਈ ਇਹ ਸਾਰੀ ਸਾਜਿਸ਼ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਬਦਨਾਮ ਕਰਨ ਵਾਸਤੇ ਇਹ ਸਾਜ਼ਿਸ਼ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਖਾਲਸਾ ਦੀ ਹੋਈ ਜਿੱਤ ਸਰਕਾਰ ਨੂੰ ਬਰਦਾਸ਼ਤ ਨਹੀਂ ਹੋ ਰਹੀ। ਇਸ ਲਈ ਪਰਿਵਾਰ ਨੂੰ ਬਦਨਾਮ ਕੀਤਾ ਜਾ ਰਿਹਾ ਹੈ।