ਚੰਡੀਗੜ੍ਹ, 15 ਅਪ੍ਰੈਲ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤਿਹਾੜ ਜੇਲ੍ਹ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਦੁਪਹਿਰ ਬਾਅਦ ਹੋਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਦੀ ਕੇਜਰੀਵਾਲ ਨਾਲ ਮੁਲਾਕਾਤ ਤੈਅ ਹੋਈ ਸੀ ਪਰ ਬਾਅਦ ਵਿਚ ਐਨ ਮੌਕੇ ’ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਣਾਂ ਦਾ ਹਵਾਲਾ ਦੇ ਕੇ ਮੁਲਾਕਾਤ ਰੱਦ ਕਰ ਦਿੱਤੀ ਸੀ। ਦੁਪਹਿਰ ਬਾਅਦ ਹੋਣ ਵਾਲੀ ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਇਸ ਮੀਟਿੰਗ ਵਿੱਚ ਹੀ ਲੋਕ ਸਭਾ ਚੋਣਾਂ ਦੀ ਰਣਨੀਤੀ ਬਣਾਈ ਜਾਣੀ ਹੈ।
ਇਸ ਮੀਟਿੰਗ ਦੌਰਾਨ ਸੁਰੱਖਿਆ ਦੇ ਪ੍ਰਬੰਧ ਕਿਵੇਂ ਕੀਤੇ ਜਾਣਗੇ, ਇਸ ਸਬੰਧੀ ਪੰਜਾਬ ਅਤੇ ਦਿੱਲੀ ਪੁਲਿਸ ਅਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਵਿਚਾਲੇ ਮੀਟਿੰਗ ਹੋਈ ਹੈ। ਇਸ ਸਬੰਧੀ ਸਾਰੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਦੱਸ ਦਈਏ ਕਿ ਸੀਐਮ ਮਾਨ ਅਤੇ ਅਰਵਿੰਦ ਕੇਜਰੀਵਾਲ ਵਿਚਕਾਰ ਇਹ ਮੀਟਿੰਗ ਆਹਮੋ-ਸਾਹਮਣੇ ਨਹੀਂ ਹੋਵੇਗੀ। ਇਹ ਮੀਟਿੰਗ ਗਰਿੱਲ ਦੇ ਹੇਠਾਂ ਹੋਵੇਗੀ। ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਇਸ ‘ਤੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸੀਐਮ ਮਾਨ ਅਪਰਾਧੀ ਨਹੀਂ ਹੈ। ਉਨ੍ਹਾਂ ਨੂੰ ਸਿੱਧੇ ਤੌਰ ‘ਤੇ ਮਿਲਣ ਦੇਣਾ ਚਾਹੀਦਾ ਹੈ।